ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਧਰਨਾ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 1 ਅਕਤੂਬਰ
ਗੈਸਟ ਫੈਕਲਟੀ ਅਧਿਆਪਕਾਂ ਦਾ ਸਰਕਾਰੀ ਕਾਲਜ ਦੇ ਬਾਹਰ ਧਰਨਾ ਜਾਰੀ ਹੈ। ਅੱਜ ਕਾਲਜ ਦੇ ਵਿਦਿਆਰਥੀਆਂ ਨੇ ਇਨ੍ਹਾਂ ਅਧਿਆਪਕਾਵਾਂ ਨਾਲ ਇਕਮੁੱਠਤਾ ਪ੍ਰਗਟਾਉਂਦਿਆਂ ਧਰਨੇ ਵਿੱਚ ਸ਼ਮੂਲੀਅਤ ਕੀਤੀ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਗੈਸਟ ਫੈਕਲਟੀ ਅਧਿਆਪਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਚੋਣਾਂ ਵੇਲੇ ਉਨ੍ਹਾਂ ਨੂੰ ਭਰੋਸਾ ਦਵਾਇਆ ਗਿਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਪਰ ਹੁਣ 1158 ਅਧਿਆਪਕਾਂ ਦੀ ਭਰਤੀ ਕਰ ਕੇ ਉਨ੍ਹਾਂ ਨੂੰ ਵਿਹਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 15-15, 20-20 ਸਾਲ ਸੇਵਾਵਾਂ ਦੇਣ ਤੋਂ ਬਾਅਦ ਉਨ੍ਹਾਂ ਤੋਂ ਰੋਜ਼ੀ ਰੋਟੀ ਖੋਹੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਨੇ ‘ਆਪ’ ਦੇ ਮੰਤਰੀ, ਵਿਧਾਇਕ ਅਤੇ ਮੈਂਬਰ ਪਾਰਲੀਮੈਂਟ ਨੂੰ ਮੈਮੋਰੰਡਮ ਦਿੱਤੇ ਅਤੇ ਪੰਜਾਬ ਦੇ ਰਾਜਪਾਲ ਨੂੰ ਵੀ ਮੈਮੋਰੰਡਮ ਭੇਜਿਆ ਪਰ ਅਜੇ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ।
ਉਨ੍ਹਾਂ ਦੋਸ਼ ਲਗਾਇਆ ਕਿ ਨਿਯਮਾਂ ਦੀ ਉਲੰਘਣਾ ਕਰਕੇ ਚੋਰ ਮੋਰੀ ਰਾਹੀਂ ਨਵੇਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਦੋਂਕਿ ਪੰਜਾਬ ਵਿਚ ਇਸ ਵੇਲੇ ਚੋਣ ਜ਼ਾਬਤਾ ਲੱਗਿਆ ਹੋਇਆ ਹੈ।