ਪੰਜਾਬ ਸਰਕਾਰ ਵੱਲੋਂ 10 ਸੀਡੀਪੀਓਜ਼ ਨੂੰ ਡੀਪੀਓਜ਼ ਵਜੋਂ ਤਰੱਕੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਗਸਤ
ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਲਟਕੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰਾਜੈਕਟ ਅਫਸਰਾਂ (ਸੀਡੀਪੀਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀਪੀਓਜ਼) ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੀਡੀਪੀਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੱਤੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ।