ਗੁਰੂ ਨਾਨਕ ਪਬਲਿਕ ਸਕੂਲ ਵਿੱਚ ਇਨਾਮ ਵੰਡ ਸਮਾਗਮ
ਖੇਤਰੀ ਪ੍ਰਤੀਨਿਧ
ਲੁਧਿਆਣਾ, 27 ਨਵੰਬਰ
ਇਥੇ ਸਰਾਭਾ ਨਗਰ ਸਥਿਤ ਗੁਰੂ ਨਾਨਕ ਪਬਲਿਕ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸਹਾਇਕ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ ਡਾ. ਹਰਸਿਮਰਤ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਬੰਧਕ ਕਮੇਟੀ ਦੇ ਸਕੱਤਰ ਸੁਰਿੰਦਰ ਸਿੰਘ, ਪ੍ਰਬੰਧਕੀ ਕਮੇਟੀ ਦੀ ਮੈਂਬਰ ਅਮਰਜੀਤ ਕੌਰ ਨੇ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ ਗੁਰਭੇਜ ਸਿੰਘ ਨਾਗੀ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਜੀਵਨ ਵਿੱਚ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕ ਅਤੇ ਮਾਪਿਆਂ ਦੀ ਭੂਮਿਕਾ ਤੋਂ ਜਾਣੂ ਕਰਵਾਇਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਣ ਅਤੇ ਹੋਰ ਧਾਰਮਿਕ ਰਸਮਾਂ ਨਾਲ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਵੈਲਕਮ ਡਾਂਸ ਕੀਤਾ ਗਿਆ। ਸਮਾਗਮ ਦੌਰਾਨ ਡਾ. ਹਰਸਿਮਰਤ ਗਰੇਵਾਲ, ਵਿਸ਼ੇਸ਼ ਮਹਿਮਾਨ ਏਸੀਪੀ ਹਰਜਿੰਦਰ ਸਿੰਘ ਗਿੱਲ ਨੇ ਹੋਰ ਪਤਵੰਤਿਆਂ ਨਾਲ, ਸੂਬਾ ਅਤੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਤੇ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਮਾਗਮ ਦੌਰਾਨ ਅੰਗਰੇਜ਼ੀ ਨਾਟਕ ਵਿੰਗਜ਼ ਆਫ਼ ਵਿਲ, ਸੂਫੀ ਗੀਤ, ਰਾਜਸਥਾਨੀ ਨਾਚ ਅਤੇ ਪੰਜਾਬੀ ਗਿੱਧਾ ਖਿੱਚ ਦਾ ਕੇਂਦਰ ਰਹੇ।