For the best experience, open
https://m.punjabitribuneonline.com
on your mobile browser.
Advertisement

ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਦਫ਼ਤਰ ’ਤੇ ਮਾਰੇ ਛਾਪੇ ਖ਼ਿਲਾਫ਼ ਮੁਜ਼ਾਹਰਾ

08:20 AM Mar 22, 2024 IST
ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਦਫ਼ਤਰ ’ਤੇ ਮਾਰੇ ਛਾਪੇ ਖ਼ਿਲਾਫ਼ ਮੁਜ਼ਾਹਰਾ
ਰੋਸ ਮੁਜ਼ਾਹਰਾ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਕਾਰਕੁਨ। -ਫੋਟੋ: ਮਲਕੀਅਤ ਸਿੰਘ
Advertisement

ਪਾਲ ਸਿੰਘ ਨੌਲੀ/ਹਤਿੰਦਰ ਮਹਿਤਾ
ਜਲੰਧਰ, 21 ਮਾਰਚ
ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੁਲੀਸ ਵੱਲੋਂ ਯੂਨੀਅਨ ਦੇ ਸੂਬਾਈ ਦਫ਼ਤਰ ’ਤੇ ਛਾਪਾ ਮਾਰਨ ਦੇ ਰੋਸ ਵਜੋਂ ਅੱਜ ਜਲੰਧਰ ਵਿੱਚ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਨੇ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਜਾਣਕਾਰੀ ਮੁਤਾਬਕ ਯੂਨੀਅਨ ਦੀ ਅਗਵਾਈ ਹੇਠ ਪਹਿਲਾਂ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਰੈਲੀ ਕੀਤੀ, ਜਿਸ ਮਗਰੋਂ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਤੱਕ ਮੁਜ਼ਾਹਰਾ ਕਰ ਕੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਪੰਜਾਬ ਸਰਕਾਰ ਨੂੰ ਸਵਾਲ ਪੁੱਛਿਆ ਕਿ ਕੀ ਕਿਰਤੀ ਕਿਸਾਨ ਯੂਨੀਅਨ ਕੋਈ ਪਾਬੰਦੀਸ਼ੁਦਾ ਜਥੇਬੰਦੀ ਹੈ? ਉਨ੍ਹਾਂ ਕਿਹਾ ਕਿ ਯੂਨੀਅਨ ਦੇ ਦਫ਼ਤਰ ਦੀ ਤਾਲਾਬੰਦੀ ਕਰਨ ਅਤੇ ਅੰਦਰ ਵੜਕੇ ਤਲਾਸ਼ੀ ਲੈਣਾ ਜਲੰਧਰ ਪੁਲੀਸ ਦੀ ਭੜਕਾਹਟ ਭਰੀ ਗੈਰ-ਕਾਨੂੰਨੀ ਅਤੇ ਫਾਸ਼ੀ ਹਰਕਤ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਯਾਦ ਕਰਵਾਇਆ ਕਿ ਕਿਰਤੀ ਕਿਸਾਨ ਯੂਨੀਅਨ ਦਾ ਅੱਧੀ ਸਦੀ ਤੋਂ ਵੱਧ ਦਾ ਇਤਿਹਾਸ ਸੰਘਰਸ਼ਾਂ ਅਤੇ ਕੁਰਬਾਨੀਆਂ ਦਾ ਇਤਿਹਾਸ ਰਿਹਾ। ਆਗੂਆਂ ਨੇ ਭਵਿੱਖ ਵਿੱਚ ਅਜਿਹੀਆਂ ਹਰਕਤਾਂ ਤੋਂ ਪੁਲੀਸ ਨੂੰ ਬਾਜ਼ ਆਉਣ ਦੀ ਚਿਤਾਵਨੀ ਦਿੰਦਿਆਂ ਇਸ ਕਾਰਵਾਈ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਸੂਬਾ ਆਗੂ ਸਤਬੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਜਥੇਬੰਦੀ ਦੇ ਦਫ਼ਤਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਯੂਨੀਅਨ ਦਾ ਹਰ ਮੈਂਬਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਵਿੱਚ ਕੀਤੀ ਜਾ ਰਹੀ ਮਹਾਪੰਚਾਇਤ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਸੀ। ਇਸ ਦੌਰਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਅਤੇ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਨੇ ਕਿਹਾ ਕਿ ਅੰਗਰੇਜ਼ ਸਾਮਰਾਜ ਦੀ ਚਾਕਰੀ ਕਰਨ ਅਤੇ ਦੇਸ਼ ਨੂੰ ਫ਼ਿਰਕੂ ਲੀਹਾਂ ’ਤੇ ਵੰਡਣ ਵਾਲੇ ਆਰਐੱਸਐੱਸ ਨੂੰ ਇਹ ਗੱਲ ਕਦੇ ਸਮਝ ਨਹੀਂ ਆ ਸਕਦੀ ਕਿ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦਾ ਸਾਮਰਾਜ-ਕਾਰਪੋਰੇਟ ਵਿਰੋਧੀ ਸੰਘਰਸ਼ਾਂ ਦਾ ਲੰਮਾ ਅਤੇ ਸ਼ਾਨਾਮੱਤਾ ਇਤਿਹਾਸ ਰਿਹਾ ਹੈ।
ਉਨ੍ਹਾਂ ਕਿਸਾਨ ਵਿਰੋਧੀ ਮਤੇ ਲਈ ਆਰਐੱਸਐੱਸ ਮੁਖੀ ਮੋਹਨ ਭਾਗਵਤ ਨੂੰ ਦੇਸ਼ ਦੇ ਕਿਸਾਨਾਂ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ। ਇਕੱਠ ਨੂੰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਸ਼ਮੀਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੁਖਜਿੰਦਰ ਸਿੰਘ ਤੇ ਟਰੱਕ ਯੂਨੀਅਨ ਦੇ ਰਣਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement