ਮਨਿਸਟੀਰੀਅਲ ਕਾਮਿਆਂ ਵੱਲੋਂ 16 ਨੂੰ ਡੇਰਾ ਬਾਬਾ ਨਾਨਕ ਵਿੱਚ ਰੋਸ ਮਾਰਚ
ਪੱਤਰ ਪ੍ਰੇਰਕ
ਪਾਇਲ, 9 ਨਵੰਬਰ
ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦੀ ਸੂਬਾ ਬਾਡੀ ਵੱਲੋਂ ਦਫ਼ਤਰੀ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਨੂੰ ਵਾਰ-ਵਾਰ ਮੰਗ ਪੱਤਰ ਭੇਜਣ ’ਤੇ ਵੀ ਮੰਗਾਂ ਨੂੰ ਪੂਰਾ ਨਾ ਕਰਨ ਦੇ ਰੋਸ ਵਿਚ 16 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿੱਚ ਸੂਬਾ ਪੱਧਰੀ ਰੋਸ ਰੈਲੀ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਪ੍ਰਧਾਨ ਸਰਬਜੀਤ ਸਿੰਘ ਢਿਗਰਾ ਤੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ ਮੰਗਾਂ ਪ੍ਰਤੀ ਕੋਈ ਹਾਂ-ਪੱਖੀ ਹੁੰਗਾਰਾ ਨਾ ਦੇਣ ਕਾਰਨ ਸਮੂਹ ਦਫ਼ਤਰੀ ਕਾਮਿਆਂ ਦੇ ਮਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ’ਦੇ ਵਿਰੋਧ ਵਿਚ 16 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿੱਚ ਮਨਿਸਟੀਰੀਅਲ ਮੁਲਾਜ਼ਮ ਰੋਸ ਰੈਲੀ/ਰੋਸ ਮਾਰਚ ਕਰਨਗੇ। ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ ਸੂਬਾ ਪੱਧਰੀ ਹੋਈ ਆਨਲਾਈਨ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਇਸ ਰੋਸ ਰੈਲੀ ਤੇ ਰੋਸ ਮਾਰਚ ਵਿਚ ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਮਨਿਸਟੀਰੀਅਲ ਕਾਮੇ ਹਿੱਸਾ ਲੈਣਗੇ ਤੇ ਕੰਮ ਕਾਜ ਠੱਪ ਰੱਖਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।