For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਵੱਲੋਂ ਭਾਜਪਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

08:50 AM Jun 22, 2024 IST
ਕਾਂਗਰਸ ਵੱਲੋਂ ਭਾਜਪਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
ਨਵੀਂ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈਂਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਏਐੱਨਆਈ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਜੂਨ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਨੀਟ-ਯੂਜੀ ਪ੍ਰੀਖਿਆ ਵਿੱਚ ਹੋਈ ਗੜਬੜੀ ਖ਼ਿਲਾਫ਼ ਭਾਜਪਾ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਅਤੇ ਇਸ ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਕੀਤੀ। ਸੂਬਾ ਪ੍ਰਧਾਨ ਨੇ ਕਿਹਾ ਕਿ ਇਹ ਚਿੰਤਾਜਨਕ ਹੈ ਕਿ ਹਰ ਵਿਸ਼ੇ ’ਤੇ ਆਪਣੇ ਮਨ ਦੀ ਗੱਲ ਕਹਿਣ ਵਾਲੇ ਸਾਡੇ ਪ੍ਰਧਾਨ ਮੰਤਰੀ ਮੋਦੀ ਨੀਟ-ਯੂਜੀ ਪ੍ਰੀਖਿਆ ਦੇ ਪੇਪਰ ਲੀਕ ਦੇ ਮੁੱਦੇ ’ਤੇ ਇਕ ਸ਼ਬਦ ਵੀ ਨਹੀਂ ਕਹਿ ਰਹੇ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ।
ਸ੍ਰੀ ਯਾਦਵ ਨੇ ਕਿਹਾ, ‘‘ਅਸੀਂ ਨੌਜਵਾਨਾਂ ਦੀ ਆਵਾਜ਼ ਬਣ ਕੇ ਸ਼ਾਂਤਮਈ ਢੰਗ ਨਾਲ ਮਜ਼ਬੂਤ ​​ਲੜਾਈ ਲੜਨ ਲਈ ਆਏ ਹਾਂ ਅਤੇ ਜਦੋਂ ਤੱਕ ਅਸੀਂ ਇਸ ਨੂੰ ਪੂਰਾ ਨਹੀਂ ਕਰ ਲੈਂਦੇ ਉਦੋਂ ਤੱਕ ਆਰਾਮ ਨਹੀਂ ਕਰਾਂਗੇ। ਇੱਥੇ ਮੌਜੂਦ ਸਾਰੇ ਕਾਂਗਰਸੀ ਵਰਕਰਾਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਜਾਰੀ ਰੱਖਾਂਗੇ।’’ ਪ੍ਰਦਰਸ਼ਨਕਾਰੀ ਕਾਂਗਰਸ ਦੇ ਸੂਬਾ ਦਫ਼ਤਰ ਵਿੱਚ ਇਕੱਠੇ ਹੋਏ ਅਤੇ ਉਥੋਂ ਭਾਜਪਾ ਦਫ਼ਤਰ ਵੱਲ ਵਧੇ ਪਰ ਪੁਲੀਸ ਫੋਰਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਇਸ ਮੌਕੇ ਪੁਲੀਸ ਨੇ ਸੂਬਾ ਪ੍ਰਧਾਨ ਸਣੇ ਕਈ ਆਗੂਆਂ ਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਮੈਪੁਰ ਬਾਦਲੀ ਲੈ ਗਏ। ਜਿੱਥੇ ਬਾਅਦ ’ਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਵੱਡੀ ਗਿਣਤੀ ’ਚ ਮੌਜੂਦ ਕਾਂਗਰਸੀ ਵਰਕਰਾਂ ਨੇ ਸਿਰਾਂ ’ਤੇ ਟੋਪੀਆਂ, ਹੱਥਾਂ ਵਿੱਚ ਕਾਂਗਰਸ ਦੇ ਝੰਡੇ ਫੜੇ ਹੋਏ ਸਨ ਅਤੇ ਹੱਥਾਂ ’ਚ ਫੜੀਆਂ ਤਖਤੀਆਂ ’ਤੇ ‘24 ਲੱਖ ਵਿਦਿਆਰਥੀਆਂ ਨੂੰ ਇਨਸਾਫ ਦਿਓ’, ‘ਭਾਜਪਾ ਹਾਏ-ਹਾਏ’ ਵਰਗੇ ਨਾਅਰੇ ਲਿਖੇ ਹੋਏ ਸਨ।

Advertisement

ਵਿਦਿਆਰਥੀਆਂ ਨੇ ਭਾਜਪਾ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ

ਵਿਦਿਆਰਥੀ ਜਥੇਬੰਦੀ ‘ਆਇਸਾ’ ਦੇ ਕਾਰਕੁਨਾਂ ਨੇ ਨੀਟ ਵਿਵਾਦ ਨੂੰ ਲੈ ਕੇ ਅੱਜ ਦਿੱਲੀ ਯੂਨੀਵਰਸਿਟੀ ’ਚ ਯੋਗ ਦਿਵਸ ਸਬੰਧੀ ਕਰਵਾਏ ਸਮਾਗਮ ਦੌਰਾਨ ਪੁੱਜੇ ਭਾਜਪਾ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਹਨ। ਯੂਨੀਅਨ ਆਗੂਆਂ ਨੇ ਦਾਅਵਾ ਕੀਤਾ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਇਸ ਸਮਾਗਮ ਵਿੱਚ ਸ਼ਿਰਕਤ ਕਰਨੀ ਸੀ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਧਰਮਿੰਦਰ ਪ੍ਰਧਾਨ ਡੀਯੂ ਵਿੱਚ ਸਮਾਗਮ ਵਿੱਚ ਸ਼ਿਰਕਤ ਕਰਨ ਨਹੀਂ ਆਏ ਅਤੇ ਉਨ੍ਹਾਂ ਦੀ ਹਿੰਮਤ ਜਵਾਬ ਦੇ ਗਈ। ਵਿਦਿਆਰਥੀ ਆਗੂ ਨੇ ਕਿਹਾ ਇਹ ਆਇਸਾ ਦੇ ਕਾਰਕੁਨ ਅਤੇ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕਾਲੇ ਝੰਡੇ ਚੁੱਕ ਕੇ ਯੂਨੀਵਰਸਿਟੀ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਈ ਹੈ। ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੇ ਦੱਸਿਆ ਕਿ ਵਿਰੋਧ ਦੇ ਡਰ ਕਾਰਨ ਸਿੱਖਿਆ ਮੰਤਰੀ ਵੀ ਸਮਾਗਮ ਵਿੱਚ ਨਹੀਂ ਆਏ। ਦਿੱਲੀ ਪੁਲੀਸ ਨੇ ਵਿਦਿਆਰਥੀਆਂ ਨੂੰ ਬੇਰੀਕੇਡ ਲਾ ਕੇ ਸਮਾਗਮ ਤੋਂ ਦੂਰ ਰੱਖਿਆ।

Advertisement
Author Image

Advertisement
Advertisement
×