ਬੱਸ ਕਿਰਾਏ ਦੇ ਵਾਧੇ ਖ਼ਿਲਾਫ਼ ਅਕਾਲੀ ਦਲ ਵੱਲੋਂ ਮੁਜ਼ਾਹਰਾ
ਰਵਿੰਦਰ ਰਵੀ
ਬਰਨਾਲਾ 20 ਸਤੰਬਰ
ਪੰਜਾਬ ਵਿਚ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਅਤੇ ਬੱਸਾਂ ਦੇ ਕਿਰਾਏ ਵਿੱਚ ਵਾਧੇ ਖ਼ਿਲਾਫ਼ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕਿ ਇਹ ਪ੍ਰਦਰਸ਼ਨ ਪੰਜਾਬ ਸਰਕਾਰ ਦੇ ਖ਼ਿਲਾਫ਼ ਸੀ ਪਰ ਇਸ ਦੌਰਾਨ ਬਰਨਾਲਾ ਜ਼ਿਮਨੀ ਚੋਣ ’ਚ ਅਕਾਲੀ ਦਲ ਵੱਲੋਂ ਪੂਰੀ ਮਜ਼ਬੂਤੀ ਨਾਲ ਲੜਨ ਦਾ ਫੈਸਲਾ ਕੀਤਾ ਗਿਆ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਮੂਹ ਇੱਕਠ ’ਚ ਮਰਹੂਮ ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੇ ਪੁੱਤਰ ਕੁਲਵੰਤ ਸਿੰਘ ਕੀਤੂ ਨੂੰ ਹਲਕਾ ਬਰਨਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ। ਉਨ੍ਹਾਂ ਕਿਹਾ ਕਿ ਬਦਲਾਅ ਵਾਲੀ ਦੇ ਰਾਜ ’ਚ ਹਰ ਵਰਗ ਦੁਖੀ ਹੋ ਚੁੱਕਿਆ ਹੈ ਅਤੇ ਲੋਕ ਹੁਣ ਘਰਾਂ ’ਚ ਨਿਕਲਣ ਲੱਗੇ ਡਰਦੇ ਹਨ। ਸਰਕਾਰ ਨੇ ਚੁੱਟਕੀ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਰੋਜ਼ਾਨਾ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ। ਮੁਲਜ਼ਮ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਰੁਲ ਰਹੇ ਹਨ। ਇਸ ਰੋਸ ਪ੍ਰਦਰਸ਼ਨ ਨੂੰ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕੁਲਵੰਤ ਸਿੰਘ ਕੀਤੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸਤਨਾਮ ਸਿੰਘ ਰਾਹੀ, ਐਡਵੋਕੇਟ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਗੁਰਨੈਬ ਸਿੰਘ ਫੱਗੂਵਾਲਾ ਸਮੇਤ ਕਈ ਆਗੂਆਂ ਨੇ ਸਰਕਾਰ ਖ਼ਿਲਾਫ਼ ਭੜਾਸ ਕੱਢੀ।