ਕੌਮੀ ਕਮਿਸ਼ਨ ਦੇ ਹੁਕਮ ਲਾਗੂ ਨਾ ਕਰਨ ਖ਼ਿਲਾਫ਼ ਮੁਜ਼ਾਹਰਾ
ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 21 ਜੁਲਾਈ
ਕੁਲਵੰਤ ਕੌਰ ਰਸੂਲਪੁਰ ਦੀ ਕਥਿਤ ਪੁਲੀਸ ਤਸ਼ੱਦਦ ਨਾਲ ਨਕਾਰਾ ਹੋਣ ਦੇ ਸੋਲਾਂ ਸਾਲ ਬਾਅਦ ਹੋਈ ਮੌਤ ਦੇ ਮਾਮਲੇ ’ਚ ਨਾਮਜ਼ਦ ਡੀਐੱਸਪੀ ਸਮੇਤ ਚਾਰਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅੱਜ ਇਥੇ ਰੋਸ ਮੁਜ਼ਾਹਰਾ ਕੀਤਾ ਗਿਆ। ਕੌਮੀ ਕਮਿਸ਼ਨ ਦੇ ਹੁਕਮਾਂ ਨੂੰ ਲਾਗੂ ਨਾ ਕਰਨ ਖ਼ਿਲਾਫ਼ ਜਨਤਕ ਜਥੇਬੰਦੀਆਂ ਦਾ ਭਰਵਾਂ ਇਕੱਠ ਪਹਿਲਾਂ ਰੇਲਵੇ ਪੁਲ ਦੇ ਹੇਠਾਂ ਰੇਲਵੇ ਫਾਟਕਾਂ ਨਜ਼ਦੀਕ ਹੋਇਆ। ਇਥੇ ਰੈਲੀ ਕਰਨ ਤੋਂ ਬਾਅਦ ਸ਼ਹਿਰ ਅੰਦਰ ਰੋਸ ਮਾਰਚ ਕਰਕੇ ਇਨਸਾਫ਼ ਦੀ ਮੰਗ ਕੀਤੀ ਗਈ। ਰੈਲੀ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਸਾਧੂ ਸਿੰਘ ਅੱਚਰਵਾਲ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀਵ ਤੇ ਜਸਦੇਵ ਸਿੰਘ ਲਲਤੋਂ, ਭਾਰਤੀ ਕਿਸਾਨ ਯੂਨੀਅਨ (ਬੁਰਜਗਿੱਲ) ਦੇ ਮਨਜਿੰਦਰ ਸਿੰਘ ਮੋਰਕਰੀਮਾ, ਹਰਚੰਦ ਸਿੰਘ ਢੋਲਣ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਤੇ ਬੂਟਾ ਸਿੰਘ ਹਾਂਸ ਕਲਾਂ, ਸਤਿਕਾਰ ਕਮੇਟੀ ਦੇ ਜਸਪ੍ਰੀਤ ਸਿੰਘ ਢੋਲਣ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਨਿਰਮਲ ਸਿੰਘ ਨਿੰਮਾ, ਏਟਕ ਆਗੂ ਜਗਦੀਸ਼ ਸਿੰਘ ਕਾਉਂਕੇ, ਜਬਰ ਵਿਰੋਧੀ ਤਾਲਮੇਲ ਕਮੇਟੀ ਦੇ ਆਗੂ ਗੁਰਦੇਵ ਸਿੰਘ ਮੁੱਲਾਂਪੁਰ ਨੇ ਸੰਬੋਧਨ ਕੀਤਾ। ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਵੱਲ ਰੋਸ ਮੁਜ਼ਾਹਰਾ ਕਰਦੇ ਹੋਏ ਐੱਸਪੀ (ਹੈਡਕੁਆਰਟਰ) ਮਨਵਿੰਦਰਵੀਰ ਸਿੰਘ ਨੂੰ ਮੰਗ ਪੱਤਰ ਦੇ ਕੇ ਕੌਮੀ ਕਮਿਸ਼ਨ ਦੇ ਆਦੇਸ਼ਾਂ ਮੁਤਾਬਕ ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਗੁਰਚਰਨ ਸਿੰਘ ਰਸੂਲਪੁਰ, ਜਸਵੀਰ ਸਿੰਘ, ਪ੍ਰਧਾਨ ਸ਼ਿੰਦਾ ਸਿੱਧਵਾਂ, ਬਲਜੀਤ ਸਿੰਘ ਸਵੱਦੀ, ਜਗਤਾਰ ਸਿੰਘ, ਸੁਖਵਿੰਦਰ ਮੰਡਿਆਣੀ, ਭਰਪੂਰ ਛੱਜਾਵਾਲ, ਰੂਪ ਸਿੰਘ ਝੋਰੜਾ, ਇਕਬਾਲ ਸਿੰਘ ਰਸੂਲਪੁਰ ਆਦਿ ਮੌਜੂਦ ਸਨ।