ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਪ੍ਰਾਜੈਕਟ ਸ਼ੁਰੂ
ਪੱਤਰ ਪ੍ਰੇਰਕ
ਫਤਿਹਗੜ੍ਹ ਪੰਜਤੂਰ, 9 ਜੂਨ
ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਕੰਮ ਆਰੰਭ ਦਿੱਤਾ ਗਿਆ ਹੈ। ਇੱਥੋਂ ਨਜ਼ਦੀਕੀ ਪਿੰਡ ਭੈਣੀ ਕੋਲ ਦਰਿਆ ਸਤਲੁਜ ਉੱਪਰ ਬਣੇ ਧੁੱਸੀ ‘ਤੇ ਨੋਚ ਲਗਾਉਣ ਵਾਲੇ ਪ੍ਰਾਜੈਕਟ ਦਾ ਅੱਜ ਹਲਕਾ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਢੋਸ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ। ਇਸ ਪ੍ਰਾਜੈਕਟ ਉੱਪਰ 18 ਲੱਖ ਰੁਪਏ ਦੀ ਰਕਮ ਸਰਕਾਰ ਵੱਲੋਂ ਖ਼ਰਚ ਕੀਤੀ ਜਾਵੇਗੀ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਬੰਨ੍ਹ ਖੁਰਨ ਦਾ ਖ਼ਤਰਾ ਕਾਫ਼ੀ ਹੱਦ ਤੱਕ ਘਟ ਜਾਵੇਗਾ।
ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਨੇ ਕਿਹਾ ਕੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਈ ਵਰ੍ਹਿਆਂ ਤੋਂ ਵਿਕਾਸ ਕਾਰਜਾਂ ਤੋਂ ਵਾਂਝੇ ਚੱਲੇ ਆ ਰਹੇ ਹਲਕੇ ਦੇ ਪਿੰਡਾਂ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਆਰੰਭ ਕੀਤੇ ਗਏ ਹਨ। ਉਨ੍ਹਾਂ ਕਿਹਾ ਕੇ ਹਲਕੇ ਅੰਦਰ ਸਿਹਤ ਅਤੇ ਸਿੱਖਿਆ ਸਣੇ ਸਾਰੇ ਬੁਨਿਆਦੀ ਢਾਂਚੇ ਨੂੰ ਆਉਂਦੇ ਪੰਜ ਸਾਲਾਂ ਦੌਰਾਨ ਵਿਕਸਤ ਕਰ ਦਿੱਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਸਰਕਾਰ ਵੱਲੋਂ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਰੰਭ ਕੀਤੀ ਗਈ ਹੈ।
ਇਸ ਮੌਕੇ ਵਿਧਾਇਕ ਵੱਲੋਂ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੀਤਾ।