ਚੌਕੀਮਾਨ ਟੌਲ ਪਲਾਜ਼ਾ ’ਤੇ ਭਾਜਪਾ ਵਿਰੁੱਧ ਧਰਨਾ
ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 28 ਮਈ
ਲੁਧਿਆਣਾ-ਫਿਰੋਜ਼ਪੁਰ ਕੌਮੀ ਸ਼ਾਹਰਾਹ ’ਤੇ ਸਥਿਤ ਚੌਕੀਮਾਨ ਟੌਲ ਪਲਾਜ਼ੇ ’ਤੇ ਸਾਂਝੇ ਫੋਰਮ ਦੇ ਸੱਦੇ ਤਹਿਤ ਅੱਜ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਭਾਜਪਾ ਵਿਰੋਧੀ ਰੋਹ ਭਰਪੂਰ ਧਰਨਾ ਦਿੱਤਾ। ਧਰਨੇ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਨੇ ਕੀਤੀ। ਪਿਛਲੇ ਦਸਾਂ ਸਾਲਾਂ ਵਿੱਚ ਵੱਖ-ਵੱਖ ਸਮੇਂ ’ਤੇ ਮੋਦੀ ਹਕੂਮਤ ਵੱਲੋਂ ਲਏ ਗਏ ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਨਾਅਰੇ ਤੇ ਜੈਕਾਰੇ ਬੁਲੰਦ ਕੀਤੇ ਗਏ। ਕਿਸਾਨ ਅੰਦੋਲਨ ਸਮੇਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਵਾਅਦਿਆਂ ਤੋਂ ਮੁਨਕਰ ਹੋਣ ਦਾ ਦੋਸ਼ ਲਾਇਆ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਇਸ ਦੇ ਬਾਵਜੂਦ ਭਾਜਪਾ ਕਿਸਾਨਾਂ ਤੇ ਮਜ਼ਦੂਰ ਦੀ ਵੋਟ ਚਾਹੁੰਦੀ ਹੈ। ਭਾਜਪਾ ਦੀਆਂ ਇਨ੍ਹਾਂ ਨੀਤੀਆਂ ਅਤੇ ਫ਼ੈਸਲਿਆਂ ਕਰਕੇ ਹੀ ਇਸ ਦੇ ਉਮੀਦਵਾਰਾਂ ਦੇ ਵਿਰੋਧ ਜਾਰੀ ਹੈ। ਧਰਨੇ ਨੂੰ ਸਕੱਤਰ ਜਸਦੇਵ ਸਿੰਘ ਲਲਤੋਂ, ਬਲਜੀਤ ਸਿੰਘ ਸਵੱਦੀ, ਰਣਜੀਤ ਸਿੰਘ ਗੁੜੇ, ਅਮਰੀਕ ਸਿੰਘ ਤਲਵੰਡੀ, ਗੁਰਮੇਲ ਸਿੰਘ ਕੁਲਾਰ, ਜਰਨੈਲ ਸਿੰਘ ਮੁੱਲਾਂਪੁਰ, ਗੁਰਦੇਵ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਖ਼ਿਲਾਫ਼ ਮੁਕੱਦਮੇ ਜਾਰੀ ਹਨ ਕਿਉਂਕਿ ਦਰਜ ਪਰਚੇ ਰੱਦ ਨਹੀਂ ਕੀਤੇ ਗਏ। ਬੁਲਾਰਿਅ ਨੇ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਤੇਰਾਂ ਲੱਖ ਕਰੋੜ ਰੁਪਏ ਦੇ ਕਰਜ਼ੇ ’ਤੇ ਲੀਕ ਫੇਰਨ ਦੀ ਵੀ ਮੰਗ ਕੀਤੀ। ਇਸ ਮੌਕੇ ਬਲਜੀਤ ਸਵੱਦੀ, ਜਸਵੰਤ ਮਾਨ, ਅਮਰੀਕ ਤਲਵੰਡੀ, ਅਵਤਾਰ ਤਾਰ, ਸਰਵਿੰਦਰ ਸੁਧਾਰ, ਗੁਰਸੇਵਕ ਸੋਨੀ ਸਵੱਦੀ, ਗੁਰਮੇਲ ਢੱਟ, ਤਜਿੰਦਰ ਵਿਰਕ, ਬੂਟਾ ਬਰਸਾਲ ਆਦਿ ਹਾਜ਼ਰ ਸਨ।