ਕਿਸਾਨਾਂ ਵੱਲੋਂ ਨਵਾਂਸ਼ਹਿਰ ਵਿੱਚ ਰੋਸ ਮਾਰਚ
ਪੱਤਰ ਪ੍ਰੇਰਕ
ਨਵਾਂਸ਼ਹਿਰ, 1 ਮਾਰਚ
ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਅਣਪਛਾਤਿਆਂ ਖ਼ਿਲਾਫ਼ ਦਰਜ ਕੇਸ ਨੂੰ ਸਿਰੇ ਤੋਂ ਨਕਾਰਦਿਆਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ੁਭਕਰਨ ਦੇ ਮਾਮਲੇ ਅਤੇ ਕਿਸਾਨਾਂ ’ਤੇ ਤਸ਼ੱਦਦ ਖ਼ਿਲਾਫ਼ ਅਸਲ ਮੁਲਜ਼ਮਾਂ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 302 ਅਤੇ 307 ਤਹਿਤ ਕੇਸ ਦਰਜ ਕੀਤੇ ਜਾਵੇ ਅਤੇ ਭੰਨੇ ਵਾਹਨਾਂ ਦਾ ਮੁਆਵਜ਼ਾ ਦਿੱਤਾ ਜਾਵੇ। ਇਨ੍ਹਾਂ ਮੰਗਾਂ ਨੂੰ ਲਈ ਉਨ੍ਹਾਂ ਨਵਾਂਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ। ਇਸਤੋਂ ਪਹਿਲਾਂ ਸਥਾਨਕ ਬਾਰਾਂਦਰੀ ਬਾਗ਼ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਨੇ ਦੋਸ਼ ਲਾਇਆ ਕਿ ਪੰਜਾਬ ਦੀ ਹੱਦ ਵਿਚ ਹਰਿਆਣਾ ਦੀ ਪੁਲੀਸ ਨੇ ਕਿਸਾਨਾਂ ’ਤੇ ਜਬਰ ਢਾਹਿਆ ਅਤੇ ਉਨ੍ਹਾਂ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਦੀ ਭੰਨ-ਤੋੜ ਕੀਤੀ ਹੈ।