ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਮਾਂ ਨਾ ਮਿਲਣ ’ਤੇ ਅਧਿਆਪਕਾਂ ’ਚ ਰੋਸ
ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 22 ਨਵੰਬਰ
ਯੂਟੀ ਦੇ ਅਧਿਆਪਕਾਂ ਦੇ ਮਸਲੇ ਲੰਬੇ ਸਮੇਂ ਤੋਂ ਹੱਲ ਨਹੀਂ ਹੋ ਰਹੇ। ਇਨ੍ਹਾਂ ਅਧਿਆਪਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਆਸ ਦੀ ਕਿਰਨ ਦਿਖਾਈ ਦਿੱਤੀ ਸੀ ਪਰ ਇਨ੍ਹਾਂ ਅਧਿਆਪਕਾਂ ਦੇ ਆਗੂਆਂ ਨੂੰ ਚੰਡੀਗੜ੍ਹ ਦੌਰੇ ਮੌਕੇ ਪ੍ਰਧਾਨ ਮੰਤਰੀ ਨਾਲ ਮਿਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਜਿਸ ਕਰ ਕੇ ਅਧਿਆਪਕਾਂ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਸਮਾਂ ਨਾ ਮਿਲਣ ’ਤੇ ਉਸ ਦਿਨ ਪੰਜਾਬ ਯੂਨੀਵਰਸਿਟੀ ਤਕ ਰੋਸ ਮਾਰਚ ਕਰਨਗੇ। ਜ਼ਿਕਰਯੋਗ ਹੈ ਕਿ ਅਧਿਆਪਕ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਹਨ ਕਿ ਸਮੱਗਰ ਸਿੱਖਿਆ ਅਧੀਨ ਕੰਮ ਕਰ ਰਹੇ ਅਧਿਆਪਕਾਂ ਨੂੰ ਡੀਏ ਦਾ ਬਕਾਇਆ ਅਤੇ ਸੱਤਵਾਂ ਤਨਖ਼ਾਹ ਕਮਿਸ਼ਨ ਰਾਜ ਦੇ ਬਜਟ ਵਿੱਚੋਂ ਦਿੱਤਾ ਜਾਵੇ। ਯੂਟੀ ਕੇਡਰ ਦੇ ਅਧਿਆਪਕਾਂ ਨੂੰ 20 ਕੈਜ਼ੂਅਲ ਛੁੱਟੀਆਂ ਅਤੇ ਡੈਪੂਟੇਸ਼ਨ ’ਤੇ ਆਏ ਅਧਿਆਪਕਾਂ ਨੂੰ ਡੀਏ ਦਾ ਬਕਾਇਆ ਦਿੱਤਾ ਜਾਵੇ। ਇਹ ਵੀ ਦੱਸਣਾ ਬਣਦਾ ਹੈ ਕਿ ਅਧਿਆਪਕ ਆਗੂਆਂ ਨੇ ਦੋ ਦਿਨ ਪਹਿਲਾਂ ਡੀਐੱਸਪੀ ਨਾਲ ਮੁਲਾਕਾਤ ਕਰ ਕੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ।
ਜਾਣਕਾਰੀ ਅਨੁਸਾਰ ਜੁਆਇੰਟ ਟੀਚਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਸੈਕਟਰ-15 ਵਿੱਚ ਮੀਟਿੰਗ ਕਰਨ ਤੋਂ ਬਾਅਦ ਐਲਾਨ ਕੀਤਾ ਕਿ ਜੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਾਲ ਮਿਲਣ ਦਾ ਸਮਾਂ ਨਾ ਦਿੱਤਾ ਗਿਆ ਤਾਂ ਉਹ ਉਨ੍ਹਾਂ ਨੂੰ ਮਿਲਣ ਲਈ ਪੈਦਲ ਮਾਰਚ ਕਰਨਗੇ।
ਅਧਿਆਪਕ ਆਗੂਆਂ ਨੇ ਕਿਹਾ ਕਿ ਸਮੱਗਰ ਸਿੱਖਿਆ ਵਿੱਚ ਕੰਮ ਕਰਦੇ 1200 ਅਧਿਆਪਕਾਂ ਦੇ ਡੀਏ ਦੇ ਬਕਾਏ ਦੋ ਸਾਲਾਂ ਤੋਂ ਬਕਾਇਆ ਹਨ ਅਤੇ ਡੀਏ ਦੀਆਂ ਦੋ ਕਿਸ਼ਤਾਂ ਹਾਲੇ ਤੱਕ ਨਹੀਂ ਮਿਲੀਆਂ। ਇਸ ਤੋਂ ਇਲਾਵਾ ਨਵ-ਨਿਯੁਕਤ ਸਮੱਗਰ ਸਿੱਖਿਆ ਅਧਿਆਪਕਾਂ ਦੇ ਸੱਤਵੇਂ ਤਨਖ਼ਾਹ ਕਮਿਸ਼ਨ ਬਾਰੇ ਪ੍ਰਸ਼ਾਸਨ ਕੋਲ ਲੋੜੀਂਦਾ ਬਜਟ ਹੈ ਫਿਰ ਵੀ ਇਸ ਵਿੱਚ ਦੇਰੀ ਕੀਤੀ ਜਾ ਰਹੀ ਹੈ।