For the best experience, open
https://m.punjabitribuneonline.com
on your mobile browser.
Advertisement

ਨਵੇਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਮੁਜ਼ਾਹਰਾ

08:33 AM Jul 06, 2024 IST
ਨਵੇਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਮੁਜ਼ਾਹਰਾ
ਅੱਡਾ ਦਾਖਾ ਮੰਡਲ ਦਫ਼ਤਰ ਸਾਹਮਣੇ ਨਾਅਰੇਬਾਜ਼ੀ ਕਰਦੇ ਹੋਏ ਪਾਵਰਕੌਮ ਦੇ ਸੇਵਾਮੁਕਤ ਕਾਮੇ।
Advertisement

ਗੁਰਿੰਦਰ ਸਿੰਘ
ਲੁਧਿਆਣਾ, 5 ਜੁਲਾਈ
ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਅਤੇ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ (ਸੀਪੀਆਈਐਮ) ਨੇ ਮੰਗ ਕੀਤੀ ਹੈ ਕਿ ਨਵੇਂ ਅਪਰਾਧਕ ਕਾਨੂੰਨਾਂ ਨੂੰ ਮੁੱਢ ਤੋਂ ਹੀ ਰੱਦ ਕੀਤਾ ਜਾਵੇ ਕਿਉਂਕਿ ਇਹ ਦੇਸ਼ ਨੂੰ ਪੁਲੀਸ ਰਾਜ ਵੱਲ ਧੱਕਣਗੇ ਅਤੇ ਗ਼ਰੀਬਾਂ ਤੇ ਹਾਸ਼ੀਏ ’ਤੇ ਪਏ ਲੋਕਾਂ ਨੂੰ ਨਿਆਂ ਪ੍ਰਾਪਤ ਕਰਨ ਤੋਂ ਵਾਂਝਾ ਕਰਨਗੇ। ਅੱਜ ਮਿਨੀ ਸਕੱਤਰੇਤ ਵਿੱਚ ਦੋਵਾਂ ਪਾਰਟੀਆਂ ਵੱਲੋਂ ਕੀਤੇ ਮੁਜ਼ਾਹਰੇ ਅਤੇ ਰੈਲੀ ਦੌਰਾਨ ਕੇਂਦਰ ਸਰਕਾਰ ਅਤੇ ਕਾਨੂੰਨਾਂ ਦੀਆਂ ਕਾਪੀਆਂ ਵੀ ਫੂਕੀਆਂ ਗਈਆਂ। ਇਸ ਮੌਕੇ ਦੋਹਾਂ ਜਥੇਬੰਦੀਆਂ ਦੇ ਆਗੂਆਂ ਕਾਮਰੇਡ ਡੀਪੀ ਮੌੜ, ਡਾ. ਅਰੁਣ ਮਿੱਤਰਾ, ਬਲਜੀਤ ਸਿੰਘ ਸ਼ਾਹੀ, ਐਸਐਸ ਲੋਟੇ, ਚਮਕੌਰ ਸਿੰਘ, ਸਤਨਾਮ ਸਿੰਘ ਵੜੈਚ ਅਤੇ ਐਮਐਸ ਭਾਟੀਆ ਨੇ ਸਰਕਾਰ ਦੀ ਇਸ ਦਾਅਵੇ ਦੀ ਆਲੋਚਨਾ ਕੀਤੀ ਕਿ ਇਨ੍ਹਾਂ ਕਾਨੂੰਨਾਂ ਰਾਹੀਂ ਉਨ੍ਹਾਂ ਨੇ ਬਸਤੀਵਾਦੀ ਵਿਰਾਸਤ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਇਹ ਹੈ ਕਿ ਭਾਰਤੀ ਅਪਰਾਧਕ ਕਾਨੂੰਨ ਸਮੇਂ-ਸਮੇਂ ’ਤੇ ਮਾਹਿਰਾਂ ਦੁਆਰਾ ਕਈ ਜਾਣਕਾਰੀਆਂ ਤੋਂ ਬਾਅਦ ਵਿਕਸਤ ਹੋਏ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਦੀ ਇਹ ਦਲੀਲ ਤੇ ਪ੍ਰਚਾਰ ਕਿ ਇਸ ਨੇ ਫ਼ੌਜਦਾਰੀ ਕਾਨੂੰਨਾਂ ਵਿੱਚ ਬਸਤੀਵਾਦੀ ਵਿਰਾਸਤ ਨੂੰ ਖ਼ਤਮ ਕਰ ਦਿੱਤਾ ਹੈ, ਅਸਲ ਵਿੱਚ ਪੂਰੀ ਤਰ੍ਹਾਂ ਝੂਠ ਦਾ ਪੁਲੰਦਾ ਹੈ।
ਇਸ ਮੌਕੇ ਡਾ. ਗੁਰਵਿੰਦਰ ਸਿੰਘ, ਡਾ. ਰਜਿੰਦਰ ਪਾਲ ਸਿੰਘ ਔਲਖ, ਵਿਜੇ ਕੁਮਾਰ, ਡਾਕਟਰ ਬਲਵਿੰਦਰ ਸਿੰਘ ਔਲਖ, ਐਨਐਸ ਕਾਲਾ, ਕੇਵਲ ਸਿੰਘ ਬਨਵੈਤ, ਦੇਵ ਰਾਜ, ਬਲਬੀਰ ਸਿੰਘ, ਸਮਰ ਬਹਾਦਰ ਸਕੱਤਰੇਤ ਮੈਂਬਰ, ਨਿੱਕਾ ਗੁਰਦੀਪ ਸਿੰਘ, ਅਵਤਾਰ ਸਿੰਘ ਛਿੱਬੜ, ਕਿਰਪਾਲ ਸਿੰਘ, ਬਲਜੀਤ ਸਿੰਘ ਅਤੇ ਰਾਮ ਪੁਲ ਤਿਵਾੜੀ ਆਦਿ ਨੇ ਵੀ‌ ਸੰਬੋਧਨ ਕੀਤਾ।
ਗੁਰੂਸਰ ਸੁਧਾਰ, ਮੁੱਲਾਂਪੁਰ (ਸੰਤੋਖ ਗਿੱਲ): ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਅੱਡਾ ਦਾਖਾ ਡਿਵੀਜ਼ਨ ਦਫ਼ਤਰ ਸਾਹਮਣੇ ਨਾਅਰੇਬਾਜ਼ੀ ਦੌਰਾਨ ਨਵੇਂ ਫ਼ੌਜਦਾਰੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਡਿਵੀਜ਼ਨ ਪ੍ਰਧਾਨ ਭੁਪਿੰਦਰ ਸਿੰਘ ਮੋਹੀ ਦੀ ਅਗਵਾਈ ਵਿੱਚ ਪਿਛਲੇ ਦਿਨੀਂ ਵਿਛੋੜਾ ਦੇ ਗਏ ਟੀਐੱਸਯੂ ਦੇ ਸਾਬਕਾ ਪ੍ਰਧਾਨ ਸ਼ੰਕਰ ਦਾਸ ਬੀਰਮੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਰਕਲ ਆਗੂ ਜਗਤਾਰ ਸਿੰਘ ਸ਼ੇਖ਼ੂਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 25 ਜੁਲਾਈ ਨੂੰ ਸੂਬਾ ਕਮੇਟੀ ਨਾਲ ਮੀਟਿੰਗ ਤਹਿ ਹੋਣ ਬਾਅਦ ਭਲਕੇ 6 ਜੁਲਾਈ ਨੂੰ ਜਲੰਧਰ ਵਿੱਚ ਜ਼ਿਮਨੀ ਚੋਣ ਮੌਕੇ ਕੀਤਾ ਜਾਣ ਵਾਲਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਸੀਨੀਅਰ ਆਗੂ ਕੰਵਲਜੀਤ ਖੰਨਾ ਨੇ ਕੇਂਦਰ ਦੀ ਭਾਜਪਾ ਗੱਠਜੋੜ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ ਲਾਗੂ ਕੀਤੇ ਨਵੇਂ ਫ਼ੌਜਦਾਰੀ ਕਾਨੂੰਨਾਂ ਨੂੰ ਸਰਕਾਰੀ ਦਹਿਸ਼ਤਗਰਦੀ ਅਤੇ ਅਣ-ਐਲਾਨੀ ਐਮਰਜੈਂਸੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੇਖਿਕਾ ਅਰੁੰਧਤੀ ਰਾਏ ਅਤੇ ਸ਼ੇਖ਼ ਸ਼ੌਕਤ ਹੁਸੈਨ ਖ਼ਿਲਾਫ਼ ਦੇਸ਼ ਧਰੋਹ ਦਾ ਕਾਨੂੰਨ ਲਾਗੂ ਕਰ ਕੇ ਸਰਕਾਰ ਆਪਣੇ ਵਿਰੁੱਧ ਬੋਲਣ ਵਾਲਿਆਂ ਦੀ ਜ਼ੁਬਾਨ ਬੰਦ ਕਰਨ ਦਾ ਭਰਮ ਪਾਲ ਰਹੀ ਹੈ।

Advertisement

ਨਵੇਂ ਫ਼ੌਜਦਾਰੀ ਕਾਨੂੰਨ ਰੱਦ ਕਰਨ ਦੀ ਮੰਗ

ਦੋਰਾਹਾ (ਜੋਗਿੰਦਰ ਸਿੰਘ ਓਬਰਾਏ): ਇੱਥੇ ਪਾਵਰਕੌਮ ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਹਰਬੰਸ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਵੱਖ-ਵੱਖ ਡਿਵੀਜ਼ਨਾਂ ਦੇ ਮੈਬਰਾਂ ਨੇ ਹਿੱਸਾ ਲਿਆ। ਇਸ ਮੌਕੇ ਕ੍ਰਿਸ਼ਨ ਕੁਮਾਰ ਨੇ ਸਰਕਾਰਾਂ ਦੀਆਂ ਮੁਲਾਜ਼ਮਾਂ, ਮਜ਼ਦੂਰ, ਕਿਸਾਨ, ਵਿਦਿਆਰਥੀ, ਬੇ-ਰੁਜ਼ਗਾਰ ਨੌਜਵਾਨ ਵਿਰੋਧੀ ਨੀਤੀਆਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਤਰਸੇਮ ਲਾਲ, ਹਰਚਰਨ ਸਿੰਘ ਗਰੇਵਾਲ, ਰਾਮ ਕ੍ਰਿਸ਼ਨ, ਰਕੇਸ਼ ਕੁਮਾਰ, ਭਗਵੰਤ ਸਿੰਘ, ਜਗਦੇਵ ਸਿੰਘ, ਅਵਤਾਰ ਸਿੰਘ, ਸਿਕੰਦਰ ਸਿੰਘ, ਨਛੱਤਰ ਸਿੰਘ, ਸਾਗਾਂ ਰਾਮ ਅਤੇ ਰਾਮ ਸਰੂਪ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਤਿੰਨ ਨਵੇਂ ਫ਼ੌਜਦਾਰੀ ਕਾਨੂੰਨ ਪਾਸ ਕਰ ਕੇ ਕਿਰਤੀ ਲੋਕਾਂ ਦੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਅਤੇ ਲੋਕਾਂ ਨੂੰ ਆਗੂ ਰਹਿਤ ਕਰ ਕੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਕੇ ਹਮਲਾ ਤੇਜ਼ ਕੀਤਾ ਹੈ। ਆਗੂਆਂ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਤਿੰਨੇ ਕਾਨੂੰਨ ਰੱਦ ਕੀਤੇ ਜਾਣ।

Advertisement

Advertisement
Author Image

joginder kumar

View all posts

Advertisement