For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ

08:54 AM Apr 19, 2024 IST
ਕਿਸਾਨਾਂ ਵੱਲੋਂ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ
ਐੱਸਐੱਸਪੀ ਦਫ਼ਤਰ ਅੰਮ੍ਰਿਤਸਰ ਦੇ ਅੱਗੇ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਅਪਰੈਲ
ਭਾਜਪਾ ਕਾਰਕੁਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਹ ਧਰਨਾ ਪੁਲੀਸ ਪ੍ਰਸ਼ਾਸਨ ਵੱਲੋਂ ਸਬੰਧਤ ਪੁਲੀਸ ਅਧਿਕਾਰੀ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਭਰੋਸੇ ਮਗਰੋਂ ਸ਼ਾਮ ਨੂੰ ਖਤਮ ਹੋਇਆ। ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਭਾਜਪਾ ਕਾਰਕੁਨਾਂ ਤੇ ਕਿਸਾਨ ਜਥੇਬੰਦੀ ਦੇ ਕਾਰਕੁਨਾਂ ਵਿਚਾਲੇ ਉਸ ਵੇਲੇ ਹਿੰਸਕ ਮਾਹੌਲ ਬਣ ਗਿਆ ਸੀ ਜਦੋਂ ਸਰਹੱਦੀ ਇਲਾਕੇ ਦੇ ਪਿੰਡ ਭਿੱਟੇ ਵੱਢ ਵਿੱਚ ਕਿਸਾਨ ਜਥੇਬੰਦੀ ਦੇ ਕਾਰਕੁਨ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਲਈ ਪੁੱਜ ਗਏ। ਇਸ ਪ੍ਰੋਗਰਾਮ ਵਿੱਚ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸ਼ਾਮਲ ਹੋਣ ਲਈ ਪੁੱਜੇ ਸਨ। ਇਸ ਦੌਰਾਨ ਕਿਸਾਨ ਕਾਰਕੁਨਾਂ ਵੱਲੋਂ ਭਾਜਪਾ ਉਮੀਦਵਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਉਸ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਭਾਜਪਾ ਪ੍ਰਬੰਧਕਾਂ ਅਤੇ ਕਿਸਾਨ ਕਾਰਕੁਨਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ ਜੋ ਮਗਰੋਂ ਹਿੰਸਕ ਝੜਪ ਵਿੱਚ ਬਦਲ ਗਈ। ਮੌਕੇ ’ਤੇ ਪੁਲੀਸ ਹਾਜ਼ਰ ਸੀ ਪਰ ਇਸ ਦੇ ਬਾਵਜੂਦ ਭਾਜਪਾ ਕਾਰਕੁਨਾਂ ਵੱਲੋਂ ਕਿਸਾਨਾਂ ’ਤੇ ਇੱਟਾਂ ਰੋੜੇ ਚਲਾਏ ਗਏ ਅਤੇ ਕਿਸਾਨਾਂ ਨੇ ਭੱਜ ਕੇ ਜਾਨ ਬਚਾਈ। ਇਸ ਘਟਨਾ ਵਿੱਚ ਛੇ ਕਿਸਾਨ ਜ਼ਖ਼ਮੀ ਹੋਏ ਸਨ। ਇਸੇ ਮਾਮਲੇ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ,ਗੁਰਬਚਨ ਸਿੰਘ ਚੱਬਾ ਤੇ ਹੋਰਨਾ ਵੱਲੋਂ ਅੱਜ ਇੱਥੇ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਦੇ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਇਹ ਪ੍ਰਦਰਸ਼ਨ ਸ਼ਾਮ ਲਗਪਗ 6 ਵਜੇ ਤੱਕ ਜਾਰੀ ਰਿਹਾ। ਕਿਸਾਨ ਆਗੂਆਂ ਨੇ ਦੱਸਿਆ ਕਿ ਸ਼ਾਮ ਨੂੰ ਡੀਆਈਜੀ ਨਾਲ ਹੋਈ ਮੀਟਿੰਗ ਤੋਂ ਬਾਅਦ ਰੋਸ ਪ੍ਰਦਰਸ਼ਨ ਖਤਮ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਜ਼ਖਮੀ ਤਿੰਨ ਕਿਸਾਨਾਂ ਦਾ ਮੈਡੀਕਲ ਵੀ ਕਰਵਾਇਆ ਗਿਆ। ਕਿਸਾਨ ਆਗੂਆਂ ਨੇ ਪੁਲੀਸ ’ਤੇ ਹਮਲਾਵਰ ਭਾਜਪਾ ਕਾਰਕੁਨਾਂ ਖ਼ਿਲਾਫ਼ ਮੌਕੇ ’ਤੇ ਕੋਈ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਕਿਸਾਨਾਂ ਨੇ ਡਿਊਟੀ ਨਾ ਨਿਭਾਉਣ ਵਾਲੇ ਪੁਲੀਸ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਅਤੇ ਉਨ੍ਹਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ। ਇਸ ਦੌਰਾਨ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਭਾਜਪਾ ਕਾਰਕੁਨਾਂ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×