ਨਾਮਜ਼ਦਗੀਆਂ ਰੱਦ ਕਰਨ ਖ਼ਿਲਾਫ਼ ਕਾਂਗਰਸ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ
ਹਰਜੀਤ ਸਿੰਘ
ਡੇਰਾਬਸੀ, 7 ਅਕਤੂਬਰ
ਪੰਚਾਇਤਾਂ ਚੋਣਾਂ ਦੌਰਾਨ ਨਾਮਗਜ਼ਦਗੀਆਂ ਰੱਦ ਕੀਤੇ ਜਾਣ ਖ਼ਿਲਾਫ਼ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੱਜ ਕਾਂਗਰਸੀ ਵਰਕਰਾਂ ਨੇ ਇੱਥੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੱਤਾ।
ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਧਰਨੇ ਨੂੰ ਸੰਬੋਧਨ ਕਰਦਿਆਂ ਦੀਪਇੰਦਰ ਢਿੱਲੋਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਦੌਰਾਨ ਵਿਰੋਧੀ ਧਿਰ ਨਾਲ ਸਬੰਧਤ ਸਰਪੰਚਾਂ ਅਤੇ ਪੰਚਾਂ ਦੀਆਂ ਨਾਮਜ਼ਦਗੀਆਂ ਬਗੈਰ ਕਿਸੇ ਠੋਸ ਕਾਰਨ ਦੇ ਰੱਦ ਕਰਕੇ ਸ਼ਰੇਆਮ ਲੋਕਤੰਤਰ ਦੀ ਹੱਤਿਆ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਇਸ਼ਾਰੇ ’ਤੇ ਪ੍ਰਸ਼ਾਸਨ ਨੇ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨਾਂ ਦੀ ਇੱਕ ਨਹੀਂ ਸੁਣੀ ਅਤੇ ਆਪਣੇ ਚਹੇਤਿਆਂ ਨੂੰ ਸਿਆਸੀ ਲਾਭ ਪਹੁੰਚਾਣ ਲਈ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ ਹਨ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਥ ਕਾਂਗਰਸੀ ਆਗੂ ਤੇ ਜੀਰਕਪੁਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿਲੋਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਵਿਰੋਧੀਆਂ ਦੇ ਨਾਮਜ਼ਦਗੀ ਪੱਤਰ ਰੱਦ ਕਰਕੇ ਪੰਚਾਇਤੀ ਚੋਣਾਂ ਵਿਚ ਆਪਣੀ ਹਾਰ ਕਬੂਲ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਹਲਕੇ ਦੇ ਲੋਕਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਅਦਾਲਤ ਦਾ ਬੂਹਾ ਖੜਕਾਉਣਗੇ।
ਸ਼ਹਿਰ ਵਾਸੀ ਹੋਏ ਪ੍ਰੇਸ਼ਾਨ
ਡੇਰਾਬੱਸੀ ਦੇ ਲੋਕ ਪਹਿਲਾਂ ਹੀ ਟਰੈਫਿਕ ਦੀ ਸਮੱਸਿਆ ਨਾਲ ਬੁਰੀ ਤਰ੍ਹਾਂ ਜੂਝ ਰਹੇ ਹਨ। ਕੱਲ੍ਹ ਵੀ ਸਾਰਾ ਦਿਨ ਲੋਕ ਜਾਮ ਵਿਚ ਫਸੇ ਰਹੇ। ਅੱਜ ਕਾਂਗਰਸ ਦੇ ਧਰਨੇ ਕਾਰਨ ਪੁਲ ਹੇਠ ਇੱਕ ਪਾਸੇ ਟ੍ਰੈਫ਼ਿਕ ਵਿਚ ਵਿਘਨ ਰਿਹਾ। ਸਿਵਲ ਹਸਪਤਾਲ, ਸਰਕਾਰੀ ਸਕੂਲ ਅਤੇ ਕਾਲਜ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਲੋਕ ਕਾਲੋਨੀਆਂ ਦੀਆਂ ਤੰਗ ਗਲੀਆਂ ਵਿਚੋਂ ਜਾਣ ਲਈ ਮਜਬੂਰ ਹੋਏ।
ਅਮਲੋਹ ਬਲਾਕ ਦੇ ਦੋ ਸੌ ਤੋਂ ਵੱਧ ਕਾਗਜ਼ ਰੱਦ ਹੋਏ: ਰਣਦੀਪ
ਅਮਲੋਹ (ਰਾਮ ਸਰਨ ਸੂਦ): ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਦੋਸ਼ ਲਾਇਆ ਕਿ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਫ਼ਸਰਸਾਹੀ ਰਾਹੀਂ ਅਮਲੋਹ ਬਲਾਕ ਦੇ 200 ਤੋਂ ਵੱਧ ਪੰਚ ਅਤੇ ਸਰਪੰਚੀ ਦੇ ਉਮੀਦਵਾਰਾਂ ਦੇ ਕਾਗਜ਼ ਕਥਿਤ ਗੈਰਕਾਨੂੰਨੀ ਢੰਗ ਨਾਲ ਰੱਦ ਕਰਵਾ ਕੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ 41 ਪਿੰਡਾਂ ਦੀ ਸੂਚੀ ਦਿੱਤੀ ਜਿਨ੍ਹਾਂ ਦੇ ਕਾਗਜ਼ ਗਲਤ ਰੱਦ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿ ਇਸ ਖ਼ਿਲਾਫ਼ ਹਾਈਕੋਰਟ ਦਾ ਦਰਵਾਜਾ ਖੜਕਾਇਆ ਜਾਵੇਗਾ।
ਮੁਹਾਲੀ ਪੁਲੀਸ ਵੱਲੋਂ ਪਿੰਡਾਂ ਵਿੱਚ ਫਲੈਗ ਮਾਰਚ
ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਮ ਲੋਕਾਂ ਵਿੱਚ ਕਾਨੂੰਨ ਵਿਵਸਥਾ ਪ੍ਰਤੀ ਭਰੋਸਾ ਕਾਇਮ ਰੱਖਣ ਲਈ ਮੁਹਾਲੀ ਪੁਲੀਸ ਨੇ ਅੱਜ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ। ਇਹ ਫਲੈਗ ਮਾਰਚ ਇੱਥੋਂ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋ ਕੇ ਫੇਜ਼-11 ਤੋਂ ਅੱਗੇ ਵੱਖ-ਵੱਖ ਪਿੰਡਾਂ ਵਿੱਚ ਹੁੰਦੇ ਹੋਏ ਮੁਹਾਲੀ ਏਅਰਪੋਰਟ ਸੜਕ ਰਾਹੀਂ ਕਸਬਾ ਸਨੇਟਾ ਪੁੱਜਾ ਅਤੇ ਉਸ ਤੋਂ ਬਾਅਦ ਭਾਗੋਮਾਜਰਾ ਅਤੇ ਲਾਂਡਰਾਂ ਤੋਂ ਹੁੰਦੇ ਹੋਏ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪਹੁੰਚ ਕੇ ਸਮਾਪਤ ਹੋਇਆ।