ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਅਕਾਲੀ ਦਲ ਵੱਲੋਂ ਧਰਨਾ
ਮਹਿੰਦਰ ਸਿੰਘ ਰੱਤੀਆਂ
ਮੋਗਾ, 13 ਸਤੰਬਰ
ਇਥੇ ਜ਼ਿਲ3੍ਹਾ ਸਕੱਤਰੇਤ ਅੱਗੇ ਅਕਾਲੀ ਦਲ 4ਵੱਲੋਂ ਜਿਥੇ ਸੂਬੇ ਦੀ ‘ਆਪ’ ਸਰਕਾਰ ਵੱਲੋਂ ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਲੋਕ ਵਿਰੋਧੀ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਨੂੰ ਨਜ਼ਰਅੰਦਾਜ਼ ਕਰਨ ਦੀ ਆਲੋਚਨਾ ਕੀਤੀ ਗਈ।
ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਤੇਲ ਕੀਮਤਾਂ ਉੱਤੇ ਵੈਟ ’ਚ ਵਾਧਾ ਅਤੇ 7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਜਾ ਰਹੀ ਕਰੀਬ 3 ਰੁਪਏ ਪ੍ਰਤੀ ਯੂਨਿਟ ਦੀ ਬਿਜਲੀ ਸਬਸਿਡੀ ਵੀ ਖਤਮ ਕਰ ਲੋਕਾਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਨਾ ਸਿਰਫ਼ ਕਿਸਾਨਾਂ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ ਬਲਕਿ ਆਮ ਲੋਕਾਂ ਨੂੰ ਵੀ ਮਹਿੰਗਾਈ ਦਾ ਸੇਕ ਲੱਗਾ ਹੈ। ਉਨ੍ਹਾਂ ਕੀਮਤਾਂ ’ਚ ਵਾਧਾ ਤੁਰੰਤ ਵਾਪਸ ਲੈਣ ਅਤੇ ਸਬਸਿਡੀਆਂ ਬਹਾਲ ਕਰਨ ਦੀ ਮੰਗ ਕੀਤੀ। ਪੰਜਾਬ ਸਿਹਤ ਨਿਗਮ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਜਿਹੇ ਫ਼ੈਸਲੇ ਆਮ ਵਰਗ ਦੇ ਲੱਕ ਤੋੜਨ ਵਾਲੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ ਸਗੋਂ ਸਰਕਾਰ ਨੇ ਆਮ ਲੋਕਾਂ ’ਤੇ ਬੋਝ ਵਧਾ ਦਿੱਤਾ ਹੈ।
ਸ਼ਹਿਰੀ ਹਲਕਾ ਇੰਚਾਰਜ ਸੰਦੀਪ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਸੂਬੇ ਵਿਚ ‘ਆਪ’ ਸਰਕਾਰ ਨੂੰ ਢਾਈ ਸਾਲ ਤੋਂ ਵਧੇਰਾ ਸਮਾਂ ਹੋ ਚੁੱਕਾ ਹੈ ਪਰ ਸਰਕਾਰ ਨੇ ਹੁਣ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ। ਇਸ ਮੌਕੇ ਐੱਸਜੀਪੀਸੀ ਮੈਂਬਰ ਤਰਸੇਮ ਸਿੰਘ ਰੱਤੀਆਂ, ਸਾਬਕਾ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ, ਰਾਜਵਿੰਦਰ ਸਿੰਘ ਧਰਮਕੋਟ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਰਥਿਕ ਹਾਲਤ ਸੁਧਾਰਨ ਲਈ ਜੋ ਫੈਸਲੇ ਲਏ ਹਨ, ਉਹ ਆਮ ਲੋਕਾਂ ਦੀ ਆਰਥਿਕ ਹਾਲਤ ਵਿਗਾੜ ਰਹੇ ਹਨ।