ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਮੁਜ਼ਾਹਰਾ
ਜੋਗਿੰਦਰ ਸਿੰਘ ਓਬਰਾਏ
ਖੰਨਾ, 31 ਦਸੰਬਰ
ਇਥੇ ਬਿਜਲੀ ਬੋਰਡ ਨਾਲ ਸਬੰਧਤ ਵੱਖ ਵੱਖ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਬਰਾਂ ਨੇ ਕਰਤਾਰ ਚੰਦ ਅਤੇ ਗੁਰਸੇਵਕ ਸਿੰਘ ਮੋਹੀ ਦੀ ਅਗਵਾਈ ਹੇਠਾਂ ਪਾਵਰਕੌਮ ਸਬ ਸਿਟੀ-1 ਖੰਨਾ ਦੇ ਗੇਟ ਅੱਗੇ ਰੋਸ ਰੈਲੀ ਕਰਦਿਆਂ ਪੰਜਾਬ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ। ਇਸ ਮੌਕੇ ਹਰੀ ਸ਼ੰਕਰ ਅਤੇ ਰਾਜੇਸ਼ ਕੁਮਾਰ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ, ਪੈਨਸ਼ਨਰ, ਕਿਸਾਨ, ਮਜ਼ਦੂਰ, ਵਿਦਿਆਰਥੀਆਂ ਅਤੇ ਹੋਰ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਹਰ ਵਰਗ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਜਸਵਿੰਦਰ ਸਿੰਘ, ਜਗਜੀਤ ਸਿੰਘ ਅਤੇ ਜਗਦੇਵ ਸਿੰਘ ਨੇ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਤਹਿਤ ਕਾਰਪੋਰੇਟ ਘਰਾਣਿਆਂ ਨੂੰ ਸਰਕਾਰੀ ਤੇ ਅਰਧ ਸਰਕਾਰੀ ਅਦਾਰੇ ਕੌਡੀਆਂ ਭਾਅ ਵੇਚਣੇ ਬੰਦ ਕੀਤੇ ਜਾਣ, ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ, ਸੇਵਾ ਸ਼ਰਤਾਂ ਵਿਚ ਕੀਤੀ ਜਾ ਰਹੀ ਤਬਦੀਲੀ ਰੱਦ ਕੀਤੀ ਜਾਵੇ, 2004 ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਖਾਲੀ ਅਸਾਮੀਆਂ ਪੱਕੀ ਭਰਤੀ ਰਾਹੀਂ ਭਰੀਆਂ ਜਾਣ, ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਤਿੰਨ ਫੌਜਦਾਰੀ ਕਾਨੂੰਨ ਰੱਦ ਕੀਤੇ ਜਾਣ, ਲੋਕਾਂ ਨੂੰ ਜਾਤੀ ਤੇ ਬੋਲੀ ਦੇ ਆਧਾਰ ’ਤੇ ਵੰਡਣ ਦੀਆਂ ਕੋਸ਼ਿਸ਼ਾਂ ਬੰਦ ਕੀਤੀਆਂ ਜਾਣ, ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕੀਤੀਆਂ ਜਾਣ ਅਤੇ ਨਵੇਂ ਫੁਰਮਾਨਾਂ ਰਾਹੀਂ ਮੁੜ ਪੁਰਾਣੇ ਖੇਤੀ ਕਾਨੂੰਨ ਲਾਗੂ ਕਰਨ ਦੀ ਨੀਤੀ ਰੱਦ ਕੀਤੀ ਜਾਵੇ। ਇਸ ਦੌਰਾਨ ਨੈਸ਼ਨਲ ਕੋਆਰਡੀਨੇਟ ਕਮੇਟੀ ਭਾਰਤ ਦੇ ਸੱਦੇ ਨੂੰ ਲਾਗੂ ਕਰਨ ਲਈ 31 ਮਾਰਚ ਨੂੰ ਚੰਡੀਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਬਿਜਲੀ ਕਾਮਿਆਂ ਦੀ ਹਮਾਇਤ ਵਿਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ।