For the best experience, open
https://m.punjabitribuneonline.com
on your mobile browser.
Advertisement

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ‘ਆਪ’ ਵੱਲੋਂ ਪ੍ਰਦਰਸ਼ਨ

06:46 AM Mar 28, 2024 IST
ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ‘ਆਪ’ ਵੱਲੋਂ ਪ੍ਰਦਰਸ਼ਨ
ਜਲੰਧਰ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਪਾਰਟੀ ਦੇ ਆਗੂ ਅਤੇ ਕਾਰਕੁਨ। -ਫੋਟੋ: ਮਲਕੀਅਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 27 ਮਾਰਚ
ਇੱਥੋਂ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਭਾਜਪਾ ਵਿਚ ਸ਼ਾਮਿਲ ਹੋਣ ’ਤੇ ‘ਆਪ’ ਦੇ ਵਰਕਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਕਾਰਨ ਅੱਜ ‘ਆਪ’ ਵੱਲੋਂ ਮੰਤਰੀ ਬਲਕਾਰ ਸਿੰਘ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਰਮਨ ਅਰੋੜਾ ਤੇ ਹੋਰ ਆਗੂਆਂ ਦੀ ਅਗਵਾਈ ਹੇਠ ਹਜ਼ਾਰਾਂ ‘ਆਪ’ ਵਰਕਰਾਂ ਵੱਲੋਂ ਸ਼ੀਤਲ ਅੰਗੁਰਾਲ ਦੇ ਇਲਾਕੇ ਵਿੱਚ ਦੋਵਾਂ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਤੇ 120 ਫੁਟੀ ਰੋਡ ’ਤੇ ਧਰਨਾ ਦਿੱਤਾ। ਇਸ ਮੌਕੇ ਵਰਕਰਾਂ ਵੱਲੋਂ ਸੁਸ਼ੀਲ ਰਿੰਕੂ ਅਤੇ ਸ਼ੀਤਲ ਅਗੂੰਰਾਲ ਦੀਆਂ ਫੋਟੋ ਹੇਠ ਪੰਜਾਬ ਦੇ ਗਦਾਰ ਲਿਖੇ ਹੋਏ ਪਰਚੇ ਚੁੱਕੇ ਹੋਏ ਸਨ।
ਪ੍ਰਦਰਸ਼ਨਕਾਰੀਆਂ ਨੇ ਇਨ੍ਹਾਂ ਆਗੂਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ‘ਆਪ’ ਵਰਕਰਾਂ ਨੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਘਰ ਅੱਗੇ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸੁਸ਼ੀਲ ਰਿੰਕੂ ਅਤੇ ਅੰਗੁਰਾਲ ਦੇ ਘਰ ਅੱਗੇ ਲੱਗੇ ਬੋਰਡ ’ਤੇ ਸਪਰੇਅ ਮਾਰ ਕੇ ਤੋੜ ਦਿੱਤੇ। ਇਸ ਤੋਂ ਬਾਅਦ ਭਾਜਪਾ ਵਿੱਚ ਸ਼ਾਮਿਲ ਹੋਏ ਦੋਵਾਂ ਆਗੂਆਂ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਇਨ੍ਹਾਂ ਦੇ ਪੁਤਲੇ ਸਾੜੇ ਗਏ ਤੇ ਕੇਜਰੀਵਾਲ ਜ਼ਿੰਦਾਬਾਦ ਦੇ ਨਾਅਰੇ ਲਾਏ।
ਇਸ ਮੌਕੇ ‘ਆਪ’ ਆਗੂਆਂ ਨੇ ਕਿਹਾ ਕਿ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਕਿਉਕਿ ਦੋਵਾਂ ਨੂੰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਕਰ ਕੇ ਵੋਟਾਂ ਪਾਈਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਇਨ੍ਹਾਂ ਦੋਵਾਂ ਆਗੂਆਂ ਨੂੰ ਮੂੰਹ ਨਹੀਂ ਲਗਾਉਣਗੇ।

Advertisement

ਭਾਜਪਾ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ

ਜਲੰਧਰ (ਪੱਤਰ ਪ੍ਰੇਰਕ): ਭਾਜਪਾ ਜਲੰਧਰ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ ਨੇ ਜ਼ਿਲ੍ਹੇ ਦੇ ਡੀਸੀ ਕਮ ਚੋਣ ਅਧਿਕਾਰੀ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਸ਼ਰਮਾ ਨੇ ਲਿਖਿਆ ਕਿ ‘ਆਪ’ ਵਰਕਰ ਭਾਜਪਾ ’ਚ ਸ਼ਾਮਲ ਹੋਏ ਆਗੂਆਂ ਦੇ ਘਰਾਂ ਦੇ ਬਾਹਰ ਧਰਨਾ ਦੇ ਰਹੇ ਹਨ। ਇਸ ਲਈ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇ, ਤਾਂ ਜੋ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਦੇ ਲਿਖਿਆ ਗਿਆ ਹੈ ਕਿ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਘਰਾਂ ਅੱਗੇ ਪ੍ਰਦਰਸ਼ਨ ਕਰ ਕੇ ਪੁਤਲੇ ਸਾੜੇ ਹਨ। ਇਸ ਕਾਰਨ ਪ੍ਰਦਸ਼ਨਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Advertisement
Author Image

sukhwinder singh

View all posts

Advertisement
Advertisement
×