ਵਾਅਦਾ ਮੁਆਫ਼ ਗਵਾਹ ਬਣੇ ਸਾਬਕਾ ਪੁਲੀਸ ਅਧਿਕਾਰੀ 20 ਅਗਸਤ ਨੂੰ ਸੁਮੇਧ ਸੈਣੀ ਖ਼ਿਲਾਫ਼ ਕਰਵਾਉਣਗੇ ਬਿਆਨ ਕਲਮਬੰਦ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 19 ਅਗਸਤ
ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਦੋ ਸਾਬਕਾ ਇੰਸਪੈਕਟਰਾਂ ਦੇ ਵਾਅਦਾ ਮੁਆਫ਼ ਗਵਾਹ ਬਣਨ ਨਾਲ ਸਾਬਕਾ ਡੀਜੀਪੀ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਭਲਕੇ 20 ਅਗਸਤ ਨੂੰ ਮੁਹਾਲੀ ਦੇ ਜੁਡੀਸ਼ਲ ਮੈਜਿਸਟਰੇਟ ਅਮਿਤ ਬਖ਼ਸ਼ੀ ਦੀ ਅਦਾਲਤ ਵਿੱਚ ਧਾਰਾ 164 ਦੇ ਤਹਿਤ ਬਿਆਨ ਕਲਮਬੰਦ ਕਰਵਾਉਣਗੇ। ਕੱਲ੍ਹ ਇਨ੍ਹਾਂ ਦੋਵਾਂ ਨੇ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਦੀਪਿਕਾ ਸਿੰਘ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 306 ਦੇ ਤਹਿਤ ਲਿਖਤੀ ਬਿਆਨ ਦੇ ਕੇ ਵਾਅਦਾ ਮੁਆਫ਼ ਗਵਾਹ ਬਣਨ ਦੀ ਇੱਛਾ ਪ੍ਰਗਟਾਈ ਸੀ। ਅਦਾਲਤ ਨੇ ਸਾਬਕਾ ਪੁਲੀਸ ਅਫ਼ਸਰਾਂ ਦੀ ਇਹ ਬੇਨਤੀ ਮਨਜ਼ੂਰ ਕਰ ਲਈ ਸੀ। ਉਧਰ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਨੇ ਸੈਣੀ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਹਰਸਹਾਏ ਸ਼ਰਮਾ ਦੀ ਜ਼ਮਾਨਤ ਦੀ ਅਰਜ਼ੀ ਬਾਰੇ ਫੈਸਲਾ ਲੈਣ ਸਬੰਧੀ ਕੇਸ ਜ਼ਿਲ੍ਹਾ ਸੈਸ਼ਨ ਜੱਜ ਆਰਐੱਸ ਰਾਏ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਮੁਲਜ਼ਮ ਦੀ ਜ਼ਮਾਨਤ ਬਾਰੇ 24 ਅਗਸਤ ਨੂੰ ਸੁਣਵਾਈ ਹੋਵੇਗੀ।