For the best experience, open
https://m.punjabitribuneonline.com
on your mobile browser.
Advertisement

ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਡੀਐੱਸਪੀ ਦਫ਼ਤਰ ਅੱਗੇ ਧਰਨਾ

10:15 AM Jul 13, 2024 IST
ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਡੀਐੱਸਪੀ ਦਫ਼ਤਰ ਅੱਗੇ ਧਰਨਾ
ਡੀਐੱਸਪੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਆਗੂ ਅਤੇ ਹੋਰ।
Advertisement

ਪੱਤਰ ਪ੍ਰੇਰਕ
ਪੱਟੀ, 12 ਜੁਲਾਈ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਪੱਟੀ ਦੇ ਬਾਜ਼ਾਰਾਂ ਵਿੱਚ ਪੁਲੀਸ ਖ਼ਿਲਾਫ਼ ਰੋਸ ਮਾਰਚ ਕਰ ਕੇ ਡੀਐੱਸਪੀ ਪੱਟੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ 25 ਮਈ ਨੂੰ ਕੁਝ ਵਿਅਕਤੀਆਂ ਨੇ ਅਰਸ਼ਦੀਪ ਸਿੰਘ ’ਤੇ ਹਮਲਾ ਕਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ’ਚ ਪੁਲੀਸ ਥਾਣਾ ਪੱਟੀ ਸਿਟੀ ’ਚ ਕੇਸ ਦਰਜ ਕੀਤਾ ਗਿਆ ਸੀ ਪਰ ਪੁਲੀਸ ਵੱਲੋਂ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਜਿਸ ਕਾਰਨ ਪ੍ਰਦਰਸ਼ਨ ਕੀਤਾ ਗਿਆ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨਾ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ 25 ਮਈ ਨੂੰ ਅਰਸ਼ਦੀਪ ਸਿੰਘ ਦੇ ਕੁਝ ਵਿਅਕਤੀਆਂ ਵੱਲੋਂ ਸੱਟਾਂ ਮਾਰ ਕੇ ਅਧਮੋਇਆ ਕਰ ਕੇ ਸੁੱਟ ਦਿੱਤਾ ਗਿਆ ਸੀ। ਪਰਿਵਾਰ ਨੂੰ ਪਤਾ ਲੱਗਣ ’ਤੇ ਪਰਿਵਾਰ ਨੇ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਤੇ ਥਾਣਾ ਸਿਟੀ ਪੱਟੀ ਵਿੱਚ ਕੇਸ ਦਰਜ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਇੰਨਾ ਸਮਾਂ ਬੀਤਣ ’ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇ ਪੁਲੀਸ ਪ੍ਰਸ਼ਾਸਨ ਵੱਲੋਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ 17 ਜੁਲਾਈ ਨੂੰ ਡੀਐੱਸਪੀ ਪੱਟੀ ਦੇ ਦਫ਼ਤਰ ਅੱਗੇ ਇਨਸਾਫ਼ ਲੈਣ ਤੱਕ ਧਰਨਾ ਦਿੱਤਾ ਜਾਵੇਗਾ।
ਇਸ ਮਾਮਲੇ ’ਤੇ ਡੀਐੱਸਪੀ ਪੱਟੀ ਕੰਵਲਪ੍ਰੀਤ ਸਿੰਘ ਮੰਡ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਤਿੰਨ ਦਿਨਾਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਸੀਨੀਅਰ ਆਗੂ ਸਵਿੰਦਰ ਸਿੰਘ ਚੱਕ, ਦਿਆਲ ਸਿੰਘ ਲੋਹਕਾ, ਲਾਜ਼ਰ ਮਸੀਹ ਚੂਸਲੇਵੜ, ਚੰਦ ਸਿੰਘ ਤੂਤ, ਬਲਦੇਵ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement