For the best experience, open
https://m.punjabitribuneonline.com
on your mobile browser.
Advertisement

ਬੈਂਕ ਖਾਤੇ ਫਰੀਜ਼ ਕਰਨ ’ਤੇ ਚੰਡੀਗੜ੍ਹ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ

07:12 AM Mar 31, 2024 IST
ਬੈਂਕ ਖਾਤੇ ਫਰੀਜ਼ ਕਰਨ ’ਤੇ ਚੰਡੀਗੜ੍ਹ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ
ਸੈਕਟਰ 35 ਸਥਿਤ ਪਾਰਟੀ ਦਫ਼ਤਰ ਵਿੱਚ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ। -ਫੋਟੋ: ਟ੍ਰਿਬਿਊਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਾਰਚ
ਦੇਸ਼ ਵਿੱਚ ਆਮਦਨ ਕਰ ਵਿਭਾਗ ਵੱਲੋਂ ਕਾਂਗਰਸ ਪਾਰਟੀ ਨੂੰ ਨੋਟਿਸ ਭੇਜੇ ਜਾਣ ਖ਼ਿਲਾਫ਼ ਅੱਜ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀਆਂ ਨੇ ਸੈਕਟਰ-35 ਸਥਿਤ ਕਾਂਗਰਸ ਭਵਨ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸੀਆਂ ਨੇ ਹੱਥਾਂ ਵਿੱਚ ਖਾਲੀ ਕੱਪ ਤੇ ਪਲੇਟਾਂ ਲੈ ਕੇ ਭਾਜਪਾ ਵਿਰੁੱਧ ਨਾਅਰੇਬਾਜੀ ਕੀਤੀ। ਕਾਂਗਰਸੀਆਂ ਨੇ ਆਮਦਨ ਕਰ ਵਿਭਾਗ ਵੱਲੋਂ ਕਾਂਗਰਸ ਪਾਰਟੀ ਨੂੰ 1823 ਕਰੋੜ ਰੁਪਏ ਜਮਾ ਕਰਵਾਉਣ ਲਈ ਭੇਜੇ ਨੋਟਿਸ ਨੂੰ ਗੈਰਕਾਨੂੰਨੀ ਕਰਾਰਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੇਸ਼ ਵਿੱਚ ਭਾਜਪਾ ਵੱਲੋਂ ਵਿਰੋਧੀਆਂ ਦੀ ਆਵਾਜ ਨੂੰ ਦਬਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਐੱਚਐੱਸ ਲੱਕੀ ਨੇ ਕਿਹਾ ਕਿ ਆਮਦਨਕਰ ਵਿਭਾਗ ਵੱਲੋਂ ਭਾਜਪਾ ਦੇ ਇਸ਼ਾਰੇ ’ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਜਾਣ-ਬੁੱਝ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮਦਨ ਕਰ ਵਿਭਾਗ ਨੇ ਕਾਂਗਰਸ ਪਾਰਟੀ ਦੇ ਪਿਛਲੇ 8 ਸਾਲਾਂ ਦੇ ਸਾਰੇ ਮਾਮਲਿਆਂ ਨੂੰ ਮੁੜ ਤੋਂ ਖੋਲ੍ਹ ਦਿੱਤਾ ਹੈ, ਜਿਨ੍ਹਾਂ ਦਾ ਪਹਿਲਾਂ ਹੀ ਨਿਪਟਾਰਾ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਆਮਦਨ ਕਰ ਵਿਭਾਗ ਨੇ ਭਾਜਪਾ ਦੇ ਇਸ਼ਾਰੇ ’ਤੇ ਕੀਤਾ ਹੈ ਤਾਂ ਜੋ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਰੁਪਏ ਦੀ ਘਾਟ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਵਿਰੋਧੀ ਪਾਰਟੀਆਂ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾ ਰਹੀ ਹੈ ਅਤੇ ਦੇਸ਼ ਵਿੱਚੋਂ ਲੋਕਤੰਤਰ ਦੀ ਹੱਤਿਆ ਕਰਨ ਲੱਗੀ ਹੋਈ ਹੈ। ਸ੍ਰੀ ਲੱਕੀ ਨੇ ਕਿਹਾ ਕਿ ਭਾਜਪਾ ਦੇ ਇਸ਼ਾਰੇ ’ਤੇ ਈਡੀ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਡੱਕ ਦਿੱਤਾ ਹੈ। ਦੂਜੇ ਪਾਸੇ ਆਮਦਨ ਕਰ ਵਿਭਾਗ ਵੱਲੋਂ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫਰੀਜ ਕਰਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਧੱਕੇਸ਼ਾਹੀਆਂ ਨੂੰ ਅੱਜ ਦੇਸ਼ ਦੇ ਲੋਕ ਦੇਖ ਰਹੇ ਹਨ। ਜਿਨ੍ਹਾਂ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਮੋੜਵਾਂ ਜਵਾਬ ਦਿੱਤਾ ਜਾਵੇਗਾ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਹਾਰ ਹੋਵੇਗੀ ਅਤੇ ਇੰਡੀਆ ਗਠਜੋੜ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ। ਇਸ ਮੌਕੇ ਕਾਂਗਰਸ ਪਾਰਟੀ ਦੇ ਕੌਂਸਲਰ ਤੇ ਸਾਰੇ ਅਹੁਦੇਦਾਰ ਮੌਜੂਦ ਰਹੇ।

Advertisement

Advertisement
Author Image

sanam grng

View all posts

Advertisement
Advertisement
×