ਕੁੱਕ ਬੀਬੀਆਂ ਤੇ ਸਫ਼ਾਈ ਸੇਵਕਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਜੋਗਿੰਦਰ ਸਿੰਘ ਮਾਨ
ਮਾਨਸਾ, 19 ਨਵੰਬਰ
ਜ਼ਿਲ੍ਹਾ ਕਚਹਿਰੀਆਂ ਮਾਨਸਾ ਵਿੱਚ ਅੱਜ ਮਿੱਡ-ਡੇਅ ਮੀਲ ਤੇ ਸਫ਼ਾਈ ਵਰਕਰ ਯੂਨੀਅਨ ਵੱਲੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ’ਚੋਂ ਬਿਨਾਂ ਵਜ੍ਹਾ ਹਟਾਉਣ ਤੇ ਤਨਖਾਹ ’ਚ ਕੀਤਾ ਵਾਧਾ ਜਾਰੀ ਨਾ ਕਰਨ ਖ਼ਿਲਾਫ਼ ਕੁੱਕ ਬੀਬੀਆਂ ਤੇ ਸਫ਼ਾਈ ਵਰਕਰਾਂ ਵੱਲੋਂ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਬੋਹਾ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਅੱਜ ਜਿਥੇ ਰਾਜ ਅੰਦਰ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਅਤੇ ਅਫ਼ਸਰਸ਼ਾਹੀ ਲੱਖਾਂ ਰੁਪਏ ਪ੍ਰਤੀ ਮਹੀਨਾ ਤਨਖਾਹਾਂ ਪ੍ਰਾਪਤ ਕਰ ਰਹੇ ਹਨ, ਉਥੇ ਸਰਕਾਰ ਦੇ ਹੀ ਵਿਭਾਗਾਂ ਅਤੇ ਸਰਕਾਰੀ ਸਕੂਲਾਂ ਵਿੱਚ ਮਿੱਡ-ਡੇਅ ਮੀਲ ਸਕੀਮ ਤਹਿਤ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਸਿਰਫ਼ 100 ਰੁਪਏ ਰੋਜ਼ਾਨਾ ਦਿਹਾੜੀ ’ਤੇ ਜ਼ਿੰਦਗੀ ਜਿਉਣ ਲਈ ਮਜਬੂਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੀਬੀਆਂ ਨੂੰ ਵੀ ਆਨੇ-ਬਹਾਨੇ ਸਕੂਲਾਂ ’ਚੋਂ ਹਟਾਇਆ ਜਾ ਰਿਹਾ ਹੈ ਅਤੇ ਇਸੇ ਤਰ੍ਹਾਂ ਸਕੂਲਾਂ ਵਿੱਚ ਸਫ਼ਾਈ ਵਰਕਰ ਨੂੰ ਤਿੰਨ ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਕਾਲੀ-ਕਾਂਗਰਸੀਆਂ ਤੋਂ ਅੱਕੇ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ’ਤੇ ਬਿਠਾ ਕੇ ਵੱਡੀ ਗ਼ਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਦੇ ਢੰਗ ਨਾਲ ਰਾਜ ਚਲਾਉਣ ਦੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਾਂ 18 ਮਹੀਨਿਆਂ ਵਿਚ ਹੀ 65 ਹਜ਼ਾਰ ਕਰੋੜ ਦਾ ਕਰਜ਼ਾ ਪੰਜਾਬ ਸਿਰ ਚੜ੍ਹਾ ਦਿੱਤਾ ਹੈ, ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ‘ਆਪ’ ਸਰਕਾਰ 5 ਸਾਲ ਵਿੱਚ ਪੰਜਾਬ ਨੂੰ ਬਰਬਾਦ ਕਰ ਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੁੱਕ ਬੀਬੀਆਂ ਦੀ ਸਕੂਲਾਂ ’ਚੋਂ ਛਾਂਟੀ ਕੀਤੀ ਅਤੇ ਤਨਖਾਹਾਂ ਵਿੱਚ ਕੀਤਾ ਗਿਆ ਵਾਧਾ ਜਾਰੀ ਨਾ ਕੀਤਾ ਤਾਂ ਦਸੰਬਰ ਮਹੀਨੇ ਵਿੱਚ ਮੁੱਖ ਮੰਤਰੀ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ।
ਇਸ ਮੌਕੇ ਜਸਵਿੰਦਰ ਕੌਰ ਗਾਮੀਵਾਲਾ, ਮਨਜੀਤ ਕੌਰ ਰਿਉਦ ਖ਼ੁਰਦ, ਨਸੀਬ ਕੌਰ ਪੈਰੋ, ਕੇਸਰ ਕੌਰ ਦਾਤੇਵਾਸ, ਜਰਨੈਲ ਸਿੰਘ ਮਾਨਸਾ, ਪਰਮਿੰਦਰ ਕੌਰ, ਵੀਰਪਾਲ ਕੌਰ ਤੇ ਜਸਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।