ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ
ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 18 ਦਿਨਾਂ ਤੋਂ ਇਥੇ ਡੀਸੀ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਕਾਲੀਆਂ ਝੰਡੀਆਂ ਚੁੱਕ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਮਗਰੋਂ ਉਨ੍ਹਾਂ ਸੰਗਰੂਰ-ਲੁਧਿਆਣਾ ਮੁੱਖ ਸੜਕ ’ਤੇ ਓਵਰਬ੍ਰਿਜ ਨੇੜੇ ਟੀ-ਪੁਆਇੰਟ ’ਤੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ। ਉਹ ਮੰਗਾਂ ਪ੍ਰਤੀ ਸਰਕਾਰ ਵੱਲੋਂ ਸੁਣਵਾਈ ਨਾ ਹੋਣ ਤੋਂ ਖਫ਼ਾ ਹਨ। ਇਸ ਦੌਰਾਨ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਨਿਰਭੈ ਸਿੰਘ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦੀ ਹਮਾਇਤ ’ਚ ਭੁੱਖ ਹੜਤਾਲ ’ਤੇ ਬੈਠੇ। ਬਾਅਦ ਦੁਪਹਿਰ ਕਰੀਬ ਚਾਰ ਵਜੇ ਕੰਪਿਊਟਰ ਅਧਿਆਪਕ ਭੁੱਖ ਹੜਤਾਲੀ ਕੈਂਪ ਵਿਚ ਸ਼ਾਮਲ ਹੋਏ ਜਿਥੋਂ ਰੋਸ ਮਾਰਚ ਕਰਦੇ ਵਿੱਤ ਮੰਤਰੀ ਦੀ ਕੋਠੀ ਨੇੜੇ ਪੁੱਜੇ। ਇੱਥੇ ਪੁਲੀਸ ਵੱਲੋਂ ਨਾਕਾ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਮਗਰੋਂ ਅਧਿਆਪਕਾਂ ਨੇ ਸੰਗਰੂਰ-ਲੁਧਿਆਣਾ ਮੁੱਖ ਸੜਕ ’ਤੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ। ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ‘ਆਪ’ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਢਾਈ ਸਾਲ ਬਾਅਦ ਵੀ ਅਜੇ ਤੱਕ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।