ਧੋਖਾਧੜੀ ਮਾਮਲੇ ’ਚ ਅਡਾਨੀ ਗਰੁੱਪ ਖ਼ਿਲਾਫ਼ ਮੁਜ਼ਾਹਰਾ
ਪਰਮਜੀਤ ਸਿੰਘ
ਫਾਜ਼ਿਲਕਾ, 24, ਨਵੰਬਰ
ਸਰਬ ਭਾਰਤ ਨੌਜਵਾਨ ਸਭਾ (ਏਆਈਵਾਈਐਫ) ਜ਼ਿਲ੍ਹਾ ਫਾਜ਼ਿਲਕਾ ਵੱਲੋਂ ਕੇਂਦਰੀ ਕਮੇਟੀ ਦੇ ਸੱਦੇ ’ਤੇ ਅਮਰੀਕਾ ਦੀ ਫੈਡਰਲ ਜ਼ਿਲ੍ਹਾ ਅਦਾਲਤ ਵੱਲੋਂ ਧੋਖਾਧੜੀ ਮਾਮਲੇ ਵਿੱਚ ਨਾਮਜ਼ਦ ਕੀਤੇ ਅਡਾਨੀ ਗਰੁੱਪ ਸਮੇਤ 8 ਵਿਅਕਤੀਆਂ ਦੀ ਗ੍ਰਿਫ਼ਤਾਰੀ ਅਤੇ ਪੂਰੇ ਮਾਮਲੇ ਦੀ ਜੁਆਇੰਟ ਪਾਰਲੀਮੈਂਟਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਛੱਪੜੀਵਾਲਾ ਨੇ ਕੀਤੀ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸ੍ਰੀ ਛਾਂਗਾ ਰਾਏ ਨੇ ਕਿਹਾ ਕਿ ਅਡਾਨੀ ਦੀ ਮੋਦੀ ਨਾਲ ਦੋਸਤੀ ਦਾ ਹੀ ਨਤੀਜਾ ਹੈ ਕਿ ਉਹ ਬੇਖੌਫ ਆਪਣੇ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਧੋਖਾਧੜੀ ਕਰ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਅਮਰੀਕਾ ਦੀ ਇੱਕ ਜ਼ਿਲ੍ਹਾ ਅਦਾਲਤ ਵੱਲੋਂ ਅਡਾਨੀ ਗਰੁੱਪ ਸਮੇਤ ਅੱਠ ਵਿਅਕਤੀਆਂ ਖਿਲਾਫ਼ ਧੋਖਾਧੜੀ ਵਿੱਚ ਨਾਮਜ਼ਦ ਕੀਤਾ ਗਿਆ ਹੈ, ਪਰ ਦੂਜੇ ਪਾਸੇ ਮੋਦੀ ਸਰਕਾਰ ਨੇ ਇਸ ਮਾਮਲੇ ‘ਤੇ ਬਿਲਕੁਲ ਚੁੱਪੀ ਵੱਟੀ ਹੋਈ ਹੈ ਜਿਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਮੋਦੀ ਸਰਕਾਰ ਅਡਾਨੀ ਗਰੁੱਪ ਦੀ ਮਦਦ ਲਈ ਪਿੱਠ ਥਾਪੜ ਰਹੀ ਹੈ। ਆਗੂਆਂ ਨੇ ਕਿਹਾ ਕਿ ਅਡਾਨੀ ਵੱਲੋਂ ਦੇਸ਼ ਤੇ ਵਿਦੇਸ਼ਾਂ ਵਿੱਚ ਕੀਤੀ ਧੋਖਾਧੜੀ ਦੀ ਜਾਂਚ ਜੁਆਇੰਟ ਪਾਰਲੀਮੈਂਟ ਕਮੇਟੀ ਤੋਂ ਕਰਵਾਈ ਜਾਵੇ ਅਤੇ ਨਿਰਪੱਖ ਜਾਂਚ ਕਰਕੇ ਅਡਾਨੀ ਗਰੁੱਪ ਖਿ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ।