ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਮਿਲਣ ਵਿਰੁੱਧ ਰੋਸ ਮੁਜ਼ਾਹਰਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਅਗਸਤ
‘84 ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲਣ ਦੇ ਰੋਸ ਵਜੋਂ ਪੁਤਲਾ ਫੂਕ ਮੁਜ਼ਾਹਰਾ ਕਰਕੇ ਸੋਨੀਆ ਗਾਂਧੀ ਤੋਂ ਟਾਈਟਲਰ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦੀ ਮੰਗ ਕੀਤੀ ਗਈ।
ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਮਹਿਲਾ ਵਿੰਗ ਪ੍ਰਧਾਨ ਗੁਰਦੀਪ ਕੌਰ ਦੀ ਅਗਵਾਈ ਵਿੱਚ ਅੱਜ ਸੈਂਕੜੇ ਪੀੜਤ ਪਰਿਵਾਰਾਂ ਵੱਲੋਂ ਦੁੱਗਰੀ ਨਹਿਰ ਦੇ ਪੁਲ ’ਤੇ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਮੁਜ਼ਾਹਰਾਕਾਰੀ ਸੀਆਰਪੀਐੱਫ਼ ਕਲੋਨੀ ਤੋਂ ਰੋਸ ਮਾਰਚ ਕਰਦੇ ਹੋਏ ਨਹਿਰ ਦੇ ਪੁਲ ’ਤੇ ਪੁੱਜੇ ਜਿੱਥੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲੀਸ ਫੋਰਸ ਵੀ ਮੌਜੂਦ ਸੀ।
ਪ੍ਰਧਾਨ ਦੁੱਗਰੀ ਨੇ ਕਿਹਾ ਕਿ ਇਸ ਕਤਲੇਆਮ ਦੇ 39 ਸਾਲ ਬਾਅਦ ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਪੜਤਾਲ ਕਰਕੇ ਕੇਸ ਦਰਜ ਕਰ ਕੇ ਚਾਰਜਸ਼ੀਟ ਦਾਖਲ ਕੀਤੀ ਗਈ ਹੈ ਕਿਉਂਕਿ ਇਸ ਕਤਲੇਆਮ ਸਬੰਧੀ ਪੀੜਤ ਪਰਿਵਾਰਾਂ ਵੱਲੋਂ ਅਦਾਲਤ ਵਿੱਚ ਗਵਾਹੀ ਵੀ ਦਿੱਤੀ ਗਈ ਸੀ ਪਰ ਦਿੱਲੀ ਦੀ ਅਦਾਲਤ ਵੱਲੋਂ ਉਸ ਨੂੰ ਜ਼ਮਾਨਤ ਦਿੱਤੀ ਗਈ ਹੈ ਜਿਸ ਨਾਲ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਜ਼ਖ਼ਮ ਹਰੇ ਹੋ ਗਏ ਹਨ। ਇਸ ਕਾਰਨ ਸਿੱਖ ਭਾਈਚਾਰੇ ਵਿੱਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਫਾਸਟ ਟਰੈਕ ਕੋਰਟ ਵਿੱਚ ਕੇਸ ਚਲਾ ਕੇ ਉਸ ਨੂੰ ਫਾਂਸੀ ਦਿੱਤੀ ਜਾਵੇ। ਬੀਬੀ ਗੁਰਦੀਪ ਕੌਰ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਹਾ ਕਿ ਉਹ ਜਗਦੀਸ਼ ਟਾਈਟਲਰ ਨੂੰ ਤੁਰੰਤ ਪਾਰਟੀ ਵਿੱਚੋਂ ਕੱਢ ਕੇ ਉਸ ਨੂੰ ਸਜ਼ਾ ਦਿਵਾਉਣ ਲਈ ਪੀੜਤ ਪਰਿਵਾਰਾਂ ਦੀ ਮਦਦ ਕਰਨ।