ਕੱਚੇ ਘਰਾਂ ਵਾਸਤੇ ਗਰਾਂਟ ਤੇ ਦਸ ਮਰਲੇ ਦੇ ਪਲਾਟਾਂ ਲਈ ਮਜ਼ਦੂਰਾਂ ਵੱਲੋਂ ਧਰਨਾ
ਪੱਤਰ ਪ੍ਰੇਰਕ
ਗੁਰਦਾਸਪੁਰ, 18 ਸਤੰਬਰ
ਕੱਚੇ ਘਰਾਂ ਲਈ ਗਰਾਂਟ ਤੇ ਦਸ ਮਰਲੇ ਦੇ ਪਲਾਟਾਂ ਦੇਣ ਸਮੇਤ ਮਜ਼ਦੂਰਾਂ ਦੀਆਂ ਹੋਰ ਮੰਗਾਂ ਲਈ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਅੱਜ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੇ ਬਾਅਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ। ਧਰਨੇ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਬਲਾਕ ਡੇਰਾ ਬਾਬਾ ਨਾਨਕ, ਗੁਰਦਾਸਪੁਰ, ਦੀਨਾਨਗਰ ਅਤੇ ਦੋਰਾਂਗਲੇ ਤੋਂ ਵੱਡੀ ਗਿਣਤੀ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਸੂਬਾ ਕਮੇਟੀ ਮੈਂਬਰ ਬਲਜੀਤ ਸਿੰਘ ਨਮੋਲ, ਜ਼ਿਲ੍ਹਾ ਕਨਵੀਨਰ ਬਿਮਲ ਕੌਰ, ਜ਼ਿਲ੍ਹਾ ਜਥੇਬੰਦਕ ਆਗੂ ਰਛਪਾਲ ਸਿੰਘ, ਬੂਟਾ ਸਿੰਘ ਅਤੇ ਬਲਬੀਰ ਸਿੰਘ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਈ ਹਕੂਮਤਾਂ ਬਦਲੀਆਂ ਪਰ ਮਿਹਨਤਕਸ਼ ਲੋਕਾਈ ਖਾਸ ਕਰਕੇ ਦਲਿਤ ਦੀ ਹਾਲਤ ਨਹੀਂ ਬਦਲੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਹੱਦਬੰਦੀ ਕਾਨੂੰਨ ਬਣਿਆ ਹੋਇਆ ਹੈ, ਪਰ ਇਹ ਸਿਰਫ਼ ਕਾਗਜ਼ਾਂ ਦਾ ਸ਼ਿੰਗਾਰ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਵੀ ਤਿੱਖੇ ਸੰਘਰਸ਼ਾਂ ਮਗਰੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਹਾਲੇ ਵੀ ਬਹੁਤ ਹੀ ਵੱਡੇ ਪੱਧਰ ’ਤੇ ਪੰਜਾਬ ਵਿੱਚ ਦਲਿਤਾਂ ਨੂੰ ਮੋਹਰਾ ਬਣਾ ਕੇ ਪਹੁੰਚ ਵਾਲੇ ਲੋਕ ਕਾਬਜ਼ ਹੋ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਲੋੜਵੰਦਾਂ ਨੂੰ ਕੱਚੇ ਘਰਾਂ ਲਈ ਗਰਾਂਟ ਅਤੇ 10-10 ਮਰਲੇ ਦੇ ਪਲਾਟ ਦਿੱਤੇ ਜਾਣ। ਉਨ੍ਹਾਂ ਦੋਸ਼ ਲਾਇਆ ਕਿ ਮਨਰੇਗਾ ਵਿੱਚ ਵਿਤਕਰੇਬਾਜ਼ੀ ਕੀਤੀ ਜਾਂਦੀ ਹੈ ਅਤੇ ਗਾਰੰਟੀ ਤਹਿਤ ਮਜ਼ਦੂਰਾਂ ਨੂੰ ਪੂਰੇ ਸੌ ਦਿਨ ਰੁਜ਼ਗਾਰ ਵੀ ਨਹੀਂ ਮਿਲ ਰਿਹਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਦਿਹਾੜੀ 700 ਰੁਪਏ ਕਰਨ, ਕਰਜ਼ਾ ਮੁਆਫ਼ ਕਰਨ ਅਤੇ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਬਣਾ ਕੇ ਸਬਸਿਡੀ ਤਹਿਤ ਕਰਜ਼ਾ ਦੇਣ ਦੀ ਮੰਗ ਵੀ ਕੀਤੀ। ਜਥੇਬੰਦੀ ਦੇ ਆਗੂਆਂ ਸੁਦੇਸ਼ ਕੁਮਾਰੀ, ਮਾਨਾ ਮਸੀਹ, ਸੱਤਪਾਲ ਸਿੰਘ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਸਕੱਤਰ ਗੁਰਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
ਮ੍ਰਿਤਕ ਮਨਰੇਗਾ ਵਰਕਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ
ਸ਼ਾਹਕੋਟ (ਪੱਤਰ ਪ੍ਰੇਰਕ): ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਮਨਰੇਗਾ ਵਰਕਰਾਂ ਨੇ ਪਿੰਡ ਕਾਂਗਣਾ ਦੀ ਸਰਕਾਰੀ ਨਰਸਰੀ ਦੇ ਨਜ਼ਦੀਕ ਰੋਸ ਰੈਲੀ ਕੀਤੀ। ਯੂਨੀਅਨ ਆਗੂ ਕਸ਼ਮੀਰ ਮੰਡਿਆਲਾ ਅਤੇ ਵਿਜੇ ਬਾਠ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਿਸ਼ਨਪੁਰਾ ਵਿਚ ਸੜਕ ਹਾਦਸੇ ਵਿਚ ਮਾਰੇ ਗਏ ਚਾਰ ਮਨਰੇਗਾ ਵਰਕਰਾਂ ਦੀ ਮੌਤ ਲਈ ਸਰਕਾਰੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਹਰ ਤਰ੍ਹਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।