ਪ੍ਰੋ. ਮੋਹਨ ਸਿੰਘ ਯਾਦਗਾਰੀ ਮੇਲੇ ਸਬੰਧੀ ਤਿਆਰੀਆਂ ਸ਼ੁਰੂ
ਸਤਵਿੰਦਰ ਬਸਰਾ
ਲੁਧਿਆਣਾ , 16 ਅਕਤੂਬਰ
ਪ੍ਰੋ. ਮੋਹਨ ਸਿੰਘ ਯਾਦਗਾਰੀ ਫਾਊਂਡੇਸ਼ਨ ਵੱਲੋਂ ਇਸ ਵਰ੍ਹੇ 46ਵਾਂ ਪ੍ਰੋ. ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲਾ ਲੁਧਿਆਣਾ ਦੇ ਡਾ. ਏ ਵੀ ਐੱਮ ਪਬਲਿਕ ਸਕੂਲ ਵਿੱਚ 20 ਅਤੇ 21 ਅਕਤੂਬਰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕੀ ਕਮੇਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਫਾਊਂਂਡੇਸ਼ਨ ਦੇ ਸਰਪ੍ਰਸਤ ਪਰਗਟ ਸਿੰਘ ਗਰੇਵਾਲ, ਪ੍ਰਿਥੀਪਾਲ ਸਿੰਘ ਐੱਸ ਪੀ, ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ, ਪ੍ਰਧਾਨ ਰਾਜੀਵ ਕੁਮਾਰ ਲਵਲੀ ਅਤੇ ਜਗਜਿੰਦਰ ਸਿੰਘ ਗਰੇਵਾਲ ਵੱਲੋਂ ਅੱਜ ਡਾ. ਏ ਵੀ ਐੱਮ ਪਬਲਿਕ ਸਕੂਲ, ਈਸਾ ਨਗਰੀ ਪੁਲੀ ਨੇੜੇ ਸਿਵਲ ਹਸਪਤਾਲ ਲੁਧਿਆਣਾ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ 20 ਅਕਤੂਬਰ ਨੂੰ ਪੰਜਾਬੀ ਭਵਨ ਵਿੱਚ ਸਾਹਿਤਕ ਸੈਮੀਨਾਰ ਅਤੇ ਕਵੀ ਦਰਬਾਰ ਹੋਵੇਗਾ ਜੋ ਪੰਜਾਬੀ ਸਾਹਿਤ ਅਕਾਡਮੀ ਕਰਵਾਏਗੀ। ਸ੍ਰੀ ਧਾਲੀਵਾਲ ਅਤੇ ਸ੍ਰੀ ਲਵਲੀ ਨੇ ਦੱਸਿਆ ਕਿ 21 ਅਕਤੂਬਰ ਨੂੁੰ ਸੱਭਿਆਚਾਰਕ ਪ੍ਰੋਗਰਾਮ ਅਤੇ ਸਨਮਾਨ ਸਮਾਗਮ ਉਕਤ ਸਕੂਲ ਵਿੱਚ ਹੋਵੇਗਾ। ਮੇਲੇ ਦਾ ਉਦਘਾਟਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਕਰਨਗੇ।
ਇਸ ਦਿਨ ਕੇਂਦਰੀ ਮੰਤਰੀ ਰਵਨੀਤ ਬਿੱਟੂ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਐੱਮਪੀ ਅਮਰਿੰਦਰ ਸਿੰਘ ਰਾਜਾਵੜਿੰਗ, ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ, ਡੀਸੀ ਜਤਿੰਦਰ ਜੋਰਵਾਲ ਅਤੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਮੁੱਖ ਮਹਿਮਾਨ ਹੋਣਗੇ ਅਤੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਪੁਰਸਕਾਰ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਸੂਫੀ ਗਾਇਕਾ ਜੋਤੀ ਨੂਰਾਂ ਭੈਣਾਂ, ਮਸ਼ਹੂਰ ਦੋਗਾਣਾ ਗਾਇਕੀ ਦੀਪ ਢਿੱਲੋਂ ਅਤੇ ਜੈਸਮੀਨ, ਓਲੰਪੀਅਨ ਹਰਵੰਤ ਕੌਰ, ਗੀਤਕਾਰ ਅਤੇ ਸ਼ਾਇਰ ਹਰਜਿੰਦਰ ਕੰਗ, ਪਰਵਾਸੀ ਪੰਜਾਬੀ ਨਿਰਮਲ ਸਿੰਘ ਅਮਰੀਕਾ, ਰਾਜ ਝੱਜ ਕੈਨੇਡਾ ਅਤੇ ਸੰਗੀਤ ਨਿਰਦੇਸ਼ਕ ਤੇਜਵੰਤ ਕਿੱਟੂ ਨੂੰ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਸਨਮਾਨ ਸਮਾਗਮ ਤੋਂ ਪਹਿਲਾਂ ਨਵਜੋਤ ਸਿੰਘ ਜਰਗ ਅਤੇ ਸਾਥੀਆਂ ਵੱਲੋਂ ਪੰਜਾਬੀ ਰਵਾਇਤੀ ਗਾਇਕੀ ਪੇਸ਼ ਕੀਤੀ ਜਾਵੇਗੀ ਅਤੇ ਏ ਵੀ ਐੱਮ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ।