ਮੱਕੀ ਦਾ ਕੀੜੇ-ਮਕੌੜਿਆਂ ਤੋਂ ਬਚਾਅ
ਜਵਾਲਾ ਜਿੰਦਲ/ ਰਾਕੇਸ਼ ਕੁਮਾਰ ਸ਼ਰਮਾ
ਪੰਜਾਬ ਵਿੱਚ ਕਣਕ ਅਤੇ ਝੋਨੇ ਦੇ ਬਾਅਦ ਮੱਕੀ ਤੀਸਰੀ ਸਭ ਤੋਂ ਮਹਤਵਪੂਰਨ ਫ਼ਸਲ ਹੈ। ਬਹਾਰ ਰੁੱਤ ਮੱਕੀ ’ਤੇ ਵੱਖ-ਵੱਖ ਸਮੇਂ ’ਤੇ ਕਈ ਤਰ੍ਹਾਂ ਦੇ ਕੀੜੇ-ਮਕੌੜੇ ਹਮਲਾ ਕਰਦੇ ਹਨ ਜਿਸ ਕਰਕੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੁੰਦਾ ਹੈ। ਕੀੜੇ-ਮਕੌੜਿਆਂ ਦੀ ਸਰਵਪੱਖੀ ਰੋਕਥਾਮ ਕਰਕੇ ਮੱਕੀ ਦਾ ਝਾੜ ਅਤੇ ਕੁਆਲਿਟੀ ਵਧਾ ਸਕਦੇ ਹਾਂ।
ਕੀੜੇ-ਮਕੌੜੇ
ਮੱਕੀ ਦੀ ਸ਼ਾਖ ਦੀ ਮੱਖੀ: ਇਹ ਬਹਾਰ ਰੁੱਤ ਦੀ ਮੱਕੀ ਦਾ ਬਹੁਤ ਨੁਕਸਾਨ ਕਰਦੀ ਹੈ। ਇਹ ਮੱਖੀ ਬਹੁਤ ਛੋਟੀ ਉਮਰ (3-7 ਦਿਨ) ਦੇ ਬੂਟਿਆਂ ’ਤੇ ਹਮਲਾ ਕਰਦੀ ਹੈ, ਜਿਸ ਨਾਲ ਬੂਟੇ ਬੇਢਵੇ ਅਤੇ ਝੁਰੜ-ਮੁਰੜ ਜਿਹੇ ਹੋ ਜਾਂਦੇ ਹਨ। ਪੱਤਿਆਂ ’ਤੇ ਮੋਰੀਆਂ ਹੋ ਜਾਂਦੀਆਂ ਹਨ ਅਤੇ ਬੂਟਿਆਂ ਦੀਆਂ ਗੋਭਾਂ ਸੁੱਕ ਜਾਂਦੀਆਂ ਹਨ। ਸ਼ਾਖ ਦੀ ਮੱਖੀ ਦੀ ਰੋਕਥਾਮ ਲਈ ਪ੍ਰਤੀ ਕਿਲੋ ਬੀਜ ਨੂੰ 6 ਮਿਲੀਲਿਟਰ ਗਾਚੋ 600 ਐੱਫ ਐੱਸ (ਇਮਿਡਾਕਲੋਪਰਿਡ) ਦੇ ਹਿਸਾਬ ਨਾਲ ਸੋਧ ਲਓ ਅਤੇ ਸੋਧੇ ਹੋਏ ਬੀਜ ਨੂੰ 14 ਦਿਨਾਂ ਦੇ ਅੰਦਰ-ਅੰਦਰ ਬੀਜ ਦਿਓ। ਜੇਕਰ ਬੀਜ ਦੀ ਸੋਧ ਨਾ ਹੋ ਸਕੇ ਤਾਂ 5 ਕਿਲੋ ਫਿਊਰਾਡਨ 3 ਜੀ (ਕਾਰਬੋਫਿਊਰਾਨ) ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਵੇਲੇ ਸਿਆੜਾਂ ਵਿੱਚ ਪਾਓ।
