ਅਨਏਡਿਡ ਸਟਾਫ ਵੱਲੋਂ ਸਿੱਖਿਆ ਮੰਤਰੀ ਵਿਰੁੱਧ ਮੁਜ਼ਾਹਰਾ
ਪਵਨ ਕੁਮਾਰ ਵਰਮਾ
ਧੂਰੀ, 20 ਨਵੰਬਰ
ਅਨਏਡਿਡ ਸਟਾਫ ਫਰੰਟ ਪੰਜਾਬ ਏਡਿਡ ਸਕੂਲ ਦੀ ਜ਼ਿਲ੍ਹਾ ਸੰਗਰੂਰ ਦੀ ਇਕਾਈ ਵੱਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਧੂਰੀ ਮੂਹਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਅਨਏਡਿਡ ਸਟਾਫ ਦੀਆਂ ਦੋ ਮੀਟਿੰਗਾ ਬੇਸਿੱਟਾ ਰਹੀਆਂ ਹਨ ਤੇ ਉਨ੍ਹਾਂ ਨੇ ਯੂਨੀਅਨ ਨੂੰ ਲਾਲੇ ਲੱਪੇ ਲਾ ਕੇ ਤੋਰ ਦਿੱਤਾ ਹੈ। ਇਸ ਕਾਰਨ ਉਹ ਸਮੁੱਚੇ ਪੰਜਾਬ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪੁਤਲੇ ਫੂਕਣ ਲਈ ਮਜਬੂਰ ਹੋਏ ਹਨ।
ਸੂਬਾ ਪ੍ਰਧਾਨ ਨਿਰਭੈ ਸਿੰਘ ਜਹਾਂਗੀਰ ਨੇ ਦੱਸਿਆ ਕਿ ਏਡਿਡ ਸਕੂਲਾਂ ਵਿੱਚ ਮਿਡ-ਡੇਅ ਮੀਲ ਵਾਲੇ ਪੱਕੇ ਤੌਰ ’ਤੇ ਸਰਕਾਰ ਵੱਲੋਂ ਕੰਮ ਕਰ ਹਨ ਅਤੇ ਬੱਚਿਆਂ ਨੂੰ ਮੁਫ਼ਤ ਕਿਤਾਬਾਂ ਵੀ ਦਿੱਤੀਆਂ ਜਾਂਦੀਆਂ ਹਨ ਪਰ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਨਏਡਿਡ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਸਰਕਾਰ ਵੱਲੋਂ ਕੁਝ ਵੀ ਨਹੀਂ ਦਿੱਤਾ ਜਾਂਦਾ। ਉਨ੍ਹਾਂ ਅੱਗੇ ਦੱਸਿਆ ਕਿ ਏਡਿਡ ਸਕੂਲਾਂ ਦਾ ਭਵਿੱਖ ਵੀ ਖ਼ਤਰੇ ਵਿੱਚ ਹੈ, ਪਿਛਲੀਆ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ 484 ਏਡਿਡ ਸਕੂਲਾਂ ਵਿੱਚੋਂ 15 ਸਕੂਲ ਬੰਦ ਹੋ ਚੁੱਕੇ ਹਨ। ਜੇਕਰ ‘ਆਪ’ ਸਰਕਾਰ ਨੇ ਕੁਝ ਸਾਰਥਕ ਕਦਮ ਨਾ ਚੁੱਕੇ ਤਾਂ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਬਾਕੀ ਬਚੇ 469 ਸਕੂਲ ਬੰਦ ਹੋਣ ਦੇ ਕਿਨਾਰੇ ਲੱਗ ਜਾਣਗੇ ਅਤੇ ਇਸ ਕਾਰਨ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਲੱਗਭੱਗ ਢਾਈ ਲੱਖ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪੈ ਸਕਦਾ ਹੈ।
ਇਸ ਮੌਕੇ ਨਵਜੀਤ ਕੌਰ, ਹਰਵਿੰਦਰ ਕੌਰ, ਮਨਪ੍ਰੀਤ ਕੌਰ, ਸੁਨੀਤਾ, ਦਲਵੀਰ ਕੌਰ, ਕਰਮਜੀਤ ਕੌਰ ਮਨਿੰਦਰ ਕੌਰ, ਜਸਪ੍ਰੀਤ ਕੌਰ, ਰਮਨਦੀਪ ਕੌਰ, ਯਾਦਵਿੰਦਰ ਸਿੰਘ, ਵਰਿੰਦਰ ਸਿੰਘ, ਨੀਨਾ ਗੋਇਲ, ਮਨਪ੍ਰੀਤ ਕੌਰ, ਗਗਨਦੀਪ ਕੌਰ, ਕੁਲਦੀਪ ਕੌਰ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਮਨਦੀਪ ਕੌਰ, ਨਵਦੀਪ ਕੌਰ, ਗੁਰਪ੍ਰੀਤ ਕੌਰ ਤੇ ਕਰਨਦੀਪ ਸਿੰਘ ਆਦਿ ਹਾਜ਼ਰ ਸਨ।