ਪੀਐੱਸਯੂ ਵੱਲੋਂ ਰੋਸ ਮੁਜ਼ਾਹਰਾ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਮਾਰਚ
ਪੰਜਾਬ ਸਟੂਡੈਂਟਸ ਯੂਨੀਅਨ ਨੇ ਚੰਡੀਗੜ੍ਹ ਦੇ ਹੱਲੋ ਮਾਜਰਾ ਇਲਾਕੇ ਵਿੱਚ 6 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਕਰਕੇ ਕਤਲ ਕਰਨ ਦੀ ਘਟਨਾ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅਤੇ ਨੌਜਵਾਨ ਭਾਰਤ ਸਭਾ ਦੇ ਕਾਰਕੁਨ ਵੈਭਬ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਸੂਬਾ ਕਮੇਟੀ ਮੈਂਬਰ ਅਮਨਦੀਪ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਗ੍ਰਿਫਤਾਰ ਕਰਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਰਜੀਤ ਕੌਰ ਅਤੇ ਜ਼ਿਲ੍ਹਾ ਸਕੱਤਰ ਰਮਨਦੀਪ ਕੌਰ ਨੇ ਕਿਹਾ ਕਿ 6 ਸਾਲਾਂ ਦੀ ਮਾਸੂਮ ਬੱਚੀ ਨਾਲ ਵਾਪਰੀ ਘਟਨਾ ਲਈ ਚੰਡੀਗੜ੍ਹ ਪੁਲੀਸ ਪ੍ਰਸ਼ਾਸਨ ਵੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਬੱਚੀ ਦੇ ਮਾਪਿਆਂ ਵੱਲੋਂ ਬੱਚੀ ਦੇ ਲਾਪਤਾ ਹੋਣ ਦੇ ਤੁਰੰਤ ਬਾਅਦ ਹੀ ਸ਼ਿਕਾਇਤ ਦਰਜ ਕਰਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੁਲੀਸ ਨੇ ਅਣਗਹਿਲੀ ਕਰਦਿਆਂ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਇਸ ਤੋਂ ਕੁਝ ਘੰਟੇ ਬਾਅਦ ਹੀ ਲੜਕੀ ਦੀ ਲਾਸ਼ ਬਰਾਮਦ ਹੋ ਗਈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਦੋਸ਼ੀਆਂ ’ਤੇ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਮਾਪਿਆਂ ਨੇ ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੀ ਮਦਦ ਨਾਲ ਧਰਨਾ ਲਗਾਇਆ। ਧਰਨੇ ਦੌਰਾਨ ਚੰਡੀਗੜ੍ਹ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਮੰਗ ਕੀਤੀ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ।