ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ਼ ਵਿਦਿਆਰਥੀਆਂ ਵੱਲੋਂ ਧਰਨਾ
ਕੁਲਦੀਪ ਸਿੰਘ
ਚੰਡੀਗੜ੍ਹ, 18 ਅਕਤੂਬਰ
ਪੰਜਾਬ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ‘ਸੈਨੇਟ’ ਦੀ ਮਿਆਦ ਖ਼ਤਮ ਹੋਣ ਕਿਨਾਰੇ ਪਹੁੰਚਣ ਦੇ ਬਾਵਜੂਦ ਵੀ ਚੋਣ ਨਾ ਕਰਵਾਉਣ ਅਤੇ ’ਵਰਸਿਟੀ ਦੇ ਕੇਂਦਰੀਕਰਨ ਖਿਲਾਫ਼ ਅੱਜ ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਵਾਈਸ ਚਾਂਸਲਰ ਦਫ਼ਤਰ ਅੱਗੇ ਸੰਕੇਤਕ ਧਰਨਾ ਦਿੱਤਾ ਗਿਆ। ਇਕੱਠੇ ਹੋਏ ਵਿਦਿਆਰਥੀਆਂ ਨੇ ਪੀਯੂ ਅਥਾਰਿਟੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਕੀਤੀ ਅਤੇ ਜਦੋਂ ਤੱਕ ਚੋਣਾਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਮੌਜੂਦਾ ਸੈਨੇਟ ਦੀ ਮਿਆਦ ਵਧਾਉਣ ਦੀ ਮੰਗ ਰੱਖੀ।
ਸੱਥ’ ਦੇ ਆਗੂਆਂ ਰਿਮਲਜੋਤ ਸਿੰਘ, ਦਰਸ਼ਪ੍ਰੀਤ ਸਿੰਘ, ਅਸ਼ਮੀਤ ਸਿੰਘ ਅਤੇ ਰਿਸਰਚ ਸਕਾਲਰ ਗਗਨਦੀਪ ਸਿੰਘ ਨੇ ਕਿਹਾ ਕਿ ਸੈਨੇਟ ਦੀ ਮਿਆਦ 31 ਅਕਤੂਬਰ ਨੂੰ ਖ਼ਤਮ ਹੋ ਰਹੀ ਹੈ, ਪਰ ਸੈਨੇਟ ਚੋਣਾਂ ਦੀ ਸਮਾਂ-ਸੀਮਾ ਬਾਰੇ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਚੁੱਪ ਧਾਰੀ ਹੋਈ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਤਹਿਤ, ਪ੍ਰਸ਼ਾਸਨ ਦੀ ‘ਬੋਰਡ ਆਫ਼ ਗਵਰਨੈਂਸ’ ਲਾਉਣ ਦੀ ਨੀਤੀ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਵਾਈਸ ਚਾਂਸਲਰ ਨੇ ਜਥੇਬੰਦੀ ਨਾਲ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਸੋਮਵਾਰ ਤੋਂ ਜਥੇਬੰਦੀ ਵੱਲੋਂ ਲਗਾਤਾਰ 24 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਿੰਡੀਕੇਟ ਦੀ ਗ਼ੈਰ-ਹਾਜ਼ਰੀ ਵਿੱਚ ਵਾਈਸ ਚਾਂਸਲਰ ਵੱਲੋਂ ਕੀਤੀਆਂ ਗਈਆਂ ਗੈਰ-ਜਮਹੂਰੀ ਕਾਰਵਾਈਆਂ ਤਹਿਤ ਫ਼ੀਸਾਂ ਵਿੱਚ ਵਾਧਾ ਹੋਇਆ ਹੈ। ‘ਸੱਥ’ ਪੀਯੂ ਦੇ ਕੇਂਦਰੀਕਰਨ ਵਾਲੇ ਕਦਮ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਇਸ ਨੂੰ ਪੰਜਾਬ ਯੂਨੀਵਰਸਿਟੀ ਤੋਂ ਪੰਜਾਬ ਦੇ ਪ੍ਰਭਾਵ ਨੂੰ ਖਤਮ ਕਰਨ ਦੀ ਕੋਸ਼ਿਸ਼ ਵਜੋਂ ਵੇਖ ਰਹੀ ਹੈ।