ਨਹਿਰੂ ਕਾਲਜ ਵਿੱਚ ਪੀਟੀਏ ਫੰਡ ਮੁਆਫ਼ ਕਰਵਾਉਣ ਲਈ ਧਰਨਾ ਜਾਰੀ
ਪੱਤਰ ਪ੍ਰੇਰਕ
ਮਾਨਸਾ, 30 ਜੁਲਾਈ
ਵਿਦਿਆਰਥੀ ਜਥੇਬੰਦੀ ਸਟੂਡੈਂਟਸ ਪਾਵਰ ਆਫ਼ ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਦਿਨ ਦਾ ਪੱਕਾ ਧਰਨਾ ਅੱਠਵੇਂ ਦਿਨ ਵੀ ਜਾਰੀ ਰਿਹਾ। ਜਥੇਬੰਦੀ ਅਨੁਸਾਰ ਇਹ ਧਰਨਾ ਐਸ.ਸੀ ਵਿਦਿਆਰਥੀਆਂ ਤੋਂ ਕਾਲਜ ਪ੍ਰਸ਼ਾਸਨ ਵੱਲੋਂ ਜ਼ਬਰਦਸਤੀ ਪੀਟੀਏ ਫੰਡ ਵਸੂਲ ਕਰਨ ਦੇ ਖਿਲਾਫ਼ ਚੱਲ ਰਿਹਾ ਹੈ।
ਜਥੇਬੰਦੀ ਦੇ ਸੂਬਾ ਸਕੱਤਰ ਗੁਰਵਿੰਦਰ ਸਿੰਘ ਨੰਦਗੜ੍ਹ ਨੇ ਕਿਹਾ ਕਿ ਕਾਲਜ ਪ੍ਰਸ਼ਾਸਨ ਵੱਲੋਂ ਐਸ.ਸੀ ਵਿਦਿਆਰਥੀਆਂ ਤੋਂ ਜਬਰਦਸਤੀ ਪੀਟੀਏ ਫੰਡ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਧਰਨਾ 8ਵੇਂ ਦਿਨ ਜਾਰੀ ਹੈ, ਪਰ ਕਾਲਜ ਪ੍ਰਸ਼ਸ਼ਨ ਆਪਣੀ ਜਿੱਦ ਉੱਪਰ ਅੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ 16 ਜੁਲਾਈ ਨੂੰ ਜਿਲ੍ਹਾ ਭਲਾਈ ਅਫ਼ਸਰ ਨੂੰ ਇਸ ਮਾਮਲੇ ਸਬੰਧੀ ਮੰਗ ਪੱਤਰ ਦਿੱਤਾ ਗਿਆ ਹੈ।
ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਦਾ ਦਾਖ਼ਲਾ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੋਸਟ ਮੈਟਿ੍ਰਕ ਸਕਾਲਰਸ਼ਿਪ ਆਧਾਰ ’ਤੇ ਕੀਤਾ ਜਾਣਾ ਚਾਹੀਦਾ ਹੈ, ਪਰ ਕਾਲਜ ਵੱਲੋਂ ਜਬਰੀ ਇਹ ਪੀਟੀਏ ਫੰਡ ਵਸੂਲਿਆ ਜਾ ਰਿਹਾ ਹੈ, ਜੋ ਵਿਦਿਆਰਥੀਆਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਉਨ੍ਹਾਂ ਦਾ ਇਹ ਮਸਲਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।