ਬਿਜਲੀ ਕਾਮਿਆਂ ਵੱਲੋਂ ਪਾਵਰਕੌਮ ਖ਼ਿਲਾਫ਼ ਮੁਜ਼ਾਹਰਾ
ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 3 ਦਸੰਬਰ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਅੱਜ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਸੇਵਾਮੁਕਤ ਮੁਲਾਜ਼ਮਾਂ ਨੂੰ ਭਰਤੀ ਕਰਨ ਸਬੰਧੀ ਜਾਰੀ ਪੱਤਰ ਸਾੜੇ ਗਏ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਡਿਵੀਜ਼ਨ ਪ੍ਰਧਾਨ ਮਨਦੀਪ ਸਿੰਘ ਨੇ ਕਿਹਾ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਨਿੱਜੀਕਰਨ ਨੂੰ ਲਗਾਤਾਰ ਤੇਜ਼ ਕਰ ਰਹੀ। ਆਊਟ ਸੋਰਸਡ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਅਤੇ ਨਵੀਂ ਭਰਤੀ ਕਰਨ ਦੀ ਥਾਂ ਸੇਵਾਮੁਕਤ ਮੁਲਾਜ਼ਮਾਂ ਨੂੰ ਭਰਤੀ ਕਰਨ ਦੇ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਪਾਵਰਕੌਮ ਮੈਨੇਜਮੈਂਟ ਵੱਲੋਂ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਨੂੰ ਸਾੜਿਆ ਗਿਆ ਅਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਕਿ ਜੇਕਰ ਮੈਨੇਜਮੈਂਟ ਨੇ ਸੇਵਾਮੁਕਤ ਮੁਲਾਜ਼ਮਾਂ ਦੀ ਭਰਤੀ ਕੀਤੀ ਅਤੇ ਆਊਟ ਸੋਰਸ ਠੇਕਾ ਕਾਮਿਆਂ ਨੂੰ ਰੈਗੂਲਰ ਨਾ ਕੀਤਾ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰੇਗੀ। ਇਸ ਦੌਰਾਨ ਠੇਕਾ ਕਾਮਿਆਂ ਨੇ ਮੰਗ ਕੀਤੀ ਕਿ ਸਮੂਹ ਆਊਟਸੋਰਸ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਲ ਕਰਨ ਅਤੇ ਘੱਟੋ ਘੱਟ ਗੁਜ਼ਾਰੇ ਯੋਗ ਤਨਖ਼ਾਹ ਤੈਅ ਕਰਨ ਅਤੇ ਹਾਦਸਾ ਪੀੜਤ ਪਰਿਵਾਰਾਂ ਨੂੰ ਪੱਕੀ ਨੌਕਰੀ ਅਤੇ ਮੁਆਵਜ਼ੇ ਅਤੇ ਪੈਨਸ਼ਨ ਦੀ ਗਾਰੰਟੀ ਕਰਨ ਸਮੇਤ ਮੰਗ ਪੱਤਰ ਵਿੱਚ ਤਮਾਮ ਮੰਗਾਂ ਦਾ ਹੱਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੀਟਿੰਗਾਂ ਦੀ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਜਿਸ ਨੂੰ ਕਿਸੇ ਵੀ ਹੱਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।