ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਪ੍ਰਦਰਸ਼ਨ
ਪੱਤਰ ਪ੍ਰੇਰਕ
ਚੰਡੀਗੜ੍ਹ, 29 ਦਸੰਬਰ
ਯੂਟੀ ਪ੍ਰਸ਼ਾਸਨ ਵੱਲੋਂ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਵਿਰੋਧ ਜਿੱਥੇ ਬਿਜਲੀ ਮੁਲਾਜ਼ਮਾਂ ਵੱਲੋਂ ਜਾਰੀ ਹੈ, ਉਸ ਦੇ ਨਾਲ ਹੀ ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਸਮਾਜਿਕ ਤੇ ਰਾਜਸੀ ਜਥੇਬੰਦੀਆਂ ਵੱਲੋਂ ਵੀ ਸਮਾਨਾਂਤਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ 21ਵੇਂ ਦਿਨ ਲੋਕਾਂ ਵੱਲੋਂ ਸੈਕਟਰ 40 ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਅੱਜ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਵਿਜੈ ਪਾਲ, ਮੀਤ ਪ੍ਰਧਾਨ ਅਤੇ ਇਲਾਕਾ ਕੌਂਸਲਰ ਹਰਦੀਪ ਸਿੰਘ ਬੁਟੇਰਲਾ, ਤਰਕਸ਼ੀਲ ਸੁਸਾਇਟੀ ਦੇ ਆਗੂ ਜੋਗਾ ਸਿੰਘ ਅਤੇ ਨੌਜਵਾਨ ਕਿਸਾਨ ਏਕਤਾ ਤੋਂ ਅਮਨਦੀਪ ਸਿੰਘ ਮਾਨ ਨੇ ਕੀਤੀ। ਇਸ ਦੌਰਾਨ ਮਾਰਚ ਕੀਤਾ ਗਿਆ ਜੋ ਸੈਕਟਰ 40 ਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਸ਼ੁਰੂ ਹੋ ਕੇ ਸੈਕਟਰ 40 ਦੀਆਂ ਮਾਰਕੀਟਾਂ ਤੋਂ ਬਾਅਦ ਰਿਹਾਇਸ਼ੀ ਖੇਤਰਾਂ ਵਿੱਚ ਦੀ ਹੁੰਦਾ ਹੋਇਆ ਮੁੜ ਗੁਰਦੁਆਰੇ ਕੋਲ ਆ ਕੇ ਸਮਾਪਤ ਹੋਇਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਵਿਜੈ ਪਾਲ ਨੇ ਕਿਹਾ ਕਿ ਸਰਕਾਰਾਂ ਦਾ ਮੁਢਲਾ ਕੰਮ ਲੋਕਾਂ ਦੀ ਭਲਾਈ ਕਰਨਾ ਹੁੰਦਾ ਹੈ ਨਾ ਕਿ ਕਾਰਪੋਰੇਟ ਅਦਾਰਿਆਂ ਦੀ ਦਲਾਲੀ ਕਰਨਾ। ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਚੰਡੀਗੜ੍ਹ ਪ੍ਰਸ਼ਾਸਨ ਜੋ ਲੋਕਾਂ ਨੂੰ ਲੁੱਟਣ ਦੀ ਸਕੀਮ ਬਣਾ ਰਿਹਾ ਹੈ ਉਸ ਨੂੰ ਸਿਰੇ ਨਹੀਂ ਚੜ੍ਹਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਤੋਂ ਉੱਪਰ ਉੱਠ ਕੇ ਲੋਕ ਹਿੱਤਾਂ ਲਈ ਬਿਜਲੀ ਦੇ ਨਿੱਜੀਕਰਨ ਵਿਰੁੱਧ ਚੰਡੀਗੜ੍ਹ ਵਿੱਚ ਵੱਡਾ ਸੰਘਰਸ਼ ਖੜ੍ਹਾ ਕਰਨਗੇ। ਉਨ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਸਲੇ ਵਿੱਚ ਦਖ਼ਲ ਦੇ ਕੇ ਇਸ ਨੂੰ ਤੁਰੰਤ ਰੱਦ ਕਰਵਾਉਣ। ਇਸ ਮੌਕੇ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ ਚੰਡੀਗੜ੍ਹ ਵਿੱਚ ਨਿੱਜੀ ਕੰਪਨੀਆਂ ਦਾ ਰਾਜ ਨਹੀਂ ਆਉਣ ਦੇਣਗੇ। ਪ੍ਰਦਰਸ਼ਨ ਨੂੰ ਕਾਮਰੇਡ ਇੰਦਰਜੀਤ ਸਿੰਘ ਗਰੇਵਾਲ, ਜਗਤਾਰ ਸਿੰਘ ਚੌਂਤਾ ਅਤੇ ਜੋਗਾ ਸਿੰਘ, ਕਾਂਗਰਸ ਦੇ ਬਲਾਕ ਪ੍ਰਧਾਨ ਰਕੇਸ਼ ਬਰੋਟੀਆ ਨੇ ਵੀ ਸੰਬੋਧਨ ਕੀਤਾ।