ਮੋਟਰਸਾਈਕਲ ਰੇਹੜੀਆਂ ਬੰਦ ਕਰਨ ਦੇ ਫ਼ੈਸਲੇ ਖ਼ਿਲਾਫ਼ ਰੋਸ
ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 24 ਜੁਲਾਈ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਤੇ ਡਾਕਟਰ ਅੰਬੇਦਕਰ ਰੇਹੜੀ ਮਜ਼ਦੂਰ ਯੂਨੀਅਨ ਵੱਲੋਂ ਹਾਈ ਕੋਰਟ ਦੇ ਨਾਂ ਹੇਠ ਮਾਨ ਸਰਕਾਰ ਵੱਲੋਂ ਪੰਜਾਬ ਅੰਦਰ 8 ਅਗਸਤ ਤੱਕ ਮੋਟਰਸਾਈਕਲ ਰੇਹੜੀਆਂ ਬੰਦ ਦੇ ਹੁਕਮਾਂ ਖ਼ਿਲਾਫ਼ ਅੱਜ ਅਨਾਜ ਮੰਡੀ ਦਿੜ੍ਹਬਾ ਵਿਚ ‘ਰੁਜ਼ਗਾਰ ਬਚਾਓ’ ਰੋਸ ਧਰਨਾ ਦਿੱਤਾ ਗਿਆ ਅਤੇ ਬਾਅਦ ਵਿੱਚ ਦਿੜ੍ਹਬਾ ਵਿੱਚ ਮਾਰਚ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਆ ਕੇ ਮੰਗ ਪੱਤਰ ਦਿੱਤਾ ਗਿਆ। ਇਸ ਧਰਨੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਦਾਣਾ ਮੰਡੀ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਮੋਟਰਸਾਈਕਲ ਰੇਹੜੀ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਡਾਕਟਰ ਅੰਬੇਦਕਰ ਰੇਹੜੀ ਯੂਨੀਅਨ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਮਾਨਸਾ ਨੇ ਕਿਹਾ ਕਿ ਆਮ ਲੋਕਾਂ ਲਈ ਕੰਮ ਕਰਨ ਦੇ ਨਾਂ ’ਤੇ ਵੋਟਾਂ ਲੈ ਕੇ ਸੱਤਾ ਉਪਰ ਆਈ ਮਾਨ ਸਰਕਾਰ ਹੁਣ ਆਮ ਲੋਕਾਂ ਵਿਰੁੱਧ ਹੀ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਰਹੀ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਤਾਂ ਦੂਰ ਮੁੱਖ ਮੰਤਰੀ ਦਿਹਾੜੀਦਾਰ ਮਜ਼ਦੂਰਾਂ ਤੋਂ ਵੀ ਕੰਮ ਖੋਹਣ ਲੱਗੇ ਹਨ।