ਪਾਵਰਕੌਮ ਦੇ ਠੇਕਾ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 24 ਜੂਨ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਅੱਜ ਪੰਜਾਬ ਭਰ ਦੇ ਠੇਕਾ ਬਿਜਲੀ ਕਾਮਿਆਂ ਵੱਲੋਂ ਮੁਕੰਮਲ ਕੰਮ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਡਿਵੀਜ਼ਨ ਪ੍ਰਧਾਨ ਮਨਦੀਪ ਸਿੰਘ ਨੇ ਦੱਸਿਆ ਕਿ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਨਿੱਜੀਕਰਨ ਦੀ ਨੀਤੀ ਲਾਗੂ ਕਰ ਕੇ ਬਿਜਲੀ ਖੇਤਰ ਦਾ ਭੋਗ ਪਾਇਆ ਜਾ ਰਿਹਾ ਹੈ। ਬਿਜਲੀ ਸਪਲਾਈ ਨੂੰ ਬਹਾਲ ਕਰਦਿਆਂ ਸੈਂਕੜੇ ਕਾਮਿਆਂ ਦੀ ਮੌਤ ਹੋ ਚੁੱਕੀ ਹੈ। ਮਾਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਊਟਸੋਰਸਿੰਗ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਬਾਰੇ ਕਈ ਵਾਅਦੇ ਕੀਤੇ ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਅੱਜ ਠੇਕਾ ਕਾਮੇ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ਉੱਤੇ ਆਪਣਾ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਮੂਹ ਆਊਟਸੋਰਸਿੰਗ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਮੂਹ ਠੇਕਾ ਮੁਲਾਜ਼ਮਾਂ ਵੱਲੋਂ 25 ਜੂਨ ਨੂੰ ਮੁਕੰਮਲ ਕੰਮ ਬੰਦ ਕਰ ਕੇ ਪਰਿਵਾਰਾਂ ਤੇ ਬੱਚਿਆਂ ਸਮੇਤ ਪਾਵਰਕੌਮ ਦੇ ਮੁੱਖ ਦਫ਼ਤਰ ਮੂਹਰੇ ਧਰਨਾ ਦਿੱਤਾ ਜਾਵੇਗਾ।