ਸੈਨਿਕ ਸੁੰਡੀ ਤੇ ਛੱਲੀਆਂ ਦਾ ਸੂਤਕੁਤਰੂ : ਸੈਨਿਕ ਸੁੰਡੀ ਗੋਭ ਦੇ ਨਰਮ ਪੱਤੇ ਖਾਂਦੀ ਹੈ ਜਾਂ ਸਾਰਾ ਪੱਤਾ ਵਿਚਕਾਰਲੀ ਨਾੜ ਸਣੇ ਖਾ ਜਾਂਦੀ ਹੈ। ਗੋਭ ਦੇ ਪੱਤੇ ਉੱਪਰ ਪਈਆਂ ਛੋਟੀਆਂ-ਛੋਟੀਆਂ ਵਿੱਠਾਂ ਤੋਂ ਇਸ ਕੀੜੇ ਦੇ ਹਮਲੇ ਦਾ ਪਤਾ ਲੱਗਦਾ ਹੈ। ਇਸ ਦਾ ਹਮਲਾ ਮਾਰਚ ਵਿੱਚ ਖੇਤ ਦੀਆਂ ਬਾਹਰਲੀਆਂ ਕਤਾਰਾਂ ਜੋ ਕਿ ਕਣਕ ਦੇ ਖੇਤਾਂ ਨਾਲ ਲੱਗਦੀਆਂ ਹੋਣ, ਉਤੇ ਵਧੇਰੇ ਹੁੰਦਾ ਹੈ। ਸੂਤ ਕੁਤਰਣ ਵਾਲੀ ਸੁੰਡੀ ਛੱਲੀ ਦੇ ਵਾਲਾਂ ਨੂੰ ਖਾਂਦੀ ਹੈ ਅਤੇ ਬਾਅਦ ਵਿੱਚ ਕਈ ਵਾਰ ਛੱਲੀਆਂ ਅੰਦਰ ਪੱਕ ਰਹੇ ਦਾਣਿਆਂ ਦਾ ਨੁਕਸਾਨ ਕਰ ਸਕਦੀ ਹੈ। ਸਮੇਂ ਸਿਰ ਬੀਜੀ ਬਹਾਰ ਰੁੱਤ ਦੀ ਫ਼ਸਲ ’ਤੇ ਇਸ ਦਾ ਹਮਲਾ ਘੱਟ ਹੁੰਦਾ ਹੈ। ਹਮਲਾ ਦਿਖਾਈ ਦੇਣ ’ਤੇ ਸੁੰਡੀਆਂ ਨੂੰ ਇਕੱਠੇ ਕਰ ਕੇ ਨਸ਼ਟ ਕਰ ਦਿਓ।
ਫਾਲ ਆਰਮੀਵਰਮ: ਇਹ ਕੀੜਾ ਆਮ ਤੌਰ ’ਤੇ ਸਾਉਣੀ ਰੁੱਤ ਦੀ ਮੱਕੀ ’ਤੇ ਜ਼ਿਆਦਾ ਨੁਕਸਾਨ ਕਰਦਾ ਹੈ, ਪਰ ਪਛੇਤੀ ਬੀਜੀ ਬਹਾਰ ਰੁੱਤ ਦੀ ਫ਼ਸਲ ’ਤੇ ਵੀ ਇਸ ਦਾ ਹਮਲਾ ਦਿਖਾਈ ਦਿੰਦਾ ਹੈ। ਇਸ ਕੀੜੇ ਦੀਆਂ ਛੋਟੀਆਂ ਸੁੰਡੀਆਂ ਪੱਤਿਆਂ ਨੂੰ ਖੁਰਚ ਕੇ ਖਾਂਦੀਆਂ ਹਨ। ਵੱਡੀਆਂ ਸੁੰਡੀਆਂ ਗੋਭ ਦੇ ਪੱਤੇ ਵਿੱਚ ਗੋਲ ਤੋਂ ਅੰਡਾਕਾਰ ਮੋਰੀਆਂ ਬਣਾਉਂਦੀਆਂ ਹਨ। ਸੁੰਡੀਆਂ ਗੋਭ ਨੂੰ ਲਗਭਗ ਪੂਰੀ ਤਰ੍ਹਾਂ ਖਾ ਕੇ ਭਾਰੀ ਮਾਤਰਾ ਵਿੱਚ ਵਿੱਠਾਂ ਕਰਦੀਆਂ ਹਨ। ਇਸ ਸੁੰਡੀ ਦੀ ਪਛਾਣ ਇਸ ਦੇ ਸਿਰ ਵਾਲੇ ਪਾਸੇ ਚਿੱਟੇ ਰੰਗ ਦੇ ਅੰਗਰੇਜ਼ੀ ਦੇ ਅੱਖਰ ‘Y’ ਦੇ ਉਲਟੇ ਨਿਸ਼ਾਨ ਅਤੇ ਪਿਛਲੇ ਸਿਰੇ ਦੇ ਲਾਗੇ ਚੌਰਸਾਕਾਰ ਚਾਰ ਬਿੰਦੂਆਂ ਤੋਂ ਹੁੰਦੀ ਹੈ।
ਰੋਕਥਾਮ: ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਸਿਫਾਰਸ਼ ਅਨੁਸਾਰ 15 ਫਰਵਰੀ ਤੱਕ ਹੀ ਕਰੋ। ਨਾਲ ਲੱਗਦੇ ਖੇਤਾਂ ਵਿੱਚ ਮੱਕੀ ਦੀ ਬਿਜਾਈ ਥੋੜ੍ਹੇ-ਥੋੜ੍ਹੇ ਵਕਫ਼ੇ ’ਤੇ ਨਾ ਕਰੋ ਤਾਂ ਜੋ ਕੀੜੇ ਦਾ ਫੈਲਾਅ ਘਟਾਇਆ ਜਾ ਸਕੇ।
ਕੀੜੇ ਦਾ ਹਮਲਾ ਹੋਣ ’ਤੇ ਰੋਕਥਾਮ ਲਈ 0.4 ਮਿਲੀਲਿਟਰ ਕੋਰਾਜਨ 18.5 ਐੱਸ ਸੀ (ਕਲੋਰਐਂਟਰਾਨਿਲੀਪਰੋਲ*) ਜਾਂ 0.5 ਮਿਲੀਲਿਟਰ ਡੈਲੀਗੇਟ 11.7 ਐੱਸ ਸੀ (ਸਪਾਈਨਟੋਰਮ) ਜਾਂ 0.4 ਗ੍ਰਾਮ ਮਿਜ਼ਾਈਲ 5 ਐੱਸ ਜੀ (ਐਮਾਮੈਕਟਿਨ ਬੈਂਜ਼ੋਏਟ) ਪ੍ਰਤੀ ਲਿਟਰ ਪਾਣੀ ’ਚ ਘੋਲ ਕੇ ਛਿੜਕਾਅ ਕਰੋ। 20 ਦਿਨਾਂ ਤੱਕ ਦੀ ਫ਼ਸਲ ਲਈ 120 ਲਿਟਰ ਪਾਣੀ ਪ੍ਰਤੀ ਏਕੜ ਵਰਤੋ। ਇਸ ਤੋਂ ਬਾਅਦ ਫ਼ਸਲ ਦੇ ਵਾਧੇ ਅਨੁਸਾਰ ਪਾਣੀ ਦੀ ਮਾਤਰਾ 200 ਲਿਟਰ ਪ੍ਰਤੀ ਏਕੜ ਤੱਕ ਵਧਾਓ, ਪਰ ਧਿਆਨ ਰੱਖੋ ਕਿ ਪਾਣੀ ਦੇ ਨਾਲ-ਨਾਲ ਉੱਪਰ ਦੱਸੇ ਕੀਟਨਾਸ਼ਕਾਂ ਦੀ ਮਾਤਰਾ ਵੀ ਉਸੇ ਅਨੁਪਾਤ ਵਿੱਚ ਵਧਾਓ। ਕੀੜੇ ਦੀ ਕਾਰਗਰ ਰੋਕਥਾਮ ਲਈ ਛਿੜਕਾਅ ਮੱਕੀ ਦੀ ਗੋਭ ਵੱਲ ਨੂੰ ਕਰੋ। ਜੇ ਹਮਲਾ ਧੌੜੀਆਂ ਵਿੱਚ ਹੋਵੇ ਜਾਂ ਫ਼ਸਲ 40 ਦਿਨਾਂ ਤੋਂ ਵੱਡੀ ਹੋਵੇ ਅਤੇ ਛਿੜਕਾਅ ਵਿੱਚ ਮੁਸ਼ਕਲ ਹੋਵੇ ਤਾਂ ਮਿੱਟੀ ਅਤੇ ਕੀਟਨਾਸ਼ਕ ਦੇ ਮਿਸ਼ਰਣ (ਲਗਭਗ ਅੱਧਾ ਗ੍ਰਾਮ) ਨੂੰ ਹਮਲੇ ਵਾਲੀਆਂ ਗੋਭਾਂ ਵਿੱਚ ਪਾ ਕੇ ਫਾਲ ਆਰਮੀਵਰਮ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਮਿਸ਼ਰਣ ਬਣਾਉਣ ਲਈ 5 ਮਿਲੀਲਿਟਰ ਕੋਰਾਜਨ 18.5 ਐੱਸ ਸੀ (ਕਲੋਰਐਂਟਰਾਨਿਲੀਪਰੋਲ) ਜਾਂ ਡੈਲੀਗੇਟ 11.7 ਐੱਸ ਸੀ (ਸਪਾਈਨਟੋਰਮ) ਜਾਂ 5 ਗ੍ਰਾਮ ਮਜ਼ਾਈਲ 5 ਐੱਸ ਜੀ (ਐਮਾਮੈਕਿਟਨ ਬੈਂਜ਼ੋਏਟ) ਜਾਂ 25 ਗ੍ਰਾਮ ਡੇਲਫਿਨ ਡਬਲਯੂ ਜੀ (ਬੈਸੀਲਸ ਥੁਰੀਨਜਿਐਨਸਿਸ ਕੁਰਸਟਾਕੀ) ਜਾਂ 25 ਮਿਲੀਲਿਟਰ ਡਾਈਪਲ 8 ਐੱਲ (ਬੈਸੀਲਸ ਥੁਰੀਨਜਿਐਨਸਿਸ ਕੁਰਸਟਾਕੀ) ਨੂੰ 10 ਮਿਲੀਲਿਟਰ ਪਾਣੀ ਵਿੱਚ ਘੋਲ ਕੇ ਇੱਕ ਕਿਲੋ ਮਿੱਟੀ ਵਿੱਚ ਚੰਗੀ ਤਰ੍ਹਾਂ ਮਿਲਾਓ। ਜੇਕਰ ਮੱਕੀ ਦੀ ਵਰਤੋ ਅਚਾਰ ਬਣਾਉਣ ਲਈ ਕਰਨੀ ਹੈ ਤਾਂ ਕੀਟਨਾਸ਼ਕ ਦੇ ਛਿੜਕਾਅ ਉਪਰੰਤ ਘੱਟੋ- ਘੱਟ 21 ਦਿਨ ਦਾ ਵਕਫ਼ਾ ਜ਼ਰੂਰ ਰੱਖੋ।
*ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ, ਪੀ. ਏ. ਯੂ. ਲੁਧਿਆਣਾ।
*ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ, ਹੁਸ਼ਿਆਰਪੁਰ।