ਖੇਤ ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ
ਪੱਤਰ ਪ੍ਰੇਰਕ
ਸੰਗਰੂਰ, 1 ਅਕਤੂਬਰ
ਪੰਜਾਬ ਭਰ ਦੇ ਖੇਤ ਮਜ਼ਦੂਰਾਂ ਵੱਲੋਂ ਮਜ਼ਦੂਰ ਮੰਗਾਂ ਸਬੰਧੀ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਗਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੁਲੀਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਤੋਂ ਪਹਿਲਾਂ ਹੀ ਮਾਰਚ ਨੂੰ ਰੋਕ ਦਿੱਤਾ ਜਿੱਥੇ ਮਜ਼ਦੂਰਾਂ ਨੇ ਸੜਕ ਉੱਪਰ ਧਰਨਾ ਲਗਾ ਦਿੱਤਾ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਮਜ਼ਦੂਰ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ਦੇ ਪਟਿਆਲਾ ਬਾਈਪਾਸ ਓਵਰਬ੍ਰਿਜ ਨੇੜੇ ਇਕੱਠੇ ਹੋਏ। ਇੱਥੋਂ ਬਾਅਦ ਦੁਪਹਿਰ ਮਾਰਚ ਕਰਦੇ ਹੋਏ ਜਿਉਂ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰਸਤੇ ’ਚ ਹੀ ਰੋਕ ਲਿਆ। ਮਜ਼ਦੂਰਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਤੇ ਸੂਬਾ ਪ੍ਰੈਸ ਸਕੱਤਰ ਪ੍ਰਗਟ ਸਿੰਘ ਕਾਲਾਝਾੜ ਨੇ ਕਿਹਾ ਕਿ ਸਰਕਾਰ ਵੱਲੋਂ ਮਜ਼ਦੂਰ ਮਸਲਿਆਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਜਿਵੇਂ ਕਿ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰ ਕੇ ਨਿਕਲਦੀ ਜ਼ਮੀਨ ਖੇਤ ਮਜ਼ਦੂਰਾਂ ਤੇ ਗ਼ਰੀਬ ਕਿਸਾਨਾਂ ਵਿੱਚ ਵੰਡਾਉਣ ਲਈ, ਮਜ਼ਦੂਰਾਂ ਨੂੰ 10-10 ਦੇ ਮਰਲੇ ਪਲਾਟ ਦਿਵਾਉਣਾ ਆਦਿ ਮੰਗਾਂ ਅਜੇ ਵੀ ਲਟਕ ਰਹੀਆਂ ਹਨ। ਡੀਐੱਸਪੀ ਸੁਖਦੇਵ ਸਿੰਘ, ਡੀਐੱਸਪੀ ਸੰਜੀਵ ਸਿੰਗਲਾ ਅਤੇ ਡਿਊਟੀ ਮੈਜਿਸਟ੍ਰੇਟ ਗੁਰਵਿੰਦਰ ਕੌਰ ਨੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਮਗਰੋਂ ਪ੍ਰਸ਼ਾਸਨ ਵੱਲੋਂ ਯੂਨੀਅਨ ਦੇ ਸੂਬਾਈ ਵਫ਼ਦ ਦੀ ਸਰਕਾਰ ਦੀ ਕੈਬਨਿਟ ਸਬ-ਕਮੇਟੀ ਨਾਲ 22 ਅਕਤੂਬਰ ਦੀ ਮੀਟਿੰਗ ਨਿਸ਼ਚਿਤ ਕਰਵਾਈ ਜਿਸ ਮਗਰੋਂ ਮਜ਼ਦੂਰਾਂ ਨੇ ਧਰਨਾ ਸਮਾਪਤ ਕੀਤਾ।