ਸਰਕਾਰੀ ਸਕੂਲਾਂ ਨੂੰ ਆਜ਼ਾਦੀ ਘੁਲਾਟੀਆਂ ਦਾ ਨਾਮ ਨਾ ਦੇਣ ਦਾ ਵਿਰੋਧ
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ
‘ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ’ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਪਰ ਉਨ੍ਹਾਂ ਦੇ ਪਿੰਡਾਂ ਵਿਚਲੇ ਸਰਕਾਰੀ ਸਕੂਲਾਂ ਦਾ ਨਾਮ ਰੱਖਿਆ ਜਾਵੇ ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇਸ ਸਬੰਧ ਵਿੱਚ ਕੋਈ ਠੋਸ ਕਦਮ ਨਾ ਚੁੱਕੇ ਜਾਣ ਤੇ ਜਥੇਬੰਦੀ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਹ ਜਾਣਕਰਾੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਨੇ ਡਿਪਟੀ ਕਮਿਸ਼ਨਰ ਦਫਤਰ ਵਿਚਲੇ ਮੀਟਿੰਗ ਹਾਲ ਵਿੱਚ ਜਥੇਬੰਦੀ ਦੇ ਆਗੂਆਂ ਨਾਲ ਬੈਠਕ ਕਰਨ ਤੋਂ ਬਾਅਦ ਦਿੱਤੀ। ਇਸ ਮੌਕੇ ਜਥੇਬੰਦੀ ਦੀਆਂ ਹੋਰ ਮੰਗਾਂ ਮਸਲਿਆਂ ’ਤੇ ਵੀ ਵਿਚਾਰ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਕਾਫ਼ੀ ਸਮੇਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਕਿ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਪਰ ਇਹ ਪਰਨਾਲਾ ਜਿਊ ਦੀ ਤਿਉਂ ਹੈ ਜੋ ਕਿ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਕੇ ਕਾਰਵਾਈ ਕਰਨ ਲਈ ਕਿਹਾ ਜਾਵੇਗਾ। ਜੇ ਫਿਰ ਵੀ ਡਿਪਟੀ ਕਮਿਸ਼ਨਰ ਸਾਹਿਬ ਵਲੋਂ ਨਾ ਧਿਆਨ ਦਿੱਤਾ ਗਿਆ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸੰਧੂ, ਜਰਨਲ ਸਕੱਤਰ ਬਲਜਿੰਦਰ ਸਿੰਘ ਮਧੀਰ, ਕੁਲਵੰਤ ਸਿੰਘ ਭਲਾਈਆਣਾ, ਸੁਭਾਸ਼ ਬੱਬਰ, ਹਰਿੰਦਰ ਸਿੰਘ ਛਾਬੜਾ ਅਤੇ ਅਮਰਜੀਤ ਬਾਵਾ ਸਟੇਟ ਬਾਡੀ ਮੈਂਬਰ ਜਸਕਰਨ ਸਿੰਘ ਬੁੱਟਰ, ਮੈਂਬਰ ਪ੍ਰੀਤਮ ਸਿੰਘ ਮੱਲਣ, ਚਾਨਣ ਸਿੰਘ, ਮੁਖਤਿਆਰ ਸਿੰਘ, ਬਾਬਾ ਜਗਸੀਰ ਸਿੰਘ ਪਤਲੀ, ਦਰਸ਼ਨ ਸਿੰਘ ਕਾਉਣੀ ਤੇ ਹੋਰ ਮੌਜੂਦ ਸਨ।