ਟਰੱਕ ਅਪਰੇਟਰਾਂ ਅਤੇ ਟੈਕਸੀ ਚਾਲਕਾਂ ਵੱਲੋਂ ਧਰਨਾ
ਪੱਤਰ ਪ੍ਰੇਰਕ
ਬੋਹਾ, 2 ਜਨਵਰੀ
ਬੋਹਾ ਖੇਤਰ ਦੇ ਟਰੱਕ ਅਪਰੇਟਰਾਂ ਤੇ ਟੈਕਸੀ ਚਾਲਕਾਂ ਵੱਲੋਂ ਅੱਜ ਕੇਂਦਰ ਸਰਕਾਰ ਵੱਲੋਂ ਹਿੱਟ ਐਂਡ ਰਨ ਕਾਨੂੰਨ ਵਿੱਚ ਕੀਤੀ ਸੋਧ ਦੇ ਵਿਰੋਧ ਵਿੱਚ ਦਾਣਾ ਮੰਡੀ ਦੇ ਗੇਟ ਅੱਗੇ ਧਰਨਾ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਟਰੱਕ ਟਰਾਂਸਪੋਰਟ ਭਾਈਚਾਰੇ ਦੇ ਪ੍ਰਧਾਨ ਸੁਖਵਿੰਦਰ ਸਿੰਘ, ਬੂਟਾ ਸਿੰਘ ਸੇਰਖਾਂ, ਕਾਰ ਜੀਪ ਟੈਕਸੀ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ, ਪਿੱਕਅਪ ਡਾਲਾ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ, ਦਲੇਰ ਸਿੰਘ ਤੇ ਗਗਨ ਉੱਪਲ ਨੇ ਕਿਹਾ ਕਿ ਸਰਕਾਰ ਵੱਲੋਂ ਲਿਆਂਦਾ ਇਹ ਕਾਨੂੰਨ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਅਨੁਸਾਰ ਬਹੁਤ ਸਾਰੇ ਡਰਾਈਵਰਾਂ ਨੂੰ ਬਿਨਾਂ ਕਸੂਰ ਤੋਂ ਹੀ ਦਸ ਸਾਲ ਸ਼ਜਾ ਭੁਗਤਣੀ ਪੈ ਸਕਦੀ ਤੇ ਉਨ੍ਹਾਂ ਨੂੰ ਭਾਰੀ ਜੁਰਮਾਨੇ ਵੀ ਭਰਨੇ ਪੈਣਗੇ। ਧਰਨੇ ਵਿੱਚ ਪੁੱਜੇ ਥਾਣਾ ਬੋਹਾ ਦੇ ਐੱਸਐੱਚਓ ਇੰਸਪੈਕਟਰ ਜਗਦੇਵ ਸਿੰਘ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਇਹ ਧਰਨਾ ਚੁੱਕ ਦਿੱਤਾ ਗਿਆ।
ਬਠਿੰਡਾ (ਪੱਤਰ ਪ੍ਰੇਰਕ): ਸ਼ਹਿਰ ਦੀ ਜੱਸੀ ਪੋ ਵਾਲੀ ਵਿੱਚ ਬਣੇ ਤੇਲ ਭੰਡਾਰ ਡਿੱਪੂ ਅੱਗੇ ਪੈਟਰੋਲ ਅਤੇ ਡੀਜ਼ਲ ਵਾਲੇ ਟੈਂਕਰ ਡਰਾਈਵਰਾਂ ਵੱਲੋਂ ਰੋਸ ਪ੍ਰਗਟਾਇਆ ਗਿਆ। ਡਰਾਈਵਰ ਭਾਈਚਾਰੇ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਘਰਾਂ ਤੋਂ ਬਾਹਰ ਦੂਰ-ਦੁਰਾਡੇ ਸੜਕ ਮਾਰਗ ਰਾਹੀਂ ਸਫ਼ਰ ਕਰਨਾ ਪੈਂਦਾ ਹੈ। ਉਹ ਨਿਗੂਣੀਆਂ ਤਨਖਾਹਾਂ ਉੱਤੇ ਕੰਮ ਕਰਦੇ ਹਨ ਤੇ ਜੇਕਰ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ ਉਹ ਲੱਖਾਂ ਰੁਪਏ ਦਾ ਜ਼ੁਰਮਾਨਾ ਕਿਵੇਂ ਭਰਨਗੇ? ਦੂਜੇ ਪਾਸੇ ਜ਼ਿਲ੍ਹੇ ਦੀ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਪਲਾਈ ਨੂੰ ਲੈ ਕ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਮਾਲਵੇ ਨਾਲ ਸਬੰਧਤ ਜ਼ਿਲ੍ਹਿਆਂ ਦੀ ਸਪਲਾਈ ਲਈ ਡੀਜ਼ਲ ਅਤੇ ਪੈਟਰੋਲ ਦੀ ਸਪਲਾਈ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।