ਸ਼ੰਭੂ ਮੋਰਚੇ ’ਚ ਮੁਢਲੀਆਂ ਲੋੜਾਂ ਮੁਹੱਈਆ ਨਾ ਕਰਵਾਉਣ ਖ਼ਿਲਾਫ਼ ਰੋਸ
ਪੱਤਰ ਪ੍ਰੇਰਕ
ਪਟਿਆਲਾ, 23 ਜੁਲਾਈ
ਸ਼ੰਭੂ ਵਿੱਚ 162 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਕਿਸਾਨ-ਮਜ਼ਦੂਰ ਮੋਰਚੇ ਦੇ ਆਗੂ ਮਲਕੀਤ ਸਿੰਘ ਦੀ ਅਗਵਾਈ ਹੇਠ ਇਥੇ ਹੋਈ ਮੀਟਿੰਗ ਵਿੱਚ ਉਨ੍ਹਾਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ 26 ਜੁਲਾਈ ਨੂੰ ਗਗਨ ਚੌਕ ਹਾਈਵੇਅ ਮੁਕੰਮਲ ਬੰਦ ਕਰਨ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਕਿਸਾਨ ਅੰਦੋਲਨ ’ਚ ਹਿੱਸਾ ਲੈ ਰਹੇ ਕਿਸਾਨਾਂ ਦੀਆਂ ਬਿਜਲੀ, ਪਾਣੀ ਅਤੇ ਦਵਾਈਆਂ ਵਰਗੀਆਂ ਮੁੱਢਲੀਆਂ ਲੋੜਾਂ ਸਬੰਧੀ ਪੰਜਾਬ ਸਰਕਾਰ, ਪੁਲੀਸ ਤੇ ਬਿਜਲੀ ਮਹਿਕਮੇ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਸ ’ਤੇ ਕਿਸੇ ਵੱਲੋਂ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਚਾਰ ਦਿਨ ਪਹਿਲਾਂ ਵੀ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ ਨੇ ਪਾਵਰਕੌਮ ਦੇ ਐੱਸਡੀਓ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਸੀ ਪਰ ਉਨ੍ਹਾਂ ਵੀ ਕਿਸਾਨਾਂ ਦੀ ਗੱਲ ਨਹੀਂ ਸੁਣੀ। ਕਿਸਾਨ ਆਗੂਆਂ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਜੇ 25 ਜੁਲਾਈ ਤੱਕ ਟਰਾਂਸਫ਼ਾਰਮਰ ਨਾ ਰੱਖਿਆ ਗਿਆ ਜਾਂ ਹੋਰ ਲੋੜੀਂਦੇ ਪ੍ਰਬੰਧ ਨਾ ਕੀਤੇ ਗਏ ਤਾਂ 26 ਜੁਲਾਈ ਨੂੰ ਸ਼ੰਭੂ ਬਾਰਡਰ ਤੋਂ ਰਾਜਪੁਰਾ ਵੱਲ ਰਵਾਨਾ ਹੋ ਕੇ ਗਗਨ ਚੌਕ ਵਿੱਚ ਧਰਨਾ ਲਾਇਆ ਜਾਵੇਗਾ ਅਤੇ ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ।