ਪੀਏਯੂ ਦੇ ਵਿਦਿਆਰਥੀਆਂ ਵੱਲੋਂ ਸਰਕਾਰ ਖ਼ਿਲਾਫ਼ ਧਰਨਾ
ਸਤਵਿੰਦਰ ਬਸਰਾ
ਲੁਧਿਆਣਾ, 4 ਨਵੰਬਰ
ਪੀਏਯੂ ਦੇ ਵਿਦਿਆਰਥੀਆਂ ਅਤੇ ਹੋਰ ਸਹਿਯੋਗੀਆਂ ਨੇ ਆਪਣੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮਨਵਾਉਣ ਲਈ ਅੱਜ ਪੀਏਯੂ ਦੇ ਗੇਟ ਨੰਬਰ ਇੱਕ ’ਤੇ ਪੱਕਾ ਧਰਨਾ ਲਾ ਦਿੱਤਾ ਹੈ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਦਾ ਕਹਿਣਾ ਸੀ ਕਿ ਉਹ ਸਕੂਲਾਂ ਵਿੱਚ ਖੇਤੀਬਾੜੀ ਅਧਿਆਪਕਾਂ ਦੀ ਭਰਤੀ ਤੋਂ ਇਲਾਵਾ ਹੋਰ ਮੰਗਾਂ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਹੁਣ ਤੱਕ ਉਨ੍ਹਾਂ ਨੂੰ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਮਿਲਿਆ। ਇਸ ਕਰ ਕੇ ਅੱਜ ਮਜਬੂਰ ਹੋ ਕੇ ਉਨ੍ਹਾਂ ਨੇ ਇਹ ਧਰਨਾ ਸ਼ੁਰੂ ਕੀਤਾ ਹੈ।
ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂ ਅੰਗਰੇਜ਼ ਸਿੰਘ ਨੇ ਕਿਹਾ ਕਿ ਧਰਨੇ ਤੋਂ ਪਹਿਲਾਂ ਪੀਏਯੂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਅੱਗੇ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਹੈ। ਵਿਦਿਆਰਥੀ ਆਗੂ ਨੇ ਕਿਹਾ ਕਿ ਉਹ ਪੰਜਾਬ ਦੇ ਸਾਰੇ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਤੱਕ ਖੇਤੀਬਾੜੀ ਵਿਸ਼ਾ ਲਾਜ਼ਮੀ ਕਰਨ, ਪੰਜਾਬ ਦੇ ਸਕੂਲਾਂ ਵਿੱਚ ਖੇਤੀਬਾੜੀ ਅਧਿਆਪਕਾਂ ਦੀ ਭਰਤੀ ਬਹਾਲ ਕਰਨ, ਮੁੱਖ ਮੰਤਰੀ ਨੂੰ ਉਸ ਵੱਲੋਂ ਕੀਤਾ ਵਾਅਦਾ ਕਰਨ ਆਦਿ ਦੀ ਮੰਗ ਕਰ ਰਹੇ ਹਨ। ਇਨ੍ਹਾਂ ਮੰਗਾਂ ਸਬੰਧੀ ਉਹ ਪਹਿਲਾਂ ਵੀ ਧਰਨੇ ਲਾ ਚੁੱਕੇ ਹਨ ਪਰ ਹਰ ਵਾਰ ਉਨ੍ਹਾਂ ਨੂੰ ਕੋਈ ਨਾ ਕੋਈ ਭਰੋਸਾ ਦੇ ਕੇ ਧਰਨਾ ਨਾ ਲਗਾਉਣ ਲਈ ਆਖ ਦਿੱਤਾ ਜਾਂਦਾ ਸੀ। ਇਸ ਸਬੰਧੀ ਸਰਕਾਰ ਦੇ ਕਈ ਨੁਮਾਇੰਦਿਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤੇ ਗਏ, ਮੀਟਿੰਗਾਂ ਵੀ ਹੋਈਆਂ ਪਰ ਇਹ ਸਭ ਬੇਸਿੱਟਾ ਰਹੀਆਂ। ਉਨ੍ਹਾਂ ਕਿਹਾ ਕਿ ਹੁਣ ਖੇਤੀਬਾੜੀ ਦੀ ਪੜ੍ਹਾਈ ਕਰਨ ਵਾਲਾ ਨੌਜਵਾਨ ਵਰਗ ਅਤੇ ਪੀਏਯੂ ਵਿੱਚ ਅਜਿਹੀ ਪੜ੍ਹਾਈ ਕਰ ਰਹੇ ਵਿਦਿਆਰਥੀ ਸਰਕਾਰ ਦੇ ਲਾਰਿਆਂ ਤੋਂ ਅੱਕ ਚੁੱਕੇ ਹਨ। ਇਸ ਲਈ ਉਨ੍ਹਾਂ ਨੂੰ ਪੱਕਾ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ। ਇੱਕ ਆਗੂ ਨੇ ਕਿਹਾ ਕਿ ਹੁਣ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਇਹ ਧਰਨਾ ਇਸੇ ਤਰ੍ਹਾਂ ਦਿਨ-ਰਾਤ ਚੱਲਦਾ ਰਹੇਗਾ। ਇਸ ਦੌਰਾਨ ਦਿਨ ਸਮੇਂ ਇੱਕ ਘੰਟਾ ਸਟੇਜ ਦੀ ਕਾਰਵਾਈ ਹੋਇਆ ਕਰੇਗੀ। ਅੱਜ ਦੇ ਰੋਸ ਧਰਨੇ ਵਿੱਚ ਨੌਜਵਾਨ ਵਿਦਿਆਰਥੀਆਂ ਵਿੱਚ ਲੜਕੀਆਂ ਵੀ ਸ਼ਾਮਲ ਸਨ। ਇਨ੍ਹਾਂ ਨੇ ਆਪਣੇ ਹੱਥਾਂ ਵਿੱਚ ਵੱਖ-ਵੱਖ ਨਾਅਰੇ ਅਤੇ ਮੰਗਾਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ।