ਭਾਜਪਾ ਵੱਲੋਂ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ
ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਅਕਤੂਬਰ
ਦਿੱਲੀ ਪ੍ਰਦੇਸ਼ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰਦਰਸ਼ਨ ਕੀਤੇ ਗਏ ਅਤੇ ਕੇਜਰੀਵਾਲ ’ਤੇ ਮੁੱਖ ਮੰਤਰੀ ਨਿਵਾਸ ’ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਲਾਏ। ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਦੀ ਅਗਵਾਈ ਹੇਠ ਇਹ ਪ੍ਰਦਰਸ਼ਨ ਕੀਤੇ ਗਏ ਅਤੇ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ ਜਿਨਾਂ ’ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਮੌਕੇ ਭਾਜਪਾ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਇਮਾਨਦਾਰੀ ’ਤੇ ਸਵਾਲ ਵੀ ਉਠਾਏ। ਪ੍ਰਦਰਸ਼ਨਕਾਰੀਆਂ ਨੇ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋੋਏ ਕਿਹਾ ਕਿ ਖੁਦ ਨੂੰ ਇੱਕ ਸਾਧਾਰਨ ਆਦਮੀ ਦੱਸਣ ਵਾਲੇ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਨਿਵਾਸ ਅੰਦਰ ਕਰੋੜਾਂ ਰੁਪਏ ਦਾ ਸਾਜੋ-ਸਾਮਾਨ ਲਾ ਕੇ ਇਹ ਦਰਸਾ ਦਿੱਤਾ ਕਿ ਉਹ ਆਮ ਨਾਲੋਂ ਕਿਤੇ ਜ਼ਿਆਦਾ ਖਾਸ ਵਿਅਕਤੀ ਹਨ। ਜਾਣਕਾਰੀ ਅਨੁਸਾਰ ਭਾਜਪਾ ਆਗੂ ਫਿਰੋਜ਼ ਸ਼ਾਹ ਰੋਡ ’ਤੇ ਇਕੱਠੇ ਹੋਏ ਅਤੇ ਕੇਜਰੀਵਾਲ ਦੇ ਨਿਵਾਸ ਵੱਲ ਵਧਣ ਦੀ ਕੋਸ਼ਿਸ਼ ਕੀਤੀ ਪਰ ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਅਤੇ ਰਾਹ ਵਿੱਚ ਹੀ ਡੱਕ ਲਿਆ। ਇਸ ਪ੍ਰਦਰਸ਼ਨ ਵਿੱਚ ਮਹਿਲਾ ਵਿੰਗ ਅਤੇ ਯੂਥ ਵਿੰਗ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸੇ ਤਰ੍ਹਾਂ ਦਾ ਇੱਕ ਪ੍ਰਦਰਸ਼ਨ ਬ੍ਰਿਟੇਨੀਆ ਚੌਕ ’ਚ ਵੀ ਕੀਤਾ ਗਿਆ ਜਿਸ ਦੀ ਅਗਵਾਈ ਸੰਸਦ ਮੈਂਬਰ ਪ੍ਰਵੀਨ ਖੰਡੇਲਵਾਲ ਨੇ ਕੀਤੀ। ਵਿਧਾਨ ਸਭਾ ਵਿੱਚ ਵਿਰੋਧੀ ਧਰ ਦੇ ਆਗੂ ਵਜਿੰਦਰ ਗੁਪਤਾ ਨੇ ਕਿਹਾ ਕਿ ਸ਼ੀਸ਼ ਮਹਿਲ ਵਿੱਚ ਕਰੋੜਾਂ ਰੁਪਏ ਦੀ ਸਜਾਵਟੀ ਸਾਮਾਨ ਦੀ ਸੂਚੀ ਤੋਂ ਸਾਬਤ ਹੈ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿੱਚ ਗਰਕ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਰਿਹਾਇਸ਼ ਨਾਲ ਸਬੰਧਤ ਮਾਮਲੇ ਦੀ ਜਾਂਚ ਕੀਤੀ ਜਾਵੇ।