ਪੀਐੱਚਡੀ ਦਾਖਲਿਆਂ ’ਚ ਰਾਖਵਾਂਕਰਨ ਨੀਤੀ ਲਾਗੂ ਨਾ ਕਰਨ ਖ਼ਿਲਾਫ਼ ਧਰਨਾ
ਪੱਤਰ ਪ੍ਰੇਰਕ
ਚੰਡੀਗੜ੍ਹ, 24 ਜੁਲਾਈ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ 8 ਜੁਲਾਈ 2023 ਨੂੰ ਜਾਰੀ ਸੈਸ਼ਨ 2023-24 ਲਈ ਪੀ.ਐੱਚ.ਡੀ. ਦਾਖ਼ਲਾ ਨੋਟੀਫਿਕੇਸ਼ਨ ਵਿੱਚ ਰਾਖਵੇਂਕਰਨ ਦੀ ਨੀਤੀ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਅੱਜ ਵਿਦਿਆਰਥੀ ਜਥੇਬੰਦੀ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਵਾਈਸ ਚਾਂਸਲਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਅਥਾਰਿਟੀ ਨੂੰ ਰਾਖਵਾਂਕਰਨ ਵਿਰੋਧੀ ਗਰਦਾਨਦਿਆਂ ਨਾਅਰੇਬਾਜ਼ੀ ਵੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਗੌਤਮ ਭੌਰੀਆ ਨੇ ਕਿਹਾ ਕਿ ਰਾਖਵੇਂਕਰਨ ਵਿੱਚ ਹੋ ਰਹੀ ਨਜ਼ਰਅੰਦਾਜ਼ੀ ਨੂੰ ਲੈ ਕੇ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੀਆਂ ਅਥਾਰਿਟੀ ਨਾਲ ਮੀਟਿੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ।
ਧਰਨੇ ਦੌਰਾਨ ਹੋਈ ਮੀਟਿੰਗ ਵਿੱਚ ਰਾਖਵਾਂਕਰਨ ਲਾਗੂ ਕਰਨ ਦਾ ਭਰੋਸਾ
ਐਸੋਸੀਏਸ਼ਨ ਦੇ ਪ੍ਰਧਾਨ ਗੌਤਮ ਭੌਰੀਆ ਨੇ ਦੱਸਿਆ ਕਿ ਅੱਜ ਪੀ.ਯੂ. ਪ੍ਰਸ਼ਾਸਨ ਵੱਲੋਂ ਡੀਨ ਰਿਸਰਚ ਡਾ. ਹਰਸ਼ ਨਈਅਰ ਦੀ ਅਗਵਾਈ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਯੂ.ਆਈ.ਪੀ.ਐੱਸ. ਤੋਂ ਪ੍ਰੋ. ਅਨਿਲ ਕੁਮਾਰ, ਯੂ.ਬੀ.ਐੱਸ. ਚੇਅਰਪਰਸਨ ਡਾ. ਪਰਮਜੀਤ ਕੌਰ ਸਮੇਤ ਕਈ ਅਧਿਕਾਰੀ ਸ਼ਾਮਲ ਸਨ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੀ.ਐੱਚ.ਡੀ ਦਾਖਲਿਆਂ ਵਿੱਚ ਸੈਸ਼ਨ 2023-2024 ਲਈ ਰਾਖਵਾਂਕਰਨ ਨੀਤੀ ਲਾਗੂ ਕੀਤੀ ਜਾਵੇਗੀ ਅਤੇ ਜਲਦ ਹੀ ਇਸ ਦੀ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੀ ਜਾਵੇਗੀ।