ਜੂਨੀਅਰ ਇੰਜਨੀਅਰ ਉਮੀਦਵਾਰਾਂ ਵੱਲੋਂ ਧਰਨਾ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 26 ਨਵੰਬਰ
ਪੰਜਾਬ ਸਰਕਾਰ ਖ਼ਿਲਾਫ਼ ਜੂਨੀਅਰ ਇੰਜਨੀਅਰ (ਜੇਈ) ਉਮੀਦਵਾਰਾਂ ਨੇ ਅੱਜ ਇੱਥੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਬਾਹਰ ਧਰਨਾ ਦਿੱਤਾ ਅਤੇ ਹੁਕਮਰਾਨਾਂ ਅਤੇ ਬੋਰਡ ਅਧਿਕਾਰੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੁਰਿੰਦਰ ਸਿੰਘ ਸੰਧੂ, ਹਰਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਯੁੱਗਯਾਦਵੀਰ ਸਿੰਘ, ਦਵਿੰਦਰ ਸਿੰਘ, ਗੁਰਜੋਤ ਸਿੰਘ, ਬਲਰਾਜ ਸਿੰਘ ਅਤੇ ਨੇਹਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 4 ਸਤੰਬਰ 2023 ਨੂੰ ਵੱਖ-ਵੱਖ ਵਿਭਾਗਾਂ ਲਈ ਜੂਨੀਅਰ ਇੰਜੀਨੀਅਰ (ਜੇਈ) ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਇਸ ਸਬੰਧੀ 21 ਜਨਵਰੀ 2024 ਨੂੰ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲਿਖਤੀ ਟੈੱਸਟ ਲਿਆ ਗਿਆ ਅਤੇ 21 ਫਰਵਰੀ ਨੂੰ ਨਤੀਜਾ ਬੋਰਡ ਦੀ ਵੈਬਸਾਈਟ ’ਤੇ ਅਪਲੋਡ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਐੱਸਐੱਸਐੱਸ ਬੋਰਡ ਵੱਲੋਂ ਕੌਂਸਲਿੰਗ ਵੀ ਕੀਤੀ ਜਾ ਚੁੱਕੀ ਹੈ ਪ੍ਰੰਤੂ ਹੁਣ ਤੱਕ ਇਸ ਭਰਤੀ ਸਬੰਧੀ ਫਾਈਨਲ ਸੂਚੀ ਜਾਰੀ ਨਹੀਂ ਕੀਤੀ ਜਾ ਰਹੀ ਅਤੇ ਉਹ ਪਿਛਲੇ ਅੱਠ ਮਹੀਨਿਆਂ ਤੋਂ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਦਿਨ ਉਨ੍ਹਾਂ ਨੇ ਸ਼ਾਂਤਮਈ ਧਰਨਾ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ਗਈ ਲੇਕਿਨ ਸ਼ਾਮ ਤੱਕ ਸਰਕਾਰ ਦਾ ਕੋਈ ਨੁਮਾਇੰਦਾ ਜਾਂ ਬੋਰਡ ਦੇ ਅਧਿਕਾਰੀ ਨੇ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ। ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕਰਦੀ ਉਦੋਂ ਤੱਕ ਲੜੀਵਾਰ ਧਰਨਾ ਜਾਰੀ ਰਹੇਗਾ।