ਮਹਿਲਾ ਕਮਿਸ਼ਨ ਦੇ ਕੱਚੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਵਿਰੋਧ
ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਅਕਤੂਬਰ
ਆਮ ਆਦਮੀ ਪਾਰਟੀ ਨੇ ਉਪ ਰਾਜਪਾਲ ਵੱਲੋਂ ਕਥਿਤ ਤੌਰ ’ਤੇ ਦਿੱਲੀ ਮਹਿਲਾ ਕਮਿਸ਼ਨ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਬਰਖਾਸਤ ਕਰਨ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਰੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਨੌਕਰੀਆਂ ਬਹਾਲ ਕਰਵਾ ਦੇਣਗੇ।
ਇਸ ਦੇ ਨਾਲ ਹੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਦੀਵਾਲੀ ਤੋਂ ਪਹਿਲਾਂ ਇੰਨੇ ਲੋਕਾਂ ਦੀਆਂ ਨੌਕਰੀਆਂ ਖੋਹਣਾ ਬਹੁਤ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇਹ ਕਾਮੇ 30-30 ਸਾਲਾਂ ਤੋਂ ਕੰਮ ਕਰ ਰਹੇ ਸਨ, ਉਨ੍ਹਾਂ ਨੇ ਕਈ ਔਰਤਾਂ ਦੀ ਮਦਦ ਕੀਤੀ ਪਰ ਭਾਜਪਾ ਨੇ ਉਨ੍ਹਾਂ ਨੂੰ ਇੱਕ ਝਟਕੇ ਵਿੱਚ ਕੱਢ ਦਿੱਤਾ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕਾਜਰੀਵਾਲ ਨੇ ਐਕਸ ’ਤੇ ਕਿਹਾ, ‘ਮੈਂ ਆਪਣੀਆਂ ਭੈਣਾਂ ਜਿਨ੍ਹਾਂ ਨੂੰ ਦਿੱਲੀ ਮਹਿਲਾ ਕਮਿਸ਼ਨ ਤੋਂ ਹਟਾਇਆ ਗਿਆ ਹੈ, ਨੂੰ ਭਰੋਸਾ ਦਿੰਦਾ ਹਾਂ ਕਿ ਮੈਂ ਉਨ੍ਹਾਂ ਦੀਆਂ ਨੌਕਰੀਆਂ ਬਹਾਲ ਕਰਵਾਂਗਾ।’’ ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਦੀਵਾਲੀ ਤੋਂ ਪਹਿਲਾਂ ਸੈਂਕੜੇ ਲੋਕਾਂ ਦੇ ਘਰ ਉਜਾੜ ਕੇ ਉਨ੍ਹਾਂ ਦੀਆਂ ਨੌਕਰੀਆਂ ਖੋਹ ਲਈਆਂ ਹਨ, ਉਹ ਭਾਜਪਾ ਵੱਲੋਂ ਕੀਤਾ ਗਿਆ ਵੱਡਾ ਪਾਪ ਹੈ। ਭਾਜਪਾ ਆਪਣੇ ਭਾਸ਼ਣਾਂ ਅਤੇ ਚੋਣ ਮਨੋਰਥ ਪੱਤਰ ਵਿੱਚ ਨੌਕਰੀਆਂ ਦੇਣ ਦੀ ਗੱਲ ਕਰਦੀ ਹੈ, ਪਰ 30 ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਲੋਕਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਇਸ ਘਟਨਾ ਤੋਂ ਸਾਫ਼ ਪਤਾ ਲੱਗਦਾ ਹੈ ਕਿ ਭਾਜਪਾ ਨੌਕਰੀਆਂ ਦੇ ਖ਼ਿਲਾਫ਼ ਹੈ। ਉਹ ਸਰਕਾਰ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਨੌਕਰੀ ਤੋਂ ਕੱਢਣ ਦੇ ਹੱਕ ਵਿੱਚ ਹੈ। ਉਨ੍ਹਾਂ ਕਿਹਾ ਕਿ ਕੱਚੇ ਕਾਮਿਆਂ ਨਾਲ ਖੜ੍ਹੀ ਹੈ।