ਪੀੜਤਾਂ ਵੱਲੋਂ ਵਿਧਾਇਕ ਦਫ਼ਤਰ ਅੱਗੇ ਮੁਜ਼ਾਹਰਾ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 26 ਜੁਲਾਈ
ਇੱਥੋਂ ਦੇ ਸੈਕਟਰ-78 ਵਿੱਚ ਲੱਗਦੀ ਸਬਜ਼ੀ ਮੰਡੀ ਵਿੱਚ ਕੁੱਝ ਵਿਸ਼ੇਸ਼ ਕਿਸਾਨਾਂ, ਕਾਸ਼ਤਕਾਰਾਂ ਅਤੇ ਮਜ਼ਦੂਰਾਂ ਨੂੰ ਸਬਜ਼ੀ, ਫਲ ਫਰੂਟ ਅਤੇ ਹੋਰ ਖਾਣ-ਪੀਣ ਸਾਮਾਨ ਨਾ ਵੇਚਣ ਦੇਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਅਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਅੱਜ ਪੀੜਤ ਕਿਸਾਨ ਅਤੇ ਮਜ਼ਦੂਰ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਬਾਹਰ ਸਬਜ਼ੀ ਮੰਡੀ ਲਗਾ ਕੇ ਬੈਠ ਗਏ ਅਤੇ ਨਾਅਰੇਬਾਜ਼ੀ ਕੀਤੀ।
ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਪੀੜਤ ਵਿਅਕਤੀ ਮੁਹਾਲੀ ਨਗਰ ਨਿਗਮ ਦਫ਼ਤਰ ਦੇ ਬਾਹਰ ਸਬਜ਼ੀ ਮੰਡੀ ਲਗਾ ਕੇ ਬੈਠ ਗਏ ਸਨ ਪਰ ਦੇਰ ਰਾਤ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੀੜਤਾਂ ਨੂੰ ਸਮਝਾ ਕੇ ਘਰ ਭੇਜ ਦਿੱਤਾ ਸੀ। ਅੱਜ ਇਹ ਲੋਕ ‘ਆਪ’ ਵਿਧਾਇਕ ਦੇ ਦਫ਼ਤਰ ਬਾਹਰ ਆ ਕੇ ਬੈਠ ਗਏ, ਜਿਸ ਕਾਰਨ ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਬਾਅਦ ਵਿੱਚ ਮੇਅਰ ਜੀਤੀ ਸਿੱਧੂ ਅਤੇ ਕਮਿਸ਼ਨਰ ਨਵਜੋਤ ਕੌਰ ਦੇ ਕਹਿਣ ’ਤੇ ਪੀੜਤਾਂ ਨਾਲ ਸਕੱਤਰ ਰੰਜੀਵ ਕੁਮਾਰ ਵੱਲੋਂ ਮੀਟਿੰਗ ਕੀਤੀ ਗਈ। ਸਕੱਤਰ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਇਸ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਬਲਵਿੰਦਰ ਕੁੰਭੜਾ ਅਤੇ ਪੀੜਤਾਂ ਨੇ ਸਬਜ਼ੀ ਮੰਡੀ ਵਿੱਚ ਸਿਆਸੀ ਦਖ਼ਲ-ਅੰਦਾਜ਼ੀ ਅਤੇ ਪ੍ਰਸ਼ਾਸਨਿਕ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਗਰੀਬਾਂ ਤੋਂ ਉਨ੍ਹਾਂ ਦਾ ਰੁਜ਼ਗਾਰ ਖੋਹ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਿਆਸੀ ਦਬਾਅ ਕਾਰਨ ਕਿਸਾਨਾਂ, ਕਾਸ਼ਤਕਾਰਾਂ ਅਤੇ ਮਜ਼ਦੂਰਾਂ ਨੂੰ ਸਬਜ਼ੀ ਮੰਡੀ ਵਿੱਚ ਸਾਮਾਨ ਵੇਚਣ ਤੋਂ ਰੋਕਿਆ ਗਿਆ ਤਾਂ ਉਹ ਆਪਣੇ ਪਰਿਵਾਰਾਂ ਸਮੇਤ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ।