ਪ੍ਰਾਪਰਟੀ ਡੀਲਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ
ਪ੍ਰਾਪਰਟੀ ਡੀਲਰਾਂ ਅਤੇ ਕਲੋਨਾਈਜ਼ਰਾਂ ਵੱਲੋਂ ਜ਼ਮੀਨਾਂ ਦੇ ਕੁਲੈਕਟਰ ਰੇਟਾਂ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਵਾਧੇ ਨੂੰ ਨਾਜਾਇਜ਼ ਦੱਸਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ। ਅੱਜ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਘੜੇ ਭੰਨ੍ਹ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਸ਼ਹਿਰ ਵਿੱਚ ਰੋਸ ਰੈਲੀ ਕੀਤੀ ਅਤੇ ਸੜਕੀ ਆਵਾਜਾਈ ਵੀ ਠੱਪ ਕੀਤੀ। ਜਥੇਬੰਦੀ ਦੇ ਪ੍ਰਧਾਨ ਅਸ਼ੋਕ ਚੁੱਘ ਅਤੇ ਕਰਮਜੀਤ ਭੰਮ ਨੇ ਕਿਹਾ ਕਿ ਮੁਕਤਸਰ ਸ਼ਹਿਰ ਦੀਆਂ ਜਾਇਦਾਦਾਂ ਕੁਲੈਕਟਰ ਰੇਟ ’ਚ ਇਕ ਸਾਲ ਵਿੱਚ ਤਿੰਨ ਵਾਰ ਵਾਧਾ ਕੀਤਾ ਗਿਆ ਹੈ ਜਦੋਂ ਕਿ ਪਹਿਲਾਂ ਕਈ-ਕਈ ਸਾਲਾਂ ਬਾਅਦ ਵਾਧਾ ਕੀਤਾ ਜਾਂਦਾ ਸੀ। ਇਸ ਕਰਕੇ ਪ੍ਰਾਪਰਟੀ ਦਾ ਕਾਰੋਬਾਰ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਐੱਨਓਸੀ ਵੀ ਜਾਰੀ ਨਹੀਂ ਕੀਤੇ ਜਾ ਰਹੇ। ਇਸ ਸਬੰਧੀ ਉਹ ਡਿਪਟੀ ਕਮਿਸ਼ਨਰ ਨੂੰ ਕਈ ਵਾਰ ਮਿਲ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਕਰਨਾ ਪਿਆ ਅਤੇ ਇਹ ਸੰਘਰਸ਼ ਵਧਾਏ ਕੁਲੈਕਟਰ ਰੇਟਾਂ ਦੀ ਵਾਪਸੀ ਤੱਕ ਜਾਰੀ ਰਹੇਗਾ। ਮਾਲ ਅਧਿਕਾਰੀਆਂ ਨਾਲ ਸੰਪਰਕ ਕਰਨ ’ਤੇ ਦੱਸਿਆ ਕਿ ਵਿਭਾਗ ਦੇ ਨੇਮਾਂ ਅਨੁਸਾਰ ਬਾਜ਼ਾਰੀ ਕੀਮਤਾਂ ਦੇ ਅਨੁਰੂਪ ਹੀ ਕੁਲੈਕਟਰ ਰੇਟ ’ਚ ਵਾਧਾ ਕੀਤਾ ਜਾਂਦਾ ਹੈ।