For the best experience, open
https://m.punjabitribuneonline.com
on your mobile browser.
Advertisement

ਵੋਟਾਂ ਦੀ ਗਿਣਤੀ ਲਈ ਪੁਖ਼ਤਾ ਬੰਦੋਬਸਤ

08:34 AM Jun 04, 2024 IST
ਵੋਟਾਂ ਦੀ ਗਿਣਤੀ ਲਈ ਪੁਖ਼ਤਾ ਬੰਦੋਬਸਤ
ਜਲੰਧਰ ’ਚ ਇੱਕ ਸਟਰੌਂਗ ਰੂਮ ਅੱਗੇ ਤਾਇਨਾਤ ਸੁਰੱਖਿਆ ਜਵਾਨ। -ਫੋਟੋ: ਮਲਕੀਤ ਸਿੰਘ
Advertisement

ਪਾਲ ਸਿੰਘ ਨੌਲੀ
ਜਲੰਧਰ, 3 ਜੂਨ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ, ਸਟੇਟ ਪਟਵਾਰ ਸਕੂਲ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡ ਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ’ਚ ਸਥਾਪਤ ਕੀਤੇ ਗਏ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ, ਜਿਥੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਸਪੋਰਟਸ ਕਾਲਜ ਦੇ ਨਾਲ ਲੱਗਦੀ ਬਿਲਡਿੰਗ ਵਿੱਚ ਗਿਣਤੀ ਕਰਨ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਗਿਣਤੀ ਕੇਂਦਰ ਦੇ ਸਾਹਮਣੇ ਵਾਲੀ ਸੜਕ ਸੀਲ ਕਰ ਦਿੱਤੀ ਜਾਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਡੀਸੀ ਨੇ ਸਾਰੇ 9 ਗਿਣਤੀ ਕੇਂਦਰਾਂ ਦਾ ਦੌਰਾ ਕਰਦਿਆਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਤੇ ਵੋਟਾਂ ਦੀ ਗਿਣਤੀ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਈ.ਵੀ.ਐਮ ਅਤੇ ਵੀਵੀ ਪੈਟ ਮਸ਼ੀਨਾਂ ਲਗਾਤਾਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹਨ ਤੇ ਪੁਲੀਸ, ਪੰਜਾਬ ਆਰਮਡ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਵੱਲੋਂ ਵੋਟਿੰਗ ਮਸ਼ੀਨਾਂ ਨੂੰ ਤਿੰਨ-ਪਰਤੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।

Advertisement

ਅੰਮ੍ਰਿਤਸਰ ਲੋਕ ਸਭਾ ਹਲਕੇ ’ਚ 800 ਤੋਂ ਵੱਧ ਕਰਮਚਾਰੀ ਕਰਨਗੇ ਵੋਟਾਂ ਦੀ ਗਿਣਤੀ

ਅੰਮ੍ਰਿਤਸਰ ’ਚ ਅਧਿਕਾਰੀਆਂ ਨੂੰ ਹਦਾਇਤਾਂ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ।

ਅੰਮ੍ਰਿਤਸਰ (ਟਨਸ): ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਗਿਣਤੀ ਕੇਂਦਰਾਂ ’ਤੇ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਵੇਗਾ। ਵੋਟਾਂ ਦੀ ਗਿਣਤੀ ਲਈ ਲਗਪਗ 850 ਕਰਮਚਾਰੀਆਂ ਦੀ ਡਿਊਟੀ ਲਾਈ ਗਈ ਹੈ ਤੇ ਗਿਣਤੀ ਕੇਂਦਰਾਂ ਦੇ ਬਾਹਰ 3 ਪਰਤੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਲੋਕ ਸਭਾ ਹਲਕੇ ਵਾਸਤੇ ਲਗਪਗ 30 ਉਮੀਦਵਾਰ ਮੈਦਾਨ ਵਿੱਚ ਹਨ । ਜ਼ਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਫਿਰ ਮਸ਼ੀਨਾਂ ਖੋਲ੍ਹੀਆਂ ਜਾਣਗੀਆਂ। ਵੱਖ-ਵੱਖ ਗਿਣਤੀ ਕੇਂਦਰਾਂ ਦਾ ਦੌਰਾ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਹਰੇਕ ਗਿਣਤੀ ਕੇਂਦਰ ਤੇ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ, ਜੋ ਆਪਣੀ ਦੇਖ ਰੇਖ ਹੇਠ ਵੋਟਾਂ ਦੀ ਗਿਣਤੀ ਕਰਵਾਉਣਗੇ। ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਸਤੇ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, ਬੀਬੀਕੇਡੀਏਵੀ ਕਾਲਜ ਅੰਮ੍ਰਿਤਸਰ, ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, ਮਾਈ ਭਾਗੋ ਸਰਕਾਰੀ ਪੌਲੀਟੈਕਨੀਕਲ ਕਾਲਜ ਮਜੀਠਾ ਰੋਡ, ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪੌਲੀਟੈਕਨੀਕਲ ਕਾਲਜ ਮਜੀਠਾ ਰੋਡ, ਸਰਕਾਰੀ ਆਈ:ਟੀ:ਆਈ ਬੀ ਬਲਾਕ ਰਣਜੀਤ ਐਵੀਨਿਊ, ਸਰਕਾਰੀ ਪੌਲੀਟੈਕਨੀਕਲ ਕਾਲਜ ਛੇਹਰਟਾ, ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ, ਸਰਕਾਰੀ ਕਾਲਜ ਅਜਨਾਲਾ ਵਿਖੇ ਹੋਵੇਗੀ। ਇਸੇ ਤਰਾਂ ਜੰਡਿਆਲਾ ਹਲਕੇ ਦੀਆ ਵੋਟਾਂ ਦੀ ਗਿਣਤੀ ਕਾਮਨ ਰੂਮ ਮੈੱਸ ਸੀਨੀਅਰ ਸੈਕੰਡਰੀ ਰੈਜੀਡੈਸ਼ੀਅਲ ਸਕੂਲ ਫਾਰ ਮੈਟੋਰੀਅਤ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਹਲਕੇ ਦੀਆ ਵੋਟਾਂ ਦੀ ਗਿਣਤੀ ਬੇਸਮੈਂਟ ਹਾਲ ਸ੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਹੋਵੇਗੀ।

Advertisement

ਹਲਕਾ ਖਡੂਰ ਸਾਹਿਬ: ਚਾਰ ਜ਼ਿਲ੍ਹਿਆਂ ’ਚ ਬਣੇ ਕੇਂਦਰਾਂ ’ਤੇ ਹੋਵੇਗੀ ਵੋਟਾਂ ਦੀ ਗਿਣਤੀ

ਤਰਨ ਤਾਰਨ (ਪੱਤਰ ਪ੍ਰੇਰਕ): ਪ੍ਰਸ਼ਾਸ਼ਨ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਵੋਟਾਂ ਦੀ ਮੰਗਲਵਾਰ 4 ਜੂਨ ਨੂੰ ਗਿਣਤੀ ਕਰਨ ਦੇ ਸਾਰੇ ਪ੍ਰਬੰਧ ਕਰ ਲਏ ਹਨ| ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਰਿਟਰਨਿੰਗ ਅਧਿਕਾਰੀ ਸੰਦੀਪ ਕੁਮਾਰ ਨੇ ਅੱਜ ਇਥੇ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਖਡੂਰ ਸਾਹਿਬ ਦੀ ਗਿਣਤੀ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ, ਪਿੱਦੀ ਅਤੇ ਹਲਕਾ ਖੇਮਕਰਨ ਅਤੇ ਪੱਟੀ ਦੀ ਗਿਣਤੀ ਲੈਕਚਰ ਹਾਲ, ਮਾਈ ਭਾਗੋ ਕਾਲਜ ਆਫ ਨਰਸਿੰਗ, ਪਿੱਦੀ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਰੈਜ਼ੀਡੇਂਟਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ, ਵਿਧਾਨ ਸਭਾ ਬਾਬਾ ਬਕਾਲਾ ਦੀ ਗਿਣਤੀ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿਖੇ ਹੋਵੇਗੀ। ਅਧਿਕਾਰੀ ਨੇ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਦੀ ਗਿਣਤੀ ਵਿਰਸਾ ਵਿਹਾਰ ਕਪੂਰਥਲਾ ਵਿਖੇ ਹੋਵੇਗੀ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਜ਼ੀਰਾ ਦੀ ਗਿਣਤੀ ਪੰਜਾਬ ਯੂਨੀਵਰਸਿਟੀ ਕਾਲਜ, ਮੋਹਕਮ ਸਿੰਘ ਵਾਲਾ, ਜ਼ੀਰਾ ਰੋਡ ਫਿਰੋਜ਼ਪੁਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸੈਂਟਰਾਂ ਤੇ ਵੋਟਾਂ ਦੀ ਗਿਣਤੀ ਨੂੰ ਲੈ ਕੇ ਸਾਰੇ ਪ੍ਰਬੰਧ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਕੀਤੇ ਜਾ ਚੁੱਕੇ ਹਨ। ਹਲਕਾ ਖਡੂਰ ਸਾਹਿਬ ’ਚ ਚਾਰ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ ਅਤੇ ਫਿਰੋਜ਼ਪੁਰ ਆਉਂਦੇ ਹਨ, ਇਸ ਲਈ ਇਸ ਹਲਕੇ ਵਿੱਚ ਪਈਆਂ ਵੋਟਾਂ ਦੀ ਗਿਣਤੀ ਚਾਰੋਂ ਜ਼ਿਲ੍ਹਿਆਂ ਵਿੱਚ ਬਣੇ ਗਿਣਤੀ ਕੇਂਦਰਾਂ ’ਤੇ ਹੋਵੇਗੀ।

ਗਿਣਤੀ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ

ਪਠਾਨਕੋਟ (ਐੱਨਪੀ ਧਵਨ): ਜ਼ਿਲ੍ਹਾ ਪਠਾਨਕੋਟ ਵਿੱਚ ਵੋਟਾਂ ਦੀ ਗਿਣਤੀ ਲਈ ਐੱਸਡੀ ਕਾਲਜ ਵਿੱਚ ਬਣਾਏ ਗਏ ਗਿਣਤੀ ਕੇਂਦਰਾਂ ਦਾ ਅਬਜ਼ਰਬਰ ਨਿਵੇਦਤਾ ਲਛਕਰ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐਸਐਸਪੀ ਸੁਹੇਲ ਕਾਸਿਮ ਮੀਰ ਹਾਜ਼ਰ ਸਨ। ਅਬਜ਼ਰਬਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੂਰੀ ਪਾਰਦਰਸ਼ਤਾ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਗਿਣਤੀ ਕੇਂਦਰ ਦੇ ਨਾਲ ਹੀ ਇੱਕ ਮੀਡੀਆ ਸੈਂਟਰ ਵੀ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਠਾਨਕੋਟ ਵਿਖੇ 3 ਵਿਧਾਨ ਸਭਾ ਹਲਕਿਆਂ ਪਠਾਨਕੋਟ, ਸੁਜਾਨਪੁਰ ਅਤੇ ਭੋਆ ਦੀ ਗਿਣਤੀ ਕੀਤੀ ਜਾਵੇਗੀ।

Advertisement
Author Image

Advertisement