ਮਾਨ ਦਲ ਵੱਲੋਂ ਰੋਸ ਪ੍ਰਦਰਸ਼ਨ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਅਕਤੂਬਰ
ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਦੌਰਾਨ ਮਾਨ ਦਲ ਦੇ ਆਗੂਆਂ ਨੇ ਅੱਜ ਇਮਾਨ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਦਰਬਾਰ ਸਾਹਿਬ ਸਰਾਂ ਦੇ ਬਾਹਰ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਕੋਲੋਂ ਜਵਾਬਤਲਬੀ ਦਾ ਵੀ ਯਤਨ ਕੀਤਾ। ਇਸ ਮੌਕੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਮਨਾਵਾਂ ਤੇ ਹੋਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਬਾਰੇ ਇਮਾਨ ਸਿੰਘ ਮਾਨ ਨੇ ਕਿਹਾ ਕਿ ਜੋ ਅੱਜ ਪ੍ਰਧਾਨਗੀ ਦੀ ਚੋਣ ਹੋਈ ਹੈ ਇਹ ਕੇਂਦਰ ਅਤੇ ਪੰਜਾਬ ਸਰਕਾਰ ਨੇ ਸ਼੍ਰੋਮਣੀ ਕਮੇਟੀ ਦੀ ਚੋਣ ਕਰਵਾਉਣ ਦੀ ਥਾਂ ਬਾਦਲ ਦਲ ਅਤੇ ਬੀ.ਜੇ.ਪੀ. ਦੋ ਧਿਰਾਂ ਦੀ ਚੋਣ ਕਰਵਾ ਕੇ ਜਮਹੂਰੀਅਤ ਦੇ ਢੰਗ ਤਰੀਕੇ ਦਾ ਮਜ਼ਾਕ ਉਡਾਇਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਕੇਦਰ ਨੇ ਪਟਨਾ ਸਾਹਿਬ, ਹਜ਼ੂਰ ਸਾਹਿਬ, ਹਰਿਆਣਾ ਕਮੇਟੀ, ਦਿੱਲੀ ਕਮੇਟੀ ਵਿੱਚ ਦਖਲ ਕਰਕੇ ਅਤੇ ਵੱਖ ਕਰਕੇ ਪੰਥਕ ਏਕਾ ਤੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਪੰਥ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।