ਦਰਜਾ ਚਾਰ ਕਾਮਿਆਂ ਵੱਲੋਂ ਸਰਕਾਰੀ ਧੱਕੇਸ਼ਾਹੀਆਂ ਖ਼ਿਲਾਫ਼ ਪ੍ਰਦਰਸ਼ਨ
ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਜੁਲਾਈ
ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਫੈਸਲੇ ਮੁਤਾਬਕ ਖੁਰਾਕ ਤੇ ਸਪਲਾਈ ਵਿਭਾਗ/ਪਨਗ੍ਰੇਨ ਦੇ ਦਰਜਾ ਚਾਰ ਅਤੇ ਆਊਟ ਸੋਰਸ ਸਕਿਓਰਟੀ ਗਾਰਡਾਂ ਵੱਲੋਂ ਕਾਲੇ ਚੋਲੇ ਪਾ ਕੇ ਪੰਜਾਬ ਸਰਕਾਰ ਅਤੇ ਵਿੱਤ ਵਿਭਾਗ ਦੀ ਅਫਸਰਸਾਹੀ ਵਿਰੁੱਧ ਧੱਕੇਸ਼ਾਹੀਆਂ/ ਝੂਠੇ ਲਾਰਿਆਂ ਵਿਰੁੱਧ ਘੜਾ ਭੰਨ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਦੀ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ(ਸਬ ਕਮੇਟੀ ਖੁਰਾਕ ਤੇ ਸਪਲਾਈਜ਼ ਵਿਭਾਗ) ਜ਼ਿਲ੍ਹਾ ਸੰਗਰੂਰ ਦੇ ਪ੍ਧਾਨ ਸਾਥੀ ਗੁਰਮੀਤ ਸਿੰਘ ਮਿੱਡਾ, ਸਕੱਤਰ ਸੰਦੀਪ ਸਿੰਘ ਅਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਬਿੱਕਰ ਸਿੰਘ ਸਿੱਬੀਆ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਮੁਤਾਬਕ ਮੁਲਾਜ਼ਮ ਵੈਲਫੇਅਰ ਐਕਟ-2016 ਲਾਗੂ ਕਰਨ ਦੀ ਬਜਾਏ ਵੱਖੋ-ਵੱਖ ਵਿਭਾਗਾਂ ਦੀਆਂ ਹਜ਼ਾਰਾਂ ਖਾਲੀ ਅਸਾਮੀਆਂ ਖਤਮ ਕੀਤੀਆਂ ਜਾ ਰਹੀਆਂ ਹਨ, ਪੁਨਰਗਠਨ ਯੋਜਨਾ ਤਹਿਤ ਜਲ ਸਰੋਤ ਵਿਭਾਗ ਤੇ ਖੇਤੀਬਾੜੀ ਵਿਭਾਗ ਦੀਆਂ ਅਸਾਮੀਆਂ ਖਤਮ ਕਰ ਦਿੱਤੀਆਂ ਹਨ।
ਲਹਿਰਾਗਾਗਾ ’ਚ ਥਾਂ-ਥਾਂ ਧਰਨੇ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਇਕਾਈ ਲਹਿਰਾਗਾਗਾ ਵੱਲੋਂ ਅੱਜ ਨਗਰ ਕੌਂਸਲ ਦਫ਼ਤਰ, ਜੰਗਲਾਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ, ਸਿਵਲ ਹਸਪਤਾਲ, ਤਹਿਸੀਲ ਕੰਪਲੈਕਸ ਤੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਅੱਗੇ ਪੰਜਾਬ ਸਰਕਾਰ ਦੇ ਪਾਪਾਂ ਦੇ ਘੜੇ ਭੰਨ੍ਹ ਕੇ ਪ੍ਰਦਰਸ਼ਨ ਕੀਤੇ ਗਏ। ਨਵੀਂ ਭਰਤੀ ਕੇਂਦਰੀ ਪੈਟਰਨ ਦੇ ਸਕੇਲਾਂ ’ਤੇ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਪੀਐੱਸਐੱਸਐੱਫ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੰਗਾਲੀਵਾਲਾ, ਫੀਲਡ ਵਰਕਰਜ਼ ਯੂਨੀਅਨ ਦੇ ਆਗੂ ਮੇਜਰ ਭੁਟਾਲ, ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੰਗੂ, ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੀ ਪ੍ਰਧਾਨ ਬਲਵਿੰਦਰ ਕੌਰ ਕਾਲਵੰਜਾਰਾ, ਜਸਵਿੰਦਰ ਗਾਗਾ ਅਤੇ ਮਾਸਟਰ ਸਤਵੰਤ ਆਲਮਪੁਰ ਨੇ ਸੰਬੋਧਨ ਕੀਤਾ